ਕਾਂਗਰਸ ਪਾਰਟੀ ਵੱਲੋਂ ਮੁਖਤਿਆਰ ਭਗਤਪੁਰ, ਗੁਰਿੰਦਰਪਾਲ ਭੁੱਲਰ, ਨਰਿੰਦਰ ਪੰਨੂ ਬਲਾਕ ਪ੍ਰਧਾਨ ਨਿਯੁਕਤ

- ਬਲਾਕ ਕਾਂਗਰਸ ਪਾਰਟੀ ’ਚ ਖੁਸ਼ੀ ਦੀ ਲਹਿਰ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਮੁੜ ਤੋਂ ਬਲਾਕ ਕਾਂਗਰਸ ਪ੍ਰਧਾਨ ਜ਼ੋਨ ਨੰਬਰ ਇੱਕ ਮੁਖਤਿਆਰ ਸਿੰਘ ਭਗਤਪੁਰ, ਜ਼ੋਨ ਨੰਬਰ 2 ਦੇ ਗੁਰਿੰਦਰਪਾਲ ਸਿੰਘ ਭੁੱਲਰ ਗੋਗਾ, ਬਲਾਕ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ ਨੂੰ ਨਿਯੁਕਤ ਕਰਨ ਤੇ ਕਾਂਗਰਸ ਵਰਕਰਾਂ ਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਤੇ ਵਧਾਈ ਦੇਣ ਦਾ ਸਿਲਸਿਲਾ ਚੱਲ ਰਿਹਾ ਹੈ। ਇਸ ਮੌਕੇ ਮੁਖਤਿਆਰ ਸਿੰਘ ਭਗਤਪੁਰ, ਗੁਰਿੰਦਰਪਾਲ ਸਿੰਘ ਗੋਗਾ, ਨਰਿੰਦਰ ਸਿੰਘ ਪੰਨੂ ਨੇ ਪੰਜਾਬ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਤੇ ਖਾਸ ਤੌਰ ’ਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਕਾਂਗਰਸ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਈ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਇਹ ਕਾਂਗਰਸੀ ਆਗੂ ਲੰਮੇ ਸਮੇਂ ਤੋਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨਾਲ ਚੱਟਾਣ ਵਾਂਗ ਖੜ੍ਹੇ ਹਨ, ਜਿਨ੍ਹਾਂ ਨੇ ਹਲਕੇ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਕੰਮ ਕੀਤੇ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਚਾਰ ਸਾਲ ਤੋਂ ਲਗਾਤਾਰ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਤੇ ਹਿਟਲਰ ਸ਼ਾਹੀ ਖ਼ਿਲਾਫ਼ ਸੰਤਾਪ ਭੋਗ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਵੱਲ ਵੇਖ ਰਹੇ ਹਨ ਤੇ ਇਹ ਨਿਸ਼ਚਿਤ ਹੈ ਕਿ ਸੂਬੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਕਾਂਗਰਸ ਪਾਰਟੀ ਇਕੱਲੀ ਅਜਿਹੀ ਪਾਰਟੀ ਹੈ ਜਿਹੜੀ ਲੋਕਾਂ ਦੇ ਦੁੱਖ ਦਰਦ ਵਿੱਚ ਸਾਂਝੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਦਰਦ ਨੂੰ ਸਮਝਿਆ ਅਤੇ ਪੰਜਾਬ ਦੇ ਮੁੱਦਿਆਂ ਦੇ ਪ੍ਰਤੀ ਆਵਾਜ਼ ਬੁਲੰਦ ਕਰਦੇ ਹੋਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ‘ਆਪ’ ਸਰਕਾਰ ਵੱਲੋਂ ਇਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਪੰਜਾਬ ਦੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਪ੍ਰਤੀ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਕਾਂਗਰਸ ਆਗੂਆਂ ਨੇ ਕਿਹਾ ਕਿ ਪਾਵਨ ਨਗਰੀ ਦਾ ਜੋ ਵਿਕਾਸ 550 ਸਾਲਾ ਗੁਰਪੁਰਬ ਮੌਕੇ ਨਵਤੇਜ ਚੀਮਾ ਨੇ ਬਤੌਰ ਵਿਧਾਇਕ ਕਾਂਗਰਸ ਪਾਰਟੀ ਵੱਲੋਂ ਕੀਤਾ ਸੀ, ਉਸ ਦਾ ਚਾਰ ਸਾਲਾਂ ਵਿੱਚ ਆਮ ਪਾਰਟੀ ਨੇ ਵਿਨਾਸ਼ ਕਰ ਦਿੱਤਾ ਹੈ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਦੇ ਪ੍ਰਤੀ ਵਫਾਦਾਰੀ ਤੇ ਹਲਕੇ ਦੇ ਹਿੱਤ ਲਈ ਦੁਬਾਰਾ ਨਵਤੇਜ ਸਿੰਘ ਚੀਮਾ ਨੂੰ 2027 ਦੀਆਂ ਚੋਣਾਂ ਵਿੱਚ ਇਤਿਹਾਸ ਦੁਹਰਾ ਕੇ ਕਾਮਯਾਬ ਬਣਾਉਣ।