ਗਗਨਦੀਪ ਸਿੰਘ ਰੰਧਾਵਾ ਆਤਮ ਹੱਤਿਆ ਮਾਮਲੇ ‘ਚ ਇਨਸਾਫ ਦੀ ਮੰਗ ਨੂੰ ਲੈ ਕੇ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ

ਗਗਨਦੀਪ ਸਿੰਘ ਰੰਧਾਵਾ ਆਤਮ ਹੱਤਿਆ ਮਾਮਲਾ ਭਖਿਆ
ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਕਾਂਗਰਸ ਪਾਰਟੀ ਨੇ ਅੱਜ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਫਗਵਾੜਾ ਹਲਕੇ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢ ਕੇ ਵੇਅਰ ਹਾਊਸ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਆਤਮ ਹੱਤਿਆ ਮਾਮਲੇ ‘ਚ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਸਮੂਹ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਵਿਧਾਇਕ ਧਾਲੀਵਾਲ ਦੀ ਕੋਠੀ ਵਿਖੇ ਇਕੱਤਰ ਹੋਏ ਸਮੂਹ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਪਰੰਤ ਵਿਧਾਇਕ ਧਾਲੀਵਾਲ ਦੀ ਅਗਵਾਈ ਹੇਠ ਗੁਰੂ ਹਰਗੋਬਿੰਦ ਨਗਰ ਸਥਿਤ ਡਾ. ਅੰਬੇਡਕਰ ਪਾਰਕ ਤੋਂ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਗੱਲਬਾਤ ਕਰਦੇ ਹੋਏ ਕਾਂਗਰਸ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਜਾਂ ਗਿਰਫਤਾਰੀ ਦੇ ਨਾਲ ਪਰਿਵਾਰ ਨੂੰ ਨਿਆਂ ਨਹੀਂ ਮਿਲ ਸਕਦਾ ਬਲਕਿ ਜਿਨ੍ਹਾਂ ਵਿਅਕਤੀਆਂ ਦਾ ਨਾਮ ਮ੍ਰਿਤਕ ਗਗਨਦੀਪ ਸਿੰਘ ਰੰਧਾਵਾ ਵੱਲੋਂ ਆਤਮਹੱਤਿਆ ਕਰਨ ਤੋਂ ਪਹਿਲਾਂ ਬਣਾਏ ਵੀਡੀਓ ਕਲਿਪ ਵਿਚ ਲਏ ਗਏ ਹਨ, ਉਨ੍ਹਾਂ ਸਾਰਿਆਂ ਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ‘ਤੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦਾ ਵੀ ਦੋਸ਼ ਲਗਾਇਆ ਤੇ ਕਿਹਾ ਕਿ ਮੰਤਰੀ ਭੁੱਲਰ ਦੀ ਗ੍ਰਿਫਤਾਰੀ ‘ਚ ਦੇਰੀ ਇਸ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਹੋ ਸਕੇ। ਉਨ੍ਹਾਂ ਤਲਖ ਲਹਿਜ਼ੇ ਵਿਚ ਕਿਹਾ ਕਿ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦਾ ਮਾਮਲਾ ਬਹੁਤ ਹੀ ਗੰਭੀਰ ਹੈ ਤੇ ਇਸਨੂੰ ਹਲਕੇ ਵਿਚ ਨਹੀਂ ਲਿਆ ਜਾ ਸਕਦਾ। ਪ੍ਰਸ਼ਾਸਨਿਕ ਤੇ ਸਿਆਸੀ ਦਬਾਅ ਦਾ ਜ਼ਿਕਰ ਕਰਦੇ ਹੋਏ ਉੁਨ੍ਹਾਂ ਚਿੰਤਾ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਪਾਰਟੀ ਪੀੜ੍ਹਤ ਪਰਿਵਾਰ ਦੇ ਨਾਲ ਡੱਟ ਕੇ ਖੜੀ ਹੈ ਤੇ ਰੰਧਾਵਾ ਦੇ ਪਰਿਵਾਰ ਨੂੰ ਨਿਆਂ ਦੁਆਉਣ ਤੱਕ ਚੁੱਪ ਨਹੀਂ ਬੈਠੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਇਸ ਸਰਕਾਰ ਦੇ ਰਾਜ ਵਿਚ ਅਧਿਕਾਰੀ ਆਜ਼ਾਦ ਤੇ ਨਿਰਪੱਖ ਢੰਗ ਨਾਲ ਕੰਮ ਨਹੀਂ ਕਰ ਪਾ ਰਹੇ, ਜਿਸ ਨਾਲ ਸ਼ਾਸਨ ਪ੍ਰਣਾਲੀ ਸਵਾਲਾਂ ਦੇ ਘੇਰੇ ਵਿਚ ਹੈ। ਕਾਂਗਰਸ ਵਿਧਾਇਕ ਨੇ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਬਚਾਅ ਦੀ ਬਜਾਏ ਪੁਲਿਸ ਨੂੰ ਜਾਂਚ ਵਿਚ ਪੂਰਾ ਸਹਿਯੋਗ ਦਿੰਦਿਆਂ ਜਵਾਬਦੇਹੀ ਤੈਅ ਕੀਤੀ ਜਾਵੇ। ਇਸ ਦੌਰਾਨ ਹਾਜ਼ਰ ਕਾਂਗਰਸ ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਸਰਕਾਰ ਤੋਂ ਪੂਰੀ ਤਰ੍ਹਾਂ ਉੱਠ ਚੁੱਕਾ ਹੈ। ਲੋਕ ਕਦੇ ਵੀ ਅਜਿਹੀ ਨਿਕੰਮੀ ਤੇ ਭ੍ਰਿਸ਼ਟ ਪਾਰਟੀ ਨੂੰ ਦੁਬਾਰਾ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਤੇ ਵਰਕਰ ਹਾਜ਼ਰ ਸਨ।