ਵਿਰੋਧੀ ਧਿਰ ਸਿਰਫ਼ ਬੇਬੁਨਿਆਦ ਦੋਸ਼ ਲਗਾ ਰਹੀ : ਢੋਟ ਲੋਕ ਹਿੱਤ ਦੇ ਮੁੱਦਿਆਂ 'ਤੇ ਕਾਂਗਰਸ ਦਾ ਕੋਈ ਮੁਕਾਬਲਾ ਨਹੀਂ, ਇਸ ਲਈ ਬੇਬੁਨਿਆਦ ਦੋਸ਼ਾਂ ਦੀ ਰਾਜਨੀਤੀ ਕਰ ਰਹੀ ਹੈ: ਪਰਵਿੰਦਰ ਢੋਟ
Publish Date: Tue, 04 Aug 2026 10:10 PM (IST)
Updated Date: Tue, 04 Aug 2026 10:13 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਢੋਟ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਉਠਾਏ ਜਾ ਰਹੇ ਮੁੱਦਿਆਂ ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਦੇਖ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਭਰੋਸਾ ਜਿੱਤ ਰਹੀ ਹੈ, ਜਦਕਿ ਵਿਰੋਧੀ ਧਿਰ ਕੋਲ ਸਿਰਫ਼ ਬੇਬੁਨਿਆਦ ਦੋਸ਼ ਲਗਾਉਣ ਦੀ ਰਾਜਨੀਤੀ ਹੀ ਬਚੀ ਹੈ। ਪਰਵਿੰਦਰ ਢੋਟ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਧਾਇਕ ਪੇਪਰ ਲੀਕ ਤੇ ਹੋਰ ਮੁੱਦਿਆਂ ਦੇ ਨਾਂ ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਹਕੀਕਤ ਇਹ ਹੈ ਕਿ ਭਗਵੰਤ ਮਾਨ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਪਹਿਲਾਂ ਨਾਲੋਂ ਵੱਧ ਪਾਰਦਰਸ਼ੀ ਬਣਾਇਆ ਹੈ ਤੇ ਯੋਗਤਾ ਦੇ ਆਧਾਰ ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਸਭ ਤੋਂ ਵੱਧ ਤਕਲੀਫ਼ ਪੰਜਾਬ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਤੋਂ ਹੈ। ਸਰਕਾਰ ਮੁਤਾਬਕ ਇਸ ਯੋਜਨਾ ਤਹਿਤ ਹੁਣ ਤੱਕ 72 ਲੱਖ 56 ਹਜ਼ਾਰ 686 ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਯੋਜਨਾ ਅਧੀਨ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਬੈਂਕ ਖਾਤਿਆਂ ਵਿੱਚ ਭੇਜੇ ਜਾ ਰਹੇ ਹਨ। ਇਸ ਯੋਜਨਾ ਲਈ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਪਰਵਿੰਦਰ ਢੋਟ ਨੇ ਕਿਹਾ ਕਿ ਵਿਧਾਨ ਸਭਾ ਲੋਕਤੰਤਰਿਕ ਚਰਚਾ ਦਾ ਮੰਚ ਹੈ, ਪਰ ਕਾਂਗਰਸ ਤੇ ਵਿਰੋਧੀ ਧਿਰ ਨੂੰ ਸਿਰਫ਼ ਸਿਆਸੀ ਲਾਭ ਲਈ ਹੰਗਾਮਾ ਕਰਨ ਦੀ ਬਜਾਏ ਲੋਕ ਹਿੱਤ ਨਾਲ ਜੁੜੇ ਰਚਨਾਤਮਕ ਸੁਝਾਅ ਦੇਣੇ ਚਾਹੀਦੇ ਹਨ। ਪੰਜਾਬ ਦੀ ਜਨਤਾ ਜਾਣਦੀ ਹੈ ਕਿ ਜਿਨ੍ਹਾਂ ਪਾਰਟੀਆਂ ਨੇ ਸਾਲਾਂ ਤੱਕ ਸੂਬੇ ਤੇ ਰਾਜ ਕੀਤਾ, ਉਹ ਅੱਜ ਭਗਵੰਤ ਮਾਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਮੁਕਾਬਲਾ ਨਹੀਂ ਕਰ ਸਕਦੀਆਂ। ਇਸੇ ਲਈ ਉਹ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।