ਈਸਾਈ ਸਮਾਜ ਵਿਧਾਨ ਸਭਾ ਚੋਣਾਂ ’ਚ ਨਿਭਾਏਗਾ ਅਹਿਮ ਭੂਮਿਕਾ : ਸਰਬਜੀਤ ਰਾਜ ਈਸਾਈ ਸਮਾਜ ਵਿਧਾਨ ਸਭਾ ਚੋਣਾਂ ’ਚ ਨਿਭਾਏਗਾ ਅਹਿਮ ਭੂਮਿਕਾ : ਸਰਬਜੀਤ ਰਾਜ
Publish Date: Sun, 30 Aug 2026 09:23 PM (IST)
Updated Date: Sun, 30 Aug 2026 09:25 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੀ ਸਿਆਸਤ ਵਿੱਚ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ, ਜਿੱਥੇ ਈਸਾਈ ਸਮਾਜ ਇੱਕ ਬਹੁਤ ਹੀ ਅਹਿਮ ਤੇ ਫੈਸਲਾਕੁੰਨ ਭੂਮਿਕਾ ਨਿਭਾਉਣ ਜਾ ਰਿਹਾ ਹੈ। ਪੰਜਾਬ ਦੇ ਕਈ ਖੇਤਰਾਂ ਵਿੱਚ ਖਾਸ ਕਰਕੇ ਮਾਝਾ ਤੇ ਦੋਆਬਾ ਹਲਕਿਆਂ ਵਿੱਚ ਈਸਾਈ ਵੋਟ ਬੈਂਕ ਕਿਸੇ ਵੀ ਸਿਆਸੀ ਪਾਰਟੀ ਦੀ ਹਾਰ-ਜਿੱਤ ਤੈਅ ਕਰਨ ਦੀ ਸਮਰੱਥਾ ਰੱਖਦਾ ਹੈ। ਇਸ ਦੌਰਾਨ ਆਲ ਇੰਡੀਆ ਕ੍ਰਿਸਚੀਅਨ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਨੇ ਕਿਹਾ ਕਿ ਪੰਜਾਬ ਵਿੱਚ ਰਹਿਣ ਵਾਲੇ ਈਸਾਈ ਭਾਈਚਾਰੇ ਦੇ ਲੋਕ 2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਤੇ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ਪੂਰਾ ਜ਼ੋਰ ਲਗਾਉਣਗੇ। ਸਰਬਜੀਤ ਰਾਜ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ’ਤੇ ਤੁਰੰਤ ਗੌਰ ਨਾ ਕੀਤਾ ਤੇ ਉਨ੍ਹਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਉਸ ਨੂੰ ਆਗਾਮੀ ਚੋਣਾਂ ਵਿੱਚ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਪੰਜਾਬ ਵਿੱਚ ਈਸਾਈਆਂ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸਮਾਜ ਆਪਣੇ ਹੱਕਾਂ ਦੀ ਅਵਾਜ਼ ਬੁਲੰਦ ਕਰਨ ਲਈ ਇੱਕਜੁੱਟ ਤੇ ਸਰਕਾਰਾਂ ਦੇ ਕੋਲ ਆਪਣੇ ਮੁੱਦੇ ਉਠਾਉਣ ਲਈ ਆਪਣੀ ਤਾਕਤ ਦਿਖਾਵੇ। ਉਨ੍ਹਾਂ ਕਿਹਾ ਕਿ ਇਕਜੁੱਟ ਹੋ ਕੇ ਹੀ ਅਸੀਂ ਆਪਣੇ ਅਧਿਕਾਰਾਂ ਦੀ ਰੱਖਿਆ ਕਰ ਸਕਦੇ ਹਾਂ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਈਸਾਈ ਭਾਈਚਾਰਾ ਤੇਜ਼ੀ ਨਾਲ ਫੈਲ ਰਿਹਾ ਹੈ, ਪਰ ਉਨ੍ਹਾਂ ਨੂੰ ਸਮਾਜਿਕ ਤੇ ਕਾਨੂੰਨੀ ਪੱਧਰ ’ਤੇ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਲੇਟਫਾਰਮਾਂ ’ਤੇ ਆਪਣੇ ਵਿਚਾਰ ਪ੍ਰਗਟ ਕਰਨ ਤੇ ਸਮਾਜ ਵਿੱਚ ਆਪਣੀ ਅਸਲ ਸਥਿਤੀ ਸਥਾਪਤ ਕਰਨ ਲਈ ਸੰਗਠਿਤ ਹੋਣਾ ਮਹੱਤਵਪੂਰਨ ਹੈ। ਉਨ੍ਹਾਂ ਭਾਈਚਾਰੇ ਨੂੰ ਇਕੱਠੇ ਹੋਣ ਤੇ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਤੇ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਏਕਤਾ ਸਰੋਤਾਂ ਤੇ ਯਤਨਾਂ ਦੀ ਸਹੀ ਵਰਤੋਂ ਵੱਲ ਲੈ ਜਾਂਦੀ ਹੈ, ਜਿਸ ਨਾਲ ਸਿੱਖਿਆ, ਸਿਹਤ ਤੇ ਗਰੀਬਾਂ ਦੀ ਭਲਾਈ ਪੂਰੇ ਸਮਾਜ ਤੱਕ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕਦੀ ਹੈ।