- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ਨੀਵਾਰ ਨੂੰ ਮਹਿਲਾ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਤਾਂ ਜੋ 1 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਮਿਲ ਸਕੇ। ਡਾ. ਚੱਬੇਵਾਲ ਨੇ ਅੱਜ ਇਥੇ ਸਤਿਕਾਰ ਸਖੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਘਰ-ਘਰ ਜਾ ਕੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਯੋਜਨਾ ਅਧੀਨ ਹਰ ਯੋਗ ਮਹਿਲਾ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਨਾਲ ਕੀਤੇ ਇਸ ਅਹਿਮ ਵਾਅਦੇ ਨੂੰ ਪੂਰਾ ਕਰਕੇ ਮਹਿਲਾਵਾਂ ਦਾ ਮਾਣ ਵਧਾਇਆ ਹੈ।
ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮੀਖਿਆ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਫਗਵਾੜਾ ਵਿਚ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿਚ ਹਰ ਮਹੀਨੇ ਕਰੀਬ 12 ਕਰੋੜ ਰੁਪਏ ਦੀ ਰਕਮ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਕਈ ਲੋਕ-ਹਿਤੈਸ਼ੀ ਤੇ ਇਤਿਹਾਸਕ ਫੈਸਲੇ ਲੈ ਰਹੀ ਹੈ। ਮਹਿਲਾ ਸਤਿਕਾਰ ਸਖੀਆਂ ਨੂੰ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਹਰੇਕ 50 ਲਾਭਪਾਤਰੀ ਮਹਿਲਾਵਾਂ ਲਈ ਇਕ ਸਤਿਕਾਰ ਸਖੀ ਨਿਯੁਕਤ ਕੀਤੀ ਗਈ ਹੈ, ਜੋ ਘਰ-ਘਰ ਜਾ ਕੇ ਮਹਿਲਾਵਾਂ ਨੂੰ ਰਜਿਸਟ੍ਰੇਸ਼ਨ ਵਿਚ ਸਹਾਇਤਾ ਪ੍ਰਦਾਨ ਕਰੇਗੀ ਤੇ ਆਧਾਰ ਕਾਰਡ ਨੂੰ ਲਿੰਕ ਕਰਵਾਉਣ, ਬੈਂਕ ਖਾਤਿਆਂ ਦੀ ਜਾਣਕਾਰੀ ਅਪਡੇਟ ਕਰਵਾਉਣ, ਵੋਟਰ ਕਾਰਡ ਦੀ ਪੁਸ਼ਟੀ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਲਈ ਜਾਤੀ ਸਰਟੀਫਿਕੇਟ ਪ੍ਰਾਪਤ ਕਰਨ ਵਰਗੀਆਂ ਕਾਰਵਾਈਆਂ ਵਿਚ ਮਦਦ ਕਰੇਗੀ। ਉਨ੍ਹਾਂ ਦੱਸਿਆ ਕਿ ਹਰ ਸਫਲ ਰਜਿਸਟ੍ਰੇਸ਼ਨ ਲਈ ਸਤਿਕਾਰ ਸਖੀ ਨੂੰ 300 ਰੁਪਏ ਮਾਣਭੱਤਾ ਵਜੋਂ ਦਿੱਤਾ ਜਾਵੇਗਾ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਇਸ ਯੋਜਨਾ ਦੀ ਸਫਲਤਾ ਵਿੱਚ ਮਹਿਲਾ ਸਤਿਕਾਰ ਸਖੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ ਵਿੱਤੀ ਸਹਾਇਤਾ ਜਾਰੀ ਕੀਤੀ ਜਾਣੀ ਹੈ, ਇਸ ਲਈ ਉਨ੍ਹਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ। ਡਾ. ਚੱਬੇਵਾਲ ਨੇ ਦੱਸਿਆ ਕਿ ਪੰਜਾਬ ਦੀਆਂ ਉਹ ਸਾਰੀਆਂ ਮਹਿਲਾਵਾਂ, ਜਿਨ੍ਹਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਕੋਲ ਵੈਧ ਆਧਾਰ ਕਾਰਡ ਅਤੇ ਵੋਟਰ ਕਾਰਡ ਹੈ, ਉਹ ਇਸ ਯੋਜਨਾ ਦਾ ਲਾਭ ਲੈਣ ਲਈ ਯੋਗ ਹਨ। ਜ਼ਿਕਰਯੋਗ ਹੈ ਕਿ ਕੁਝ ਸ਼੍ਰੇਣੀਆਂ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ ਜਿਨ੍ਹਾਂ ਵਿਚ ਇਨਕਮ ਟੈਕਸ ਭਰਨ ਵਾਲੀਆਂ ਮਹਿਲਾਵਾਂ, ਪੰਜਾਬ ਸਰਕਾਰ, ਕੇਂਦਰ ਸਰਕਾਰ ਜਾਂ ਕਿਸੇ ਹੋਰ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਸੇਵਾ ਨਿਭਾ ਰਹੀਆਂ ਜਾਂ ਸੇਵਾਮੁਕਤ ਕਰਮਚਾਰਣਾਂ, ਸੰਸਦ ਮੈਂਬਰ, ਵਿਧਾਇਕ ਅਤੇ ਮੰਤਰੀਆਂ, ਸੰਸਦ ਮੈਂਬਰਾਂ ਜਾਂ ਵਿਧਾਇਕਾਂ ਦੀਆਂ ਪਤਨੀਆਂ ਸ਼ਾਮਲ ਹਨ।
ਲੋਕ ਸਭਾ ਮੈਂਬਰ ਨੇ ਸਤਿਕਾਰ ਸਖੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਸਫਲ ਬਣਾਇਆ ਜਾਵੇਗਾ। ਇਸ ਮੌਕੇ ਮੇਅਰ ਰਾਮਪਾਲ ਉੱਪਲ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਾਜਵਿੰਦਰ ਕੌਰ, ਆਪ ਆਗੂ ਗੁਰਦੀਪ ਸਿੰਘ ਅਤੇ ਸੁਮਨ ਸ਼ਰਮਾ ਵੀ ਹਾਜ਼ਰ ਸਨ।