ਆਪ’ ਤੋਂ ਨਿਰਾਸ਼ ਲੋਕਾਂ ਲਈ ਉਮੀਦ ਦੀ ਕਿਰਨ ਹੈ ਕਾਂਗਰਸ : ਧਾਲੀਵਾਲ ਆਪ’ ਪਾਰਟੀ ਤੋਂ ਨਿਰਾਸ਼ ਪੰਜਾਬ ਦੇ ਲੋਕਾਂ ਲਈ ਉੱਮੀਦ ਦੀ ਕਿਰਨ ਹੈ ਕਾਂਗਰਸ — ਬਲਵਿੰਦਰ ਸਿੰਘ ਧਾਲੀਵਾਲ
Publish Date: Sat, 21 Nov 2026 07:35 PM (IST)
Updated Date: Sat, 21 Nov 2026 07:37 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਵਿਧਾਨਸਭਾ ਹਲਕਾ ਫਗਵਾੜਾ ਦੇ ਪਿੰਡ ਬਰਨ ਵਿਖੇ ਸਰਗਰਮ ਕਾਂਗਰਸ ਆਗੂ ਮਨਜੀਤ ਸਿੰਘ ਮੰਗੀ ਦੇ ਯਤਨਾਂ ਸਦਕਾ ਅਨੇਕਾਂ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸਮੂਹ ਪਰਿਵਾਰਾਂ ਨੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਦਿਆਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਵਿੱਚ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ ਤੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਦੀ ਦੇਖਣਾ ਚਾਹੁੰਦੇ ਹਨ। ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਨਿਰਾਸ਼ ਪੰਜਾਬ ਦੇ ਲੋਕਾਂ ਲਈ ਮੁੜ ਕਾਂਗਰਸ ਪਾਰਟੀ ਹੀ ਉਮੀਦ ਦੀ ਕਿਰਨ ਹੈ। ਕਾਂਗਰਸ ਲੋਕਾਂ ਦੀ ਪਾਰਟੀ ਹੈ ਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ। ਨਵੇਂ ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਜਿੱਥੇ ਸੰਗਠਨ ਨੂੰ ਮਜ਼ਬੂਤੀ ਮਿਲੇਗੀ, ਉੱਥੇ ਹੀ ਪਾਰਟੀ ਦੇ ਵਿਚਾਰਾਂ ਅਤੇ ਨੀਤੀਆਂ ਨੂੰ ਹੋਰ ਵਧੇਰੇ ਲੋਕਾਂ ਤੱਕ ਪਹੁੰਚਾਉਣ ਵਿੱਚ ਵੀ ਮਦਦ ਮਿਲੇਗੀ। ਧਾਲੀਵਾਲ ਨੇ ਕਿਹਾ ਕਿ ਕਾਂਗਰਸ ਨਾਲ ਲੋਕਾਂ ਦਾ ਜੁੜਨਾ ਪਾਰਟੀ ਲਈ ਉਤਸ਼ਾਹਜਨਕ ਹੈ ਤੇ ਵਰਕਰਾਂ ਦੀ ਮਿਹਨਤ ਤੇ ਲੋਕਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਦੀਆਂ ਭਾਵਨਾਵਾਂ ਤੇ ਵਿਚਾਰਾਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਤੇ ਸਾਰੇ ਮਿਲ ਕੇ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਨਾਉਣਗੇ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਤੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਤੋਂ ਹੀ ਪੂਰੀ ਮਿਹਨਤ, ਲਗਨ ਤੇ ਇਕਜੁੱਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੇ ਲੋਕ ਪੱਖੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਹਰ ਵਰਕਰ ਆਪਣੀ ਜ਼ਿੰਮੇਵਾਰੀ ਨਿਭਾਏ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਕੇ ਚੋਣਾਂ ਵਿੱਚ ਬਿਹਤਰ ਨਤੀਜੇ ਹਾਸਲ ਕੀਤੇ ਜਾ ਸਕਣ। ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਬਲਿਹਾਰ ਸਿੰਘ, ਅਵਤਾਰ ਸਿੰਘ, ਗੁਰਨਾਮ, ਮਨਜੀਤ ਸਿੰਘ ਜੀਤੀ, ਦਲਵੀਰ ਕੌਰ, ਰੇਸ਼ਮ ਕੌਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।