ਤੀਰਥ ਯਾਤਰਾ ਸਕੀਮ ਤਹਿਤ ਬੱਸ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ
Publish Date: Fri, 09 Oct 2026 07:05 PM (IST)
Updated Date: Fri, 09 Oct 2026 07:05 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਫਗਵਾੜਾ ਤੋਂ ਸ੍ਰੀ ਖਾਟੂ ਸ਼ਿਆਮ ਤੇ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪ੍ਰਮੁੱਖ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਭਰ ਵਿੱਚ ਲਗਭਗ 6 ਲੱਖ ਲੋਕ ਇਸ ਸਕੀਮ ਦਾ ਲਾਭ ਲੈ ਚੁੱਕੇ ਹਨ। ਇਸ ਸਕੀਮ ਰਾਹੀਂ ਖ਼ਾਸ ਤੌਰ ਤੇ ਬਜ਼ੁਰਗਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਤਹਿਤ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਮੁਫ਼ਤ ਆਵਾਜਾਈ, ਰਿਹਾਇਸ਼ ਤੇ ਖਾਣੇ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਫਗਵਾੜਾ ਤੋਂ ਰਵਾਨਾ ਹੋਈ ਬੱਸ ਵਿੱਚ ਸਵਾਰ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਤੇ ਸਾਲਾਸਰ ਬਾਲਾਜੀ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਰੱਖਿਅਤ, ਆਰਾਮਦਾਇਕ ਤੇ ਮੁਸ਼ਕਲ ਰਹਿਤ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ਼ਰਧਾਲੂਆਂ ਨੇ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤੇ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਸਦਕਾ ਉਨ੍ਹਾਂ ਲਈ ਯਾਤਰਾ, ਰਿਹਾਇਸ਼ ਤੇ ਹੋਰ ਖ਼ਰਚਿਆਂ ਦੀ ਚਿੰਤਾ ਕੀਤੇ ਬਿਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਾ ਸੰਭਵ ਹੋ ਸਕਿਆ ਹੈ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਕੋਆਰਡੀਨੇਟਰ ਸਮਰ ਗੁਪਤਾ ਤੇ ਸੰਗਤਾਂ ਵੀ ਮੌਜੂਦ ਸਨ।