ਕਾਂਗਰਸ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨੂੰ ਤਰਜੀਹ ਦਿੱਤੀ : ਧਾਲੀਵਾਲ ਕਾਂਗਰਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਨੂੰ ਤਰਜੀਹ ਦਿੱਤੀ ਹੈ-ਵਿਧਾਇਕ ਧਾਲੀਵਾਲ
Publish Date: Tue, 01 Sep 2026 08:19 PM (IST)
Updated Date: Tue, 01 Sep 2026 08:22 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਕਾਂਗਰਸ ਸੰਗਠਨ ਸਿਰਜਣ ਮੁਹਿੰਮ ਤਹਿਤ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ। ਬਲਾਕ ਪ੍ਰਧਾਨ ਨਰੇਸ਼ ਭਾਰਦਵਾਜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਤੇ ਵਰਕਰਾਂ ਨੂੰ ਲਾਮਬੰਦ ਕਰਨਾ ਤੇ ਆਗਾਮੀ ਪ੍ਰੋਗਰਾਮਾਂ ਦੀਆਂ ਤਿਆਰੀਆਂ ਬਾਰੇ ਚਰਚਾ ਕਰਨਾ ਸੀ। ਇਸ ਮੌਕੇ ਬਲਾਕ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਸੰਗਠਨ ਦੀ ਤਾਕਤ ਇਸ ਦੇ ਵਰਕਰਾਂ ਦੀ ਸਰਗਰਮ ਭਾਗੀਦਾਰੀ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਆਮ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਇਹ ਵੀ ਕਿਹਾ ਕਿ ਸੰਗਠਨਾਤਮਕ ਵਿਸਥਾਰ ਮੁਹਿੰਮ ਰਾਹੀਂ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰਨਾ ਹੈ। ਆਪਣੇ ਲੰਬੇ ਰਾਜਨੀਤਿਕ ਇਤਿਹਾਸ ਦੌਰਾਨ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ ਤੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਕਾਂਗਰਸ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵਿਕਾਸ ਕਾਰਜਾਂ ਨੇ ਗਤੀ ਫੜੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਪ੍ਰਦਾਨ ਕਰਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਕਿਸਾਨ ਭਾਈਚਾਰੇ ਨੂੰ ਮਜ਼ਬੂਤ ਕਰਨਾ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਰ ਕਰਨ ਦੇ ਬਰਾਬਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਇਨ੍ਹਾਂ ਵਿੱਚੋਂ ਬਹੁਤ ਸਾਰੇ ਵਾਅਦੇ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਹੋਏ ਹਨ। ਕਿਸਾਨ ਆਪਣੀਆਂ ਫਸਲਾਂ ਦੀਆਂ ਲਾਗਤਾਂ ਤੇ ਹੋਰ ਖੇਤੀਬਾੜੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਜ਼ਮੀਨੀ ਪੱਧਰ ’ਤੇ ਕਿਸਾਨ-ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰੇ। ਇਸ ਮੌਕੇ ਨਰੇਸ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਮ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਅਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਮੀਟਿੰਗ ਦੇ ਅੰਤ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਤੇ ਜਨਤਕ ਸ਼ਿਕਾਇਤਾਂ ਨੂੰ ਉਠਾਉਣ ਨੂੰ ਪਹਿਲ ਦੇਣ ਦਾ ਪ੍ਰਣ ਲਿਆ ਗਿਆ।