ਕਮਿਊਨਿਟੀ ਹੈਲਥ ਸੈਂਟਰ ਟਿੱਬਾ ਬਣਿਆ ‘ਚਿੱਟਾ ਹਾਥੀ’, ਮਰੀਜ਼ ਹੋ ਰਹੇ ਖੱਜਲ-ਖੁਆਰ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਬਣਿਆ ‘ਚਿੱਟਾ ਹਾਥੀ’, ਮਰੀਜ਼ ਹੋ ਰਹੇ ਖੱਜਲ-ਖੁਆਰ
Publish Date: Sun, 26 Jul 2026 06:41 PM (IST)
Updated Date: Sun, 26 Jul 2026 06:44 PM (IST)
ਡਾਕਟਰਾਂ ਦੀ ਘਾਟ ਕਾਰਨ ਸਿਹਤ ਸੇਵਾਵਾਂ ਹੋ ਰਹੀਆਂ ਨੇ ਪ੍ਰਭਾਵਿਤ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਹੁਣ ਆਪਣੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਲੰਬਾ ਸਮਾਂ ਉਡੀਕ ਕਰਨ ਦੇ ਬਾਵਜੂਦ ਢੁੱਕਵੀਆਂ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਅਤੇ ਉਹਨਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਜੇਕਰ ਰਾਤ ਨੂੰ ਕੋਈ ਦੁਰਘਟਨਾ ਵਾਲਾ ਮਰੀਜ਼ ਭੁੱਲ ਭੁਲੇਖੇ ਆ ਵੀ ਜਾਂਦਾ ਹੈ ਤਾਂ ਉਸਨੂੰ ਬਾਹਰ ਤੋਂ ਹੀ ਅੱਗੇ ਰੈਫਰ ਕਰ ਦਿੱਤਾ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਵਾਰ ਉਨ੍ਹਾਂ ਨੂੰ ਮਜ਼ਬੂਰੀ ਵੱਸ ਪ੍ਰਾਈਵੇਟ ਹਸਪਤਾਲਾਂ ਦਾ ਰੁਖ ਕਰਨਾ ਪੈਂਦਾ ਹੈ। ਮਰੀਜ਼ਾਂ ਦੀਆਂ ਸ਼ਿਕਾਇਤਾਂ ਨੂੰ ਵੀ ਗੰਭੀਰਤਾ ਨਾਲ ਨਾ ਸੁਣਨ ਦੇ ਦੋਸ਼ ਲਗਾਏ ਜਾ ਰਹੇ ਹਨ। ਇਸ ਸਬੰਧੀ ਡਾ. ਬੀ.ਆਰ. ਅੰਬੇਡਕਰ ਆਰਮੀ (ਪੰਜਾਬ) ਦੇ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਢੰਡੋਵਾਲ, ਸੀਨੀਅਰ ਆਗੂ ਪਰਮਜੀਤ ਸਿੰਘ ਜੱਬੋਵਾਲ, ਰਵੀ ਦੀਪੇਵਾਲ, ਰਾਹੁਲ ਨਾਹਰ, ਰਛਪਾਲ ਸਿੰਘ, ਸੰਗਤ ਸਿੰਘ ਰੰਧਾਵਾ ਡੱਲਾ, ਸੋਨੂੰ ਪੱਮਣ, ਸੁੱਖਾ ਪੱਮਣ, ਦੇਵਾ ਸਿੰਘ ਸਾਬਕਾ ਸਰਪੰਚ, ਲਕਸ਼ਮੀਕਾਂਤ ਸੋਨੂੰ, ਲਾਡੀ ਸ਼ਹਿਰੀ ਪ੍ਰਧਾਨ, ਅਕਸ਼ੇ ਸੁਲਤਾਨਪੁਰ, ਪਿੰਕਾ ਬੂਸੋਵਾਲ, ਲੱਡੂ ਯੂਸਫਪੁਰ ਅਤੇ ਮੰਗਾ ਮਾਛੀਜੋਆ ਨੇ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਲੋਕਾਂ ਲਈ ਸਹੂਲਤ ਦੀ ਬਜਾਏ ਪ੍ਰੇਸ਼ਾਨੀ ਦਾ ਕੇਂਦਰ ਬਣਦਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਹਸਪਤਾਲ ਵਿੱਚ ਮੌਜੂਦ ਕੁਝ ਡਾਕਟਰਾਂ ਦਾ ਮਰੀਜ਼ਾਂ ਪ੍ਰਤੀ ਰਵੱਈਆ ਵੀ ਸੰਤੋਸ਼ਜਨਕ ਨਹੀਂ ਹੈ, ਜਿਸ ਕਾਰਨ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਸਮੇਂ ਸਿਰ ਇਲਾਜ ਨਾ ਮਿਲਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਦੀ ਕਾਰਗੁਜ਼ਾਰੀ ਦੀ ਜਾਂਚ ਕਰਵਾਈ ਜਾਵੇ, ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਮ ਜਨਤਾ ਦੀ ਸੁਣਵਾਈ ਨਾ ਹੋਈ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਡਾ. ਬੀ.ਆਰ. ਅੰਬੇਡਕਰ ਆਰਮੀ (ਪੰਜਾਬ) ਵੱਲੋਂ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਦੇ ਬਾਹਰ ਵਿਸ਼ਾਲ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। 10 ਡਾਕਟਰਾਂ ਦੀਆਂ ਪੋਸਟਾਂ, ਸਿਰਫ਼ 3 ਡਾਕਟਰ ਤਾਇਨਾਤ ਜਾਣਕਾਰੀ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਵਿੱਚ ਡਾਕਟਰਾਂ ਦੀਆਂ ਕੁੱਲ 10 ਅਸਾਮੀਆਂ ਮਨਜ਼ੂਰ ਹਨ, ਪਰ ਮੌਜੂਦਾ ਸਮੇਂ ਵਿੱਚ ਸਿਰਫ਼ 3 ਡਾਕਟਰ ਹੀ ਡਿਊਟੀ ਨਿਭਾ ਰਹੇ ਹਨ। ਇਸੇ ਤਰ੍ਹਾਂ ਸਟਾਫ ਨਰਸਾਂ ਦੀਆਂ 8 ਅਸਾਮੀਆਂ ਵਿੱਚੋਂ ਕੇਵਲ 4 ਸਟਾਫ ਨਰਸਾਂ ਹੀ ਸੇਵਾਵਾਂ ਦੇ ਰਹੀਆਂ ਹਨ। ਇਸ ਤੋਂ ਇਲਾਵਾ ਹਸਪਤਾਲ ਵਿੱਚ 3 ਐੱਮ.ਐੱਲ.ਟੀ. ਅਤੇ ਇਕ ਰੇਡੀਓਗ੍ਰਾਫਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਸਟਾਫ ਦੀ ਘਾਟ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ । ਕੀ ਕਹਿੰਦੇ ਐੱਸਐੱਮਓ ਇਸ ਸਬੰਧੀ ਜਦੋਂ ਸੀਐੱਚਸੀ ਟਿੱਬਾ ਦੇ ਐੱਸਐੱਮਓ ਡਾ. ਐੱਸਐੱਸ ਸੇਠੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਵੇਲੇ ਡਾਕਟਰਾਂ ਦੀ ਘਾਟ ਹੈ, ਜਿਸ ਕਾਰਨ ਇਹ ਸਮੱਸਿਆ ਪੇਸ਼ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਨੂੰ ਡਾਕਟਰਾਂ ਦੀ ਨਿਯੁਕਤੀ ਲਈ ਲਿਖਤੀ ਰੂਪ ਵਿੱਚ ਭੇਜਿਆ ਜਾ ਚੁੱਕਾ ਹੈ।