- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀ.ਆਈ.ਏ. ਕਪੂਰਥਲਾ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕਾਬੂ

ਇੱਕ ਗਲੌਕ 9 ਐੱਮਐੱਮ ਤੇ ਦੋ ਦੇਸੀ ਪਿਸਤੌਲਾਂ ਸਮੇਤ 9 ਜ਼ਿੰਦਾ ਕਾਰਤੂਸ ਬਰਾਮਦ
ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਲੜਾਈ-ਝਗੜੇ ਦੇ ਕੇਸ
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ
ਕਪੂਰਥਲਾ : ਸੀਆਈਏ ਕਪੂਰਥਲਾ ਦੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਵਿਰੁੱਧ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਗਲੌਕ 9 ਐੱਮਐੱਮ ਪਿਸਤੌਲ, ਦੋ ਦੇਸੀ ਪਿਸਤੌਲ .32 ਬੋਰ ਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਪਿੰਡ ਡੈਣਵਿੰਡ ਦੇ ਸ਼ਮਸ਼ਾਨਘਾਟ ਨੇੜਿਓਂ ਇੱਕ ਚਿੱਟੇ ਰੰਗ ਦੀ ਬਿਨਾਂ ਨੰਬਰੀ ਫਿਏਟ ਕਾਰ ਸਮੇਤ ਕਾਬੂ ਕੀਤਾ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਲੜਾਈ-ਝਗੜੇ ਦੇ ਮਾਮਲੇ ਦਰਜ ਹਨ। ਐੱਸਪੀ (ਇਨਵੈਸਟੀਗੇਸ਼ਨ) ਹਰਿੰਦਰ ਸਿੰਘ ਗਿੱਲ ਪੀਪੀਐੱਸ, ਡੀਐੱਸਪੀ (ਡਿਟੈਕਟਿਵ) ਸੁਖਪਾਲ ਸਿੰਘ ਰੰਧਾਵਾ ਤੇ ਸੀਆਈਏ ਇੰਚਾਰਜ ਸਬ-ਇੰਸਪੈਕਟਰ ਰਮਨ ਕੁਮਾਰ ਨੂੰ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਆਈਪੀਐੱਸ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਉਕਤ ਜਾਣਕਾਰੀ ਐੱਸਪੀ (ਇਨਵੈਸਟੀਗੇਸ਼ਨ) ਹਰਿੰਦਰ ਸਿੰਘ ਗਿੱਲ ਵੱਲੋਂ ਦਿੱਤੀ ਗਈ।
ਪੁਲਿਸ ਅਨੁਸਾਰ, ਮੁਲਜ਼ਮਾਂ ਕੋਲੋਂ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਲੜਾਈ-ਝਗੜੇ ਦੇ ਮੁਕੱਦਮੇ ਦਰਜ ਹਨ ਤੇ ਉਹ ਇਨ੍ਹਾਂ ਮਾਮਲਿਆਂ ਵਿੱਚ ਭਗੌੜੇ ਦੱਸੇ ਗਏ ਹਨ। ਪੁਲਿਸ ਵੱਲੋਂ ਤਿੰਨਾਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਆਸ ਹੈ ਕਿ ਜਾਂਚ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੇ ਨਾਲ-ਨਾਲ ਹੋਰ ਬਰਾਮਦਗੀਆਂ ਵੀ ਹੋ ਸਕਦੀਆਂ ਹਨ।
--ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ
ਪੁਲਿਸ ਅਨੁਸਾਰ, 26 ਅਕਤੂਬਰ ਨੂੰ ਏਐੱਸਆਈ ਜਸਵੀਰ ਸਿੰਘ ਸੀਆਈਏ ਕਪੂਰਥਲਾ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਪਿੰਡ ਡੈਣਵਿੰਡ ਦੇ ਸ਼ਮਸ਼ਾਨਘਾਟ ਨੇੜੇ ਇੱਕ ਚਿੱਟੇ ਰੰਗ ਦੀ ਬਿਨਾਂ ਨੰਬਰੀ ਫਿਏਟ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਹਰਕ੍ਰਿਸ਼ਨ ਸਿੰਘ ਉਰਫ਼ ਮੋਨੂੰ ਢੱਪਈ ਵਾਸੀ ਪਿੰਡ ਢੱਪਈ ਥਾਣਾ ਸਦਰ ਕਪੂਰਥਲਾ, ਗੁਰਜਿੰਦਰਪਾਲ ਸਿੰਘ ਉਰਫ਼ ਡੋਗਰ ਵਾਸੀ ਪਿੰਡ ਧੰਮ ਥਾਣਾ ਸੁਭਾਨਪੁਰ ਤੇ ਸਰਬਜੀਤ ਸਿੰਘ ਉਰਫ਼ ਸਾਬੀ ਵਾਸੀ ਪਿੰਡ ਸਿੱਧਵਾਂ ਦੋਨਾ ਥਾਣਾ ਸਦਰ ਕਪੂਰਥਲਾ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਹਰਕ੍ਰਿਸ਼ਨ ਸਿੰਘ ਉਰਫ਼ ਮੋਨੂੰ ਕੋਲੋਂ ਇੱਕ ਦੇਸੀ ਪਿਸਤੌਲ .32 ਬੋਰ ਸਮੇਤ ਤਿੰਨ ਜ਼ਿੰਦਾ ਕਾਰਤੂਸ, ਗੁਰਜਿੰਦਰਪਾਲ ਸਿੰਘ ਉਰਫ਼ ਡੋਗਰ ਕੋਲੋਂ ਇੱਕ ਗਲੌਕ 9 ਐੱਮਐੱਮ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਤੇ ਸਰਬਜੀਤ ਸਿੰਘ ਉਰਫ਼ ਸਾਬੀ ਕੋਲੋਂ ਇੱਕ ਦੇਸੀ ਪਿਸਤੌਲ .32 ਬੋਰ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਸਬੰਧੀ ਥਾਣਾ ਕੋਤਵਾਲੀ ਕਪੂਰਥਲਾ ਵਿਖੇ ਮੁਕੱਦਮਾ ਨੰਬਰ 204, ਮਿਤੀ 26 ਅਕਤੂਬਰ 2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।