ਦਾਣਾ ਮੰਡੀ ’ਚ ਹੋ ਰਹੀਆਂ ਚੋਰੀਆਂ ਤੋਂ ਆੜਤੀ ਪ੍ਰੇਸ਼ਾਨ ਦਾਣਾ ਮੰਡੀ ਫਗਵਾੜਾ ਵਿੱਚ ਆਏ ਦਿਨ ਹੋ ਰਹੀਆਂ ਚੋਰੀਆਂ ਤੋਂ ਆੜਤੀ ਪ੍ਰੇਸ਼ਾਨ, ਪ੍ਰਸ਼ਾਸਨ ਖ਼ਿਲਾਫ਼ ਰੋਸ
Publish Date: Sun, 29 Nov 2026 06:25 PM (IST)
Updated Date: Sun, 29 Nov 2026 06:28 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਦਾਣਾ ਮੰਡੀ ਫਗਵਾੜਾ ਵਿੱਚ ਆਏ ਦਿਨ ਹੋ ਰਹੀਆਂ ਚੋਰੀਆਂ ਕਾਰਨ ਆੜਤੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਡੀ ਵਿੱਚੋਂ ਲਗਾਤਾਰ ਝੋਨੇ ਦੀਆਂ ਬੋਰੀਆਂ ਚੋਰੀ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆੜਤੀ ਵਰਗ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਆੜਤੀਆਂ ਦਾ ਕਹਿਣਾ ਹੈ ਕਿ ਵਾਰ-ਵਾਰ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘੁੰਮਣ ਐਗਰੋ, ਦਾਣਾ ਮੰਡੀ ਫਗਵਾੜਾ ਦੇ ਮੁਖੀ ਜਸਵਿੰਦਰ ਸਿੰਘ ਘੁੰਮਣ ਤੇ ਕਾਲਸਾ ਫੀਡ ਸਟੋਰ ਦੇ ਮੁਖੀ ਪਰਮਿੰਦਰ ਸਿੰਘ ਲਾਡੀ ਸ਼ੇਰਗਿਲ ਨੇ ਦੱਸਿਆ ਕਿ ਮੰਡੀ ਅੰਦਰੋਂ ਆਏ ਦਿਨ ਝੋਨੇ ਦੀਆਂ ਬੋਰੀਆਂ ਚੋਰੀ ਹੋ ਰਹੀਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਆੜਤੀਆਂ ਵਿੱਚ ਚਿੰਤਾ ਤੇ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਤੇ ਆੜਤੀਆਂ ਦੀ ਫ਼ਸਲ ਤੇ ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਪਰ ਇਸ ਪਾਸੇ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਜਸਵਿੰਦਰ ਸਿੰਘ ਘੁੰਮਣ ਤੇ ਲਾਡੀ ਸ਼ੇਰਿਗਲ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦਾਣਾ ਮੰਡੀ ਵਿੱਚ ਹੋ ਰਹੀਆਂ ਚੋਰੀਆਂ ਨੂੰ ਰੋਕਣ ਲਈ ਤੁਰੰਤ ਪ੍ਰਭਾਵ ਨਾਲ ਢੁੱਕਵੇਂ ਕਦਮ ਚੁੱਕੇ ਜਾਣ। ਮੰਡੀ ਅੰਦਰ ਪੁਲਿਸ ਗਸ਼ਤ ਵਧਾਈ ਜਾਵੇ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਆੜਤੀਆਂ ਨੂੰ ਹੋ ਰਹੇ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆੜਤੀਆਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ।