- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਗਵਾੜਾ ਹਲਕੇ ਵਿੱਚ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ-ਨਰੇਸ਼ ਭਾਰਦਵਾਜ

ਭਾਜਪਾ ਦੀ ਨਸ਼ਾ ਮੁਕਤੀ ਯਾਤਰਾ ਚੋਣ ਸਟੰਟ
ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਫਗਵਾੜਾ ਹਲਕੇ ਵਿੱਚ ਪਾਰਟੀ ਦੀਆਂ ਸੰਗਠਨਾਤਮਕ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਆਗੂਆਂ ਤੇ ਵਰਕਰਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਗੱਲ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਹੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਆਪਣੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰ ਰਹੀ ਹੈ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਕਾਂਗਰਸੀ ਆਗੂ ਤੇ ਵਰਕਰ ਲਗਾਤਾਰ ਲੋਕਾਂ ਨਾਲ ਸੰਪਰਕ ਵਿੱਚ ਹਨ ਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਤੇ ਵਰਕਰਾਂ ਦਾ ਇਕੱਠੇ ਕੰਮ ਕਰਨਾ ਜ਼ਰੂਰੀ ਹੈ। ਇਸ ਵੇਲੇ ਕਾਂਗਰਸ ਅੰਦਰ ਆਪਸੀ ਤਾਲਮੇਲ ਨਾਲ ਸੰਗਠਨਾਤਮਕ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਆਪਣੀ ਰਾਏ ਬਣਾਉਣ ਲੱਗ ਪਏ ਹਨ ਤੇ ਕਾਂਗਰਸ ਪਾਰਟੀ ਦੀ ਲੋਕਾਂ ਤੱਕ ਪਹੁੰਚ ਨੂੰ ਸਮਰਥਨ ਮਿਲ ਰਿਹਾ ਹੈ। ਫਗਵਾੜਾ ਵਿਧਾਨ ਸਭਾ ਹਲਕੇ ਬਾਰੇ ਗੱਲ ਕਰਦਿਆਂ ਨਰੇਸ਼ ਭਾਰਦਵਾਜ ਨੇ ਕਿਹਾ ਕਿ ਕਾਂਗਰਸ ਨੂੰ ਹਲਕੇ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਤੱਕ ਪਹੁੰਚ ਕਰ ਰਹੇ ਹਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸਥਾਨਕ ਮੁੱਦਿਆਂ ਨੂੰ ਸਮਝਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਨਰੇਸ਼ ਭਾਰਦਵਾਜ ਨੇ ਭਾਜਪਾ ਵੱਲੋਂ ਆਯੋਜਿਤ ਨਸ਼ਾ ਮੁਕਤੀ ਯਾਤਰਾ ਦੌਰਾਨ ਕਈ ਸ਼ਹਿਰਾਂ ਵਿੱਚ ਭਾਜਪਾ ਤੇ ਆਪ ਵਰਕਰਾਂ ਵਿਚਕਾਰ ਹੋਈਆਂ ਝੜਪਾਂ ਦੀ ਸਖ਼ਤ ਨਿੰਦਾ ਕੀਤੀ, ਉਨ੍ਹਾਂ ਨੂੰ ਮੰਦਭਾਗਾ ਤੇ ਭੈੜਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਵਿਚ ਪੈਦਾ ਹੋਏ ਤਣਾਅ ਤੇ ਡਰ ਲਈ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਜ਼ਿੰਮੇਵਾਰ ਹੈ ਤੇ ਪੰਜਾਬ ਦੇ ਲੋਕ ਕਦੇ ਵੀ ਅਜਿਹੇ ਹਾਲਾਤਾਂ ਦਾ ਸਮਰਥਨ ਨਹੀਂ ਕਰਨਗੇ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਝ ਨਸ਼ੇੜੀਆਂ ਦੇ ਘਰਾਂ ਵਿੱਚ ਦਾਖਲ ਹੋਣਾ ਤੇ ਕਰੋੜਾਂ ਰੁਪਏ ਦੇ ਟੀਵੀ ਇਸ਼ਤਿਹਾਰ ਜਾਂ ਭਾਜਪਾ ਦੀ ਨਸ਼ਾ ਮੁਕਤੀ ਯਾਤਰਾ, ਸੂਬੇ ਵਿੱਚੋਂ ਨਸ਼ਾ ਖਤਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਇੱਕ ਚੋਣ ਸਟੰਟ ਹੈ ਤੇ ਚੋਣਾਂ ਨੇੜੇ ਆਉਂਦਿਆਂ ਦੇਖ ਕੇ ਭਾਜਪਾ ਨੇ ਯਾਤਰਾ ਕੱਢਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਜਿਹਾ ਡਰਾਮਾ ਕਰਨ ਦੀ ਬਜਾਏ, ਅੰਤਰਰਾਸ਼ਟਰੀ ਯੁੱਧ, ਡਰੋਨ ਤੇ ਤਸਕਰੀ ਨੂੰ ਰੋਕਣ ਲਈ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ।