ਮੁੱਖ ਮੰਤਰੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਨੂੰ ਸਕੀਮ ਦਾ ਲਾਭ ਦੇਣਾ ਚਾਹੀਦੈ : ਆਰੀਆਂਵਾਲ ਮੁੱਖ ਮੰਤਰੀ ਮਾਨ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਲੋਕਾਂ ਨੂੰ ਸਕੀਮ ਦਾ ਲਾਭ ਦੇਣਾ ਚਾਹੀਦਾ ਹੈ : ਗੋਪੀ ਆਰੀਆਂਵਾਲ
Publish Date: Tue, 07 Jul 2026 08:07 PM (IST)
Updated Date: Tue, 07 Jul 2026 08:09 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਕਾਂਗਰਸ ਪਾਰਟੀ ਕਪੂਰਥਲਾ ਦੇ ਐੱਸਸੀ/ਐੱਸਟੀ ਵਿਭਾਗ ਦੇ ਚੇਅਰਮੈਨ ਚਰਨਜੀਤ ਸਿੰਘ ਹੰਸ ਅਤੇ ਯੂਥ ਹਲਕਾ ਕਾਂਗਰਸ ਕਪੂਰਥਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਅਰੀਆਂਵਾਲ ਦੀ ਅਗਵਾਈ ਹੇਠ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਵੱਖ-ਵੱਖ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਮਾਵਾਂ ਧੀਆਂ ਯੋਜਨਾ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਦੇਣਾ ਚਾਹੀਦਾ ਹੈ। ਇਸ ਤੋਂ ਬਾਅਦ ਚੇਅਰਮੈਨ ਚਰਨਜੀਤ ਸਿੰਘ ਹੰਸ ਅਤੇ ਯੂਥ ਹਲਕਾ ਕਾਂਗਰਸ ਕਪੂਰਥਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਅਰੀਆਂਵਾਲ ਵੱਲੋ ਆਪਣੇ ਸਾਥਿਆਂ ਸਮੇਤ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਂ ਇੱਕ ਮੰਗ ਪੱਤਰ ਸਹਾਇਕ ਕਮਿਸ਼ਨਰ ਨੂੰ ਸੌਂਪਿਆ ਗਿਆ। ਮੰਗ ਪੱਤਰ ਸੌਂਪਦੇ ਹੋਏ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ ਧੀਆਂ ਯੋਜਨਾ ਦਾ ਉਦੇਸ਼ ਆਰਥਿਕ ਤੌਰ ’ਤੇ ਲੋੜਵੰਦ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਪਰੰਤੂ ਹਲਕਾ ਕਪੂਰਥਲਾ ਦੇ ਵੱਖ-ਵੱਖ ਖੇਤਰਾਂ ਤੋਂ ਇਹ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਇਸ ਯੋਜਨਾ ਦੇ ਫਾਰਮ ਭਰਨ ਦੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਹੀਂ ਵਰਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਥਾਵਾਂ ’ਤੇ ਆਮ ਆਦਮੀ ਪਾਰਟੀ ਵਲੋਂ ਜੋ ਸਕੀਮ ਨਾਲ ਜੁੜੇ ਹੋਰ ਕਰਮਚਾਰੀਆਂ ਵੱਲੋਂ ਪਹਿਲ ਦੇ ਆਧਾਰ ’ਤੇ ਆਰਥਿਕ ਤੌਰ ’ਤੇ ਸੰਪੰਨ ਪਰਿਵਾਰਾਂ, ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਰਹਿੰਦੇ (ਐੱਨਆਰਆਈ) ਪਰਿਵਾਰਾਂ ਨਾਲ ਸੰਬੰਧਿਤ ਯੋਗਤਾ ਵਾਲੇ ਜਾਂ ਅਯੋਗ ਵਿਅਕਤੀਆਂ ਦੇ ਫਾਰਮ ਪਹਿਲਾਂ ਭਰੇ ਜਾ ਰਹੇ ਹਨ, ਜਦਕਿ ਅਸਲ ਵਿੱਚ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਕਾਰਨ ਗਰੀਬ ਅਤੇ ਹੱਕਦਾਰ ਮਹਿਲਾਵਾਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਯੋਜਨਾ ਦਾ ਲਾਭ ਕੇਵਲ ਯੋਗ ਅਤੇ ਹੱਕਦਾਰ ਔਰਤਾਂ ਨੂੰ ਹੀ ਮਿਲੇ ਅਤੇ ਫਾਰਮ ਭਰਨ ਦੀ ਸਮੂਹ ਪ੍ਰਕਿਰਿਆ ਬਿਨਾਂ ਕਿਸੇ ਭੇਦਭਾਵ, ਸਿਫ਼ਾਰਸ਼ ਜਾਂ ਪੱਖਪਾਤ ਤੋਂ ਪੂਰੀ ਪਾਰਦਰਸ਼ਿਤਾ ਨਾਲ ਕਰਵਾਈ ਜਾਵੇ ਤਾਂ ਜੋ ਸਰਕਾਰ ਦੀ ਇਸ ਲੋਕ-ਭਲਾਈ ਸਕੀਮ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚ ਸਕੇ। ਇਸ ਮੌਕੇ ਬਲਾਕ ਕਪੂਰਥਲਾ ਅਸੈਂਬਲੀ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਯੂਥ ਆਗੂ ਅਤੇ ਸੀਨੀਅਰ ਨੇਤਾ ਹਰਪ੍ਰੀਤ ਸਿੰਘ, ਅਵਤਾਰ ਸਿੰਘ, ਸਾਬਕਾ ਸਰਪੰਚ ਰਾਜ ਕੁਮਾਰ, ਵਿਨੋਦ ਕੁਮਾਰ ਅਤੇ ਹੋਰ ਹਾਜ਼ਰ ਸਨ ।