ਸੰਯੁਕਤ ਕਿਸਾਨ ਮੋਰਚਾ ਦਾ ਧਰਨਾ ਮੁਲਤਵੀ ਸੰਯੁਕਤ ਕਿਸਾਨ ਮੋਰਚਾ ਦੇ ਸੰਘਰਸ਼ ਸਦਕਾ ਮੀਟਿੰਗ ’ਚ ਮੰਗਾਂ ’ਤੇ ਬਣੀ ਸਹਿਮਤੀ, ਸੁਲਤਾਨਪੁਰ ਰੋਡ ’ਤੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ
Publish Date: Tue, 13 Oct 2026 07:42 PM (IST)
Updated Date: Tue, 13 Oct 2026 07:44 PM (IST)
ਅੱਜ ਹੋਈ ਮੀਟਿੰਗ ’ਚ ਮੰਗਾਂ ’ਤੇ ਬਣੀ ਸਹਿਮਤੀ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨਾਲ ਹੋ ਰਹੀ ਲੁੱਟ ਤੇ ਬੇਲੋੜੀਆਂ ਕਟੌਤੀਆਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਗਾਤਾਰ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸੇ ਮਸਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਿਛਲੇ ਸੱਤ ਦਿਨਾਂ ਤੋਂ ਸਬੰਧਤ ਧਿਰਾਂ ਨਾਲ ਮੀਟਿੰਗ ਕਰਨ ਦੀ ਮੰਗ ਕਰ ਰਹੀਆਂ ਸਨ, ਤਾਂ ਜੋ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਝੋਨੇ ਦੀ ਖ਼ਰੀਦ ਦੌਰਾਨ ਹੋ ਰਹੀਆਂ ਕਟੌਤੀਆਂ ਦਾ ਹੱਲ ਕੱਢਿਆ ਜਾ ਸਕੇ ਪਰ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ ਸੀ। ਇਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੁਲਤਾਨਪੁਰ ਰੋਡ ’ਤੇ ਧਰਨਾ ਦੇਣ ਤੇ ਸੜਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਧਰਨੇ ਦੇ ਐਲਾਨ ਤੋਂ ਬਾਅਦ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਦੇ ਦਖ਼ਲ ਉਪਰੰਤ ਆੜ੍ਹਤੀਆ ਐਸੋਸੀਏਸ਼ਨ ਤੇ ਮਿੱਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹਲਕਾ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਝੋਨੇ ਦੀ ਖ਼ਰੀਦ ਸਬੰਧੀ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਸਹਿਮਤੀ ਬਣੀ ਕਿ 17 ਫ਼ੀਸਦੀ ਤੱਕ ਨਮੀ ਵਾਲੇ ਝੋਨੇ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ ਤੇ 25 ਫ਼ੀਸਦੀ ਤੱਕ ਨਮੀ ਵਾਲੇ ਝੋਨੇ ਦੀ ਖ਼ਰੀਦ ਸਬੰਧੀ ਨਮੀ ਦੇ ਹਿਸਾਬ ਨਾਲ 30 ਰੁਪਏ ਪ੍ਰਤੀ ਫ਼ੀਸਦੀ ਕਟੌਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੰਡੀ ਵਿੱਚ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਕਰਨ ਤੇ ਹੋਰ ਬੁਨਿਆਦੀ ਸਮੱਸਿਆਵਾਂ ਦੇ ਹੱਲ ਸਬੰਧੀ ਵੀ ਸਹਿਮਤੀ ਬਣੀ। ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਬੇਲੋੜੀਆਂ ਕਟੌਤੀਆਂ ਤੇ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਮੀਟਿੰਗ ਦੌਰਾਨ ਮੰਗਾਂ ’ਤੇ ਬਣੀ ਸਹਿਮਤੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਅੱਜ ਦਿੱਤੇ ਜਾਣ ਵਾਲੇ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦਾ ਸੰਘਰਸ਼ ਅੱਗੇ ਵੀ ਜਾਰੀ ਰਹੇਗਾ।