ਕਾਂਗਰਸ ਨੇ ਕੱਢਿਆ ਕੈਂਡਲ ਮਾਰਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ
Publish Date: Fri, 16 Oct 2026 06:30 PM (IST)
Updated Date: Fri, 16 Oct 2026 06:33 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਐਂਟੀ ਡਰੱਗ ਟਾਸਕ ਫੋਰਸ ਦੇ ਪ੍ਰਮੁੱਖ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਫਗਵਾੜਾ ਵਿਖੇ ਕਾਂਗਰਸ ਵੱਲੋਂ ਕੈਂਡਲ ਮਾਰਚ ਕੱਢ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਕਾਂਗਰਸੀ ਆਗੂਆਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਰਾਜ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਪੰਜਾਬ ਵਿੱਚ ਮੌਜੂਦਾ ਹਾਲਾਤ ਇਸ ਦੇ ਉਲਟ ਦਿਖਾਈ ਦੇ ਰਹੇ ਹਨ। ਸਥਾਨਕ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਤੇ ਫਗਵਾੜਾ ਵਿਧਾਨ ਸਭਾ ਹਲਕੇ ਦੇ ਪ੍ਰਧਾਨ ਉੱਜਵਲ ਪ੍ਰਭਾਕਰ ਦੀ ਅਗਵਾਈ ਵਿੱਚ ਕੱਢੇ ਗਏ ਇਸ ਕੈਂਡਲ ਮਾਰਚ ਵਿੱਚ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਸਾਹਿਲ ਵੋਹਰਾ, ਬਲਾਕ ਪ੍ਰਧਾਨ ਪਵਨ, ਕਮਲ ਧਾਲੀਵਾਲ, ਹਨੀ ਧਾਲੀਵਾਲ, ਪੁਸ਼ਪ ਰੱਤੀ, ਸਹਿਜ ਦਰਦੀ, ਧਰੁਵ ਸ਼ਰਮਾ, ਹਰਮਨ ਮਹਿਰਾ, ਅੰਸ਼ ਸ਼ਰਮਾ, ਮਾਨ ਸ਼ਰਮਾ, ਅਰਮਾਨ ਘਈ, ਰਾਹੁਲ ਕਰਵਲ ਤੇ ਬਲਾਕ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮਾਰਚ ਦੌਰਾਨ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਦੇ ਬਲਾਕ ਪ੍ਰਧਾਨ ਸਾਹਿਲ ਵੋਹਰਾ ਤੇ ਉੱਜਵਲ ਪ੍ਰਭਾਕਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਬੇਹੱਦ ਨਿੰਦਣਯੋਗ ਘਟਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਾ ਵੀ ਜਾਨਲੇਵਾ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਲੋਕਾਂ ਦੀ ਜਾਨ ਨੂੰ ਹੀ ਖ਼ਤਰਾ ਬਣਿਆ ਹੋਇਆ ਹੈ ਤਾਂ ਇਹ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦੇ ਹੌਸਲੇ ਨੂੰ ਕਮਜ਼ੋਰ ਕਰਦੀਆਂ ਹਨ। ਉੱਜਵਲ ਪ੍ਰਭਾਕਰ ਨੇ ਸਵਾਲ ਉਠਾਇਆ ਕਿ ਜੇਕਰ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕ ਆਪਣੀ ਸੁਰੱਖਿਆ ਲਈ ਕਿਸ ’ਤੇ ਭਰੋਸਾ ਕਰਨ? ਸਾਹਿਲ ਵੋਹਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਦਿਆਂ ਕਿਹਾ ਕਿ ਆਖ਼ਰ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ ਤੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਸਰਕਾਰ ਕਿਹੜੇ ਠੋਸ ਕਦਮ ਚੁੱਕ ਰਹੀ ਹੈ? ਸਾਹਿਲ ਵੋਹਰਾ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉੱਜਵਲ ਪ੍ਰਭਾਕਰ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਸਾਮਰਾਜ ਨੂੰ ਖ਼ਤਮ ਕਰਨ, ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਤੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਕਾਇਮ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਆਪਣਾ ਸੰਘਰਸ਼ ਜਾਰੀ ਰੱਖੇਗੀ। ਕੈਂਡਲ ਮਾਰਚ ਰਾਹੀਂ ਕਾਂਗਰਸੀ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਠੋਸ ਕਦਮ ਚੁੱਕੇ ਜਾਣ।