ਪਸ਼ੂਆਂ ਦੀ ਸਹੀ ਦੇਖਭਾਲ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਮਿਸ਼ਨ ਵਚਨਬੱਧ
ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਮਿਸ਼ਨ ਵਚਨਬੱਧ: ਉਪ-ਚੇਅਰਮੈਨ ਕਿਮਤੀ ਭਗਤ
Publish Date: Fri, 19 Jun 2026 07:29 PM (IST)
Updated Date: Sat, 20 Jun 2026 04:07 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ-ਚੇਅਰਮੈਨ ਕਿਮਤੀ ਭਗਤ ਨੇ ਅੱਜ ਕਿਹਾ ਹੈ ਕਿ ਪੰਜਾਬ ਗਊ ਸੇਵਾ ਕਮਿਸ਼ਨ ਸੂਬੇ ਭਰ ਵਿੱਚ ਪਸ਼ੂਆਂ ਦੀ ਦੇਖਭਾਲ, ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅੱਜ ਇੱਥੇ ਆਵਾਰਾ ਪਸ਼ੂਆਂ ਦੇ ਬਿਹਤਰ ਪ੍ਰਬੰਧਨ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ ਅਤੇ ਹੋਰਨਾਂ ਅਧਿਕਾਰੀਆਂ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਜਲਦੀ ਹੀ ਆਵਾਰਾ ਪਸ਼ੂਆਂ ਅਤੇ ਹੋਰ ਸ਼ਿਕਾਇਤਾਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ ਤੇ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆ ਜਲਦ ਹੀ ਅਵਾਰਾ ਪਸ਼ੂਆਂ ਅਤੇ ਪਸ਼ੂ ਭਲਾਈ ਨਾਲ ਸਬੰਧਤ ਹੋਰ ਮੁੱਦਿਆਂ ਬਾਰੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਸੁਖਾਲਾ ਬਣਾਉਣ ਲਈ ਹੈਲਪਲਾਈਨ ਨੰਬਰ ਸ਼ੁਰੂ ਕਰਨਗੇ। ਗਊਸ਼ਾਲਾਵਾਂ ਨੂੰ ਮਜ਼ਬੂਤ ਕਰਨ ਦੇ ਯਤਨਾਂ ਬਾਰੇ ਗੱਲ ਕਰਦਿਆਂ, ਭਗਤ ਨੇ ਦੱਸਿਆ ਕਿ ਨਗਰ ਨਿਗਮ ਕਪੂਰਥਲਾ ਨੇ ਗਊ ਸੈੱਸ ਵਜੋਂ 30 ਲੱਖ ਰੁਪਏ ਇਕੱਠੇ ਕੀਤੇ ਹਨ, ਜਿਨ੍ਹਾਂ ਦੀ ਵਰਤੋਂ ਗਊਸ਼ਾਲਾ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਮਾਲਪੁਰ ਗਊਸ਼ਾਲਾ ਦੀ ਸਮਰੱਥਾ ਵਧਾਉਣ ਲਈ ਜਲਦੀ ਹੀ ਦੋ ਨਵੇਂ ਸ਼ੈੱਡ ਵੀ ਉਸਾਰੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ, ਗਊਸ਼ਾਲਾਵਾਂ ਅਤੇ ਜਨਤਾ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਅਵਾਰਾ ਪਸ਼ੂਆਂ ਨੂੰ ਸਮੇਂ ਸਿਰ ਗਊਸ਼ਾਲਾਵਾਂ ਵਿੱਚ ਭੇਜਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਸੇ ਤਰ੍ਹਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੋ ਡੇਅਰੀ ਫਾਰਮ ਮਾਲਕ ਸਵੇਰੇ ਆਪਣੇ ਪਸ਼ੂਆਂ ਨੂੰ ਸੜਕਾਂ ਤੇ ਛੱਡ ਦਿੰਦੇ ਹਨ, ਜਿਸ ਨਾਲ ਅਸੁਵਿਧਾ ਅਤੇ ਜਨਤਕ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ, ਉਨ੍ਹਾਂ ਖ਼ਿਲਾਫ਼ ਢੁਕਵੀਂ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਊਸ਼ਾਲਾਵਾਂ ਦੇ ਸਾਰੇ ਬਕਾਇਆ ਬਿਨਾਂ ਕਿਸੇ ਦੇਰੀ ਜਾਰੀ ਕੀਤੇ ਜਾਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਤ ਨੇ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਯਕੀਨੀ ਬਣਾਉਣ ਅਤੇ ਆਵਾਰਾ ਪਸ਼ੂਆਂ ਨਾਲ ਸਬੰਧਤ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਨੂੰ ਰੋਕਣ ਲਈ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ। ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ, ਉਨ੍ਹਾਂ ਅਧਿਕਾਰੀਆਂ, ਗਊਸ਼ਾਲਾ ਦੇ ਪ੍ਰਬੰਧਕਾਂ ਅਤੇ ਲੋਕਾਂ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਸੂਬਾ ਸਰਕਾਰ ਵੱਲੋਂ ਪਸ਼ੂਆਂ ਦੀ ਭਲਾਈ ਅਤੇ ਸੁਰੱਖਿਆ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਮੀਟਿੰਗ ਤੋਂ ਬਾਅਦ ਵਾਈਸ ਚੇਅਰਮੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮਿਲ ਕੇ ਕਮਾਲਪੁਰ ਗੌਸ਼ਾਲਾ ਦਾ ਦੌਰਾ ਕੀਤਾ ਅਤੇ ਉੱਥੇ ਪਸ਼ੂਆਂ ਦੀ ਸੰਭਾਲ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ।