ਖੇਡ ਵਿਭਾਗ ਨੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਛੰਨਾ ਸ਼ੇਰ ਸਿੰਘ ਵਿਖੇ ਖੇਡ ਵਿਭਾਗ ਵੱਲੋਂ ਸਰਕਲ ਸਟਾਈਲ ਕਬੱਡੀ ਮੈਚ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ
Publish Date: Fri, 13 Nov 2026 08:22 PM (IST)
Updated Date: Fri, 13 Nov 2026 08:24 PM (IST)
ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ, ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੱਦਾ ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਪੰਜਾਬ ਸਰਕਾਰ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਖੇਡ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਨਸ਼ਾ ਪ੍ਰਭਾਵਿਤ ਪਿੰਡ ਵਜੋਂ ਪਛਾਣੇ ਗਏ ਛੰਨਾ ਸ਼ੇਰ ਸਿੰਘ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਰਕਲ ਸਟਾਈਲ ਕਬੱਡੀ ਮੈਚ ਕਰਵਾਇਆ ਗਿਆ। ਇਸ ਮੈਚ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਸਮੇਤ ਹੋਰ ਹਾਨੀਕਾਰਕ ਪਦਾਰਥਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ 200 ਤੋਂ ਵੱਧ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਤੇ ਉਨ੍ਹਾਂ ਨੂੰ ਖੇਡਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਲਈ ਜ਼ਿਲ੍ਹੇ ਭਰ ਵਿੱਚ ਖੇਡ ਗਤੀਵਿਧੀਆਂ ਦੀ ਲੜੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀਆਂ ਹਨ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਦ੍ਰਿੜ੍ਹ ਇਰਾਦੇ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛੰਨਾ ਸ਼ੇਰ ਸਿੰਘ ਵਿਖੇ ਸਰਕਲ ਸਟਾਈਲ ਕਬੱਡੀ ਮੈਚ ਕਰਵਾਇਆ ਗਿਆ, ਜਿਸ ਵਿੱਚ ਸਥਾਨਕ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਖੇਡ ਮੁਕਾਬਲੇ ਦੇ ਨਾਲ-ਨਾਲ ਵਿਭਾਗ ਵੱਲੋਂ ਪਿੰਡ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਗਈ। ਜਾਗਰੂਕਤਾ ਸੰਦੇਸ਼ਾਂ ਵਾਲੀਆਂ ਤਖ਼ਤੀਆਂ ਚੁੱਕ ਕੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਆਪਣੇ ਸਾਥੀਆਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਰੈਲੀ ਦਾ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਸਮੂਹਿਕ ਲੜਾਈ ਨੂੰ ਹੋਰ ਮਜ਼ਬੂਤ ਕਰਨਾ ਸੀ। ਕੁਲਵਿੰਦਰ ਸਿੰਘ ਨੇ ਮਾਪਿਆਂ, ਅਧਿਆਪਕਾਂ, ਪਿੰਡ ਦੇ ਨੁਮਾਇੰਦਿਆਂ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਮਾਹੌਲ ਸਿਰਜਣ ਲਈ ਸਾਂਝੇ ਤੌਰ ਤੇ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ਲਈ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਬੇਹੱਦ ਜ਼ਰੂਰੀ ਹੈ। ਇਸ ਮੌਕੇ ਭਾਗ ਲੈਣ ਵਾਲੇ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੇ ਦੋਸਤਾਂ ਤੇ ਪਿੰਡ ਵਾਸੀਆਂ ਵਿੱਚ ਸਿਹਤਮੰਦ ਤੇ ਸਰਗਰਮ ਜੀਵਨ ਸ਼ੈਲੀ ਦਾ ਸੰਦੇਸ਼ ਫੈਲਾਉਣ ਦਾ ਪ੍ਰਣ ਵੀ ਲਿਆ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਮੈਡਲ ਵੀ ਵੰਡੇ ਗਏ।