ਮਾਨ ਦੇ ਰਾਜ ’ਚ ਹਾਲਾਤ ਬਦ ਤੋਂ ਬਦਤਰ ਹੋਏ : ਸੁਰਜੀਤ ਸਿੰਘ ਭਗਵੰਤ ਮਾਨ ਸਰਕਾਰ ਦੇ ਰਾਜ ’ਚ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋਏ : ਸੁਰਜੀਤ ਸਿੰਘ
Publish Date: Thu, 19 Nov 2026 09:54 PM (IST)
Updated Date: Thu, 19 Nov 2026 09:57 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ਤੇ ਫੇਲ੍ਹ ਸਾਬਤ ਹੋ ਰਹੀ ਹੈ, ਲੋਕਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸੂਬੇ ਦੇ ਹਾਲਾਤ ਬੇਹੱਦ ਚਿੰਤਾਜਨਕ ਬਣਦੇ ਜਾ ਰਹੇ ਹਨ। ਇਹ ਵਿਚਾਰ ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਨੇ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ, ਵਧ ਰਹੀਆਂ ਅਪਰਾਧਕ ਘਟਨਾਵਾਂ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ ਤੇ ਮਹਿੰਗਾਈ ਵਰਗੇ ਮੁੱਦੇ ਆਮ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹਨ, ਜਦਕਿ ਕਿਸਾਨ, ਮਜ਼ਦੂਰ, ਵਪਾਰੀ ਤੇ ਛੋਟੇ ਕਾਰੋਬਾਰੀ ਵਰਗ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਸੁਰਜੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵੱਡੇ-ਵੱਡੇ ਵਾਅਦਿਆਂ ਤੇ ਜ਼ਮੀਨੀ ਹਕੀਕਤ ਵਿੱਚ ਬਹੁਤ ਵੱਡਾ ਅੰਤਰ ਨਜ਼ਰ ਆ ਰਿਹਾ ਹੈ। ਸਰਕਾਰ ਨੂੰ ਸਿਰਫ਼ ਇਸ਼ਤਿਹਾਰਾਂ ਤੇ ਬਿਆਨਬਾਜ਼ੀ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ, ਨਸ਼ਿਆਂ ਤੇ ਨਕੇਲ ਕੱਸਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਵਾਅਦੇ ਨਹੀਂ, ਸਗੋਂ ਸਰਕਾਰ ਤੋਂ ਜਵਾਬਦੇਹੀ ਤੇ ਕੰਮ ਦੀ ਉਮੀਦ ਕਰਦੇ ਹਨ।