ਮੁੱਖ ਮੰਤਰੀ ਦਾ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਗਾਉਣਾ ਨਿੰਦਨਯੋਗ : ਕੁਲਾਰ
ਮੁਖ ਮੰਤਰੀ ਦਾ ਸ੍ਰੀ ਅਕਾਲ ਤਖਤ ਸਾਹਿਬ ਨਾਲ ਮਥਾ ਲਗਾਉਣਾ ਨਿੰਦਨਯੌਗ,ਕੁਲਾਰ
Publish Date: Mon, 12 Jan 2026 08:13 PM (IST)
Updated Date: Mon, 12 Jan 2026 08:15 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਮੁੱਖ ਮੰਤਰੀ ਦੇ ਸਿੱਖ ਪੰਥ ਦੇ ਸਰਵਉੱਚ ਤਖਤ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਗਾਉਣ ਵਾਲੇ ਬਿਆਨਾਂ ਕਾਰਨ ਜਿਥੇ ਧਾਰਮਿਕ ਹਲਕਿਆਂ ਵਿਚ ਚਰਚਾ ਛਿੜੀ ਹੋਈ ਹੈ, ਉੱਥੇ ਸਿੱਖ ਕੌਮ ਵਿਚ ਵੀ ਨਾਰਾਜ਼ਗੀ ਪਾਈ ਜਾ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਆਦੇਸ਼ਾਂ ਨੂੰ ਇਨ ਬਿਨ ਮੰਨਣਾ ਹੀ ਹਰ ਸਿੱਖ ਦਾ ਪਹਿਲਾ ਫਰਜ਼ ਬਣਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਕੁਲਾਰ ਨੇ ਕਿਹਾ ਕਿ ਇਹ ਪਹਿਲਾ ਮਾਮਲਾ ਨਹੀਂ ਹੈ, ਜਦੋਂ ਕਿਸੇ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੋਵੇ ਪਰ ਪਹਿਲਾਂ ਕਿਸੇ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਮੱਥਾ ਲਗਾਉਣ ਦੀ ਕੋਸ਼ਿਸ਼ ਨਹੀਂ ਕੀਤੀ ਕਿਉਂਕਿ ਸਿੱਖ ਲਈ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਭ ਤੋਂ ਸਰਵਉੱਚ ਹੁੰਦਾ ਹੈ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨਾਲ ਮੱਥਾ ਲਗਾਉਣ ਵਾਲਾ ਇਤਿਹਾਸ ਵਿਚ ਮੁੜ ਕਦੇ ਦਿਖਾਈ ਨਹੀਂ ਦਿੰਦਾ। ਅੰਮ੍ਰਿਤਪਾਲ ਸਿੰਘ ਕੁਲਾਰ ਨੇ ਕਿਹਾ ਕਿ ਸਰਕਾਰ ਨੂੰ ਧਾਰਮਿਕ ਮਾਮਲਿਆਂ ਵਿਚ ਸੰਵੇਦਨਸ਼ੀਲਤਾ ਅਤੇ ਮਰਿਆਦਾ ਬਣਾਈ ਰੱਖਣੀ ਚਾਹੀਦੀ ਹੈ ਤਾਂ ਜੋ ਪੰਥਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਪਰ ਮੁੱਖ ਮੰਤਰੀ ਵੱਲੋਂ ਵਾਰ-ਵਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ਦੀ ਉਲੰਘਣਾ ਵਾਲੇ ਬਿਆਨ ਮੀਡੀਆ ਰਾਹੀਂ ਜਾਰੀ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਜਾ ਰਹੀ ਹੈ। ਹੁਕਮਾਂ ਦੀ ਉਲੰਘਣਾ ਕਰਦੇ ਹੋਏ ਮੁੱਖ ਮੰਤਰੀ ਦੇ ਤਲਬ ਹੋਣ ਨੂੰ ਲਾਈਵ ਕਰਨ ਦੀ ਮੰਗ ’ਤੇ ਅੰਮ੍ਰਿਤ ਪਾਲ ਸਿੰਘ ਕੁਲਾਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਹਰ ਇਕ ਹੁਕਮ ਨੂੰ ਮੰਨਿਆ ਜਾਂਦਾ ਹੈ ਨਾ ਕਿ ਉੱਥੇ ਸਵਾਲ-ਜਵਾਬ ਕੀਤੇ ਜਾਂਦੇ ਹਨ। ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ-ਆਪ ਨੂੰ ਸਿੱਖ ਦੱਸਦੇ ਹਨ ਤਾਂ ਉਨ੍ਹਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੀ ਮਰਿਆਦਾ ਦਾ ਵੀ ਪਾਲਣ ਕਰਨਾ ਚਾਹੀਦਾ ਹੈ।