ਰੱਖੜ ਪੁੰਨਿਆ ਕਾਨਫਰੰਸ ’ਚ ਰਿਹਾ ਅਕਾਲੀ ਦਲ ਦਾ ਜਲਵਾ : ਜੋਸਨ ਰੱਖੜ ਪੁੰਨਿਆਂ ਦੀ ਕਾਨਫਰੰਸ ’ਚ ਗੂੰਜਿਆ ਅਕਾਲੀ ਦਲ ਦਾ ਜਲਵਾ: ਇੰਦਰਜੀਤ ਸਿੰਘ ਜੋਸਨ
Publish Date: Sat, 29 Aug 2026 09:10 PM (IST)
Updated Date: Sat, 29 Aug 2026 09:13 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ਵਿਸ਼ਾਲ ਕਾਨਫਰੰਸ ਵਿੱਚ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਇੰਦਰਜੀਤ ਸਿੰਘ ਜੋਸਨ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਕਾਨਫਰੰਸ ਵਿੱਚ ਹੋਏ ਵਿਸ਼ਾਲ ਇਕੱਠ ਤੇ ਲੋਕਾਂ ਦੇ ਉਤਸ਼ਾਹ ਨੂੰ ਅਕਾਲੀ ਦਲ ਪ੍ਰਤੀ ਮੁੜ ਮਜ਼ਬੂਤ ਹੋ ਰਹੇ ਜਨ ਸਮਰਥਨ ਦਾ ਸੰਕੇਤ ਕਰਾਰ ਦਿੰਦਿਆਂ ਇੰਦਰਜੀਤ ਸਿੰਘ ਜੋਸਨ ਨੇ ਕਿਹਾ ਕਿ ਰੱਖੜ ਪੁੰਨਿਆ ਦੀ ਕਾਨਫਰੰਸ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਅੱਜ ਵੀ ਕਾਇਮ ਹੈ। ਕਾਨਫਰੰਸ ਵਿੱਚ ਸ਼ਮੂਲੀਅਤ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਜੋਸਨ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਹੋਇਆ ਇਹ ਭਰਵਾਂ ਇਕੱਠ ਸਿਰਫ਼ ਇੱਕ ਸਿਆਸੀ ਕਾਨਫਰੰਸ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਸਿਆਸੀ ਰੁਝਾਨ ਦਾ ਵੱਡਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿਖਾਇਆ ਗਿਆ ਉਤਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਪ੍ਰਤੀ ਪਿਆਰ ਇਹ ਦਰਸਾਉਂਦਾ ਹੈ ਕਿ ਅਕਾਲੀ ਦਲ ਅੱਜ ਵੀ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਵਸਦਾ ਹੈ। ਜੋਸਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੇ ਹੱਕਾਂ, ਪੰਜਾਬੀਅਤ ਤੇ ਸੂਬੇ ਦੀ ਤਰੱਕੀ ਲਈ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਪੰਜਾਬ ਵਿੱਚ ਹੋਏ ਵਿਕਾਸ ਕਾਰਜ ਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪੰਜਾਬ ਦੇ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦਾ ਆਮ ਵਰਗ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਤੇ ਲੋਕ ਹੁਣ ਸਿਆਸੀ ਵਾਅਦਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੀ ਸਰਕਾਰ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖ ਰਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਆਪਣੇ ਤਜਰਬੇ ਤੇ ਜ਼ਮੀਨੀ ਹਕੀਕਤ ਦੇ ਆਧਾਰ ’ਤੇ ਫੈਸਲਾ ਕਰਨਗੇ। ਨੌਜਵਾਨ ਅਕਾਲੀ ਆਗੂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦਾ ਹਰ ਵਰਕਰ ਪੂਰੀ ਤਰ੍ਹਾਂ ਤਿਆਰ ਹੈ ਤੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕੀਤੀ ਜਾ ਰਹੀ ਹੈ। ਜੋਸਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪਿਆਰ, ਅਕਾਲੀ ਵਰਕਰਾਂ ਦੀ ਮਿਹਨਤ ਤੇ ਬਾਬਾ ਬਕਾਲੇ ਦੀ ਕਾਨਫਰੰਸ ਦਾ ਵਿਸ਼ਾਲ ਇਕੱਠ 2027 ਦੀ ਸਿਆਸੀ ਤਸਵੀਰ ਬਾਰੇ ਵੱਡਾ ਸੰਕੇਤ ਦੇ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਇੰਟਰਨੈਸ਼ਨਲ ਕਬੱਡੀ ਪਲੇਅਰ ਬਲਵਿੰਦਰ ਸਿੰਘ ਤੁੜ, ਗੋਲਡੀ ਜੋਸਨ ਸਰਪੰਚ, ਬਲਜੀਤ ਸਿੰਘ ਬੱਲੀ ਸਾਬਕਾ ਮੈਂਬਰ ਤੇ ਮਲਕੀਤ ਸਿੰਘ ਥਿੰਦ ਸਮੇਤ ਹੋਰ ਸਾਥੀ ਤੇ ਪਤਵੰਤੇ ਸੱਜਣ ਵੀ ਮੌਜੂਦ ਸਨ।