ਠੇਕੇ ਦੇ ਕਰਿੰਦੇ ਨੇ ਕਥਿਤ ਤੌਰ ’ਤੇ ਨਿਗਲੀ ਜ਼ਹਿਰੀਲੀ ਦਵਾਈ ਠੇਕੇ ਦੇ ਕਰਿੰਦੇ ਨੇ ਕਥਿਤ ਤੌਰ ’ਤੇ ਨਿਗਲੀ ਜ਼ਹਿਰੀਲੀ ਦਵਾਈ
Publish Date: Sun, 26 Jul 2026 08:50 PM (IST)
Updated Date: Sun, 26 Jul 2026 08:53 PM (IST)
ਠੇਕੇਦਾਰ ਦੇ ਪੁੱਤਰ ’ਤੇ ਲਗਾਏ ਤੰਗ-ਪਰੇਸ਼ਾਨ ਤੇ ਧਮਕੀਆਂ ਦੇਣ ਦੇ ਦੋਸ਼ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਪਿੰਡ ਕਾਲਰੂ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਸ਼ਰਾਬ ਦੇ ਠੇਕੇ ’ਤੇ ਕੰਮ ਕਰਨ ਵਾਲੇ ਕਰਿੰਦੇ ਵੱਲੋਂ ਕਥਿਤ ਤੌਰ ’ਤੇ ਜ਼ਹਿਰੀਲੀ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ। ਘਟਨਾ ਤੋਂ ਬਾਅਦ ਇਲਾਕੇ ’ਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ। ਜ਼ਹਿਰੀਲੀ ਦਵਾਈ ਨਿਗਲਣ ਵਾਲੇ ਨੌਜਵਾਨ ਦੀ ਪਛਾਣ ਹਰਮਨ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕਾਲਰੂ ਵਜੋਂ ਹੋਈ ਹੈ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਹਰਮਨ ਅਤੇ ਉਸ ਦੇ ਪਿਤਾ ਜਸਵੰਤ ਸਿੰਘ ਨੇ ਦੋਸ਼ ਲਗਾਇਆ ਕਿ ਉਹ ਇੱਕ ਠੇਕੇਦਾਰ ਕੋਲ ਕਰਿੰਦੇ ਵਜੋਂ ਕੰਮ ਕਰਦਾ ਹੈ ਅਤੇ ਪਿਛਲੇ ਦੋ ਮਹੀਨਿਆਂ ਤੋਂ ਉਸ ਦੀ ਤਨਖਾਹ ਨਹੀਂ ਦਿੱਤੀ ਗਈ। ਉਸ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਠੇਕੇਦਾਰ ਦੇ ਪੁੱਤਰ ਵੱਲੋਂ ਉਸ ਨੂੰ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਹਰਮਨ ਵੱਲੋਂ ਬਣਾਈ ਗਈ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਕਥਿਤ ਤੌਰ ’ਤੇ ਆਪਣੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਹਲਕੇ ਵਿੱਚ ਐਕਸਪਾਇਰ ਹੋ ਚੁੱਕੀ ਸ਼ਰਾਬ ਦੀ ਸਪਲਾਈ ਕੀਤੀ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਹਰਮਨ ਵੱਲੋਂ ਆਪਣੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਠੇਕੇਦਾਰ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਇਸ ਤੋਂ ਬਾਅਦ ਹਰਮਨ ਵੱਲੋਂ ਕਥਿਤ ਤੌਰ ’ਤੇ ਕੋਈ ਦਵਾਈ ਨਿਗਲ ਲਈ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਜਿਸ ਤੋਂ ਬਾਅਦ ਸੁਲਤਾਨਪੁਰ ਲੋਧੀ ਦੇ ਇੱਕ ਨਿੱਜੀ ਹਸਪਤਾਲ ਵਿਖੇ ਉਸ ਦਾ ਇਲਾਜ ਚੱਲ ਰਿਹਾ ਹੈ। ਠੇਕੇਦਾਰ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ ਇਸ ਮਾਮਲੇ ਸਬੰਧੀ ਠੇਕੇਦਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ, ਤੁਸੀਂ ਐੱਸਐੱਚਓ ਸੁਲਤਾਨਪੁਰ ਲੋਧੀ ਤੋਂ ਸਾਰੀ ਮਾਮਲੇ ਦੀ ਜਾਣਕਾਰੀ ਲੈ ਲਓ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ 250 ਤੋਂ 300 ਦੇ ਕਰੀਬ ਵਰਕਰ ਕੰਮ ਕਰਦੇ ਹਨ ਅਤੇ ਅੱਜ ਤੱਕ ਕਿਸੇ ਵੀ ਕਰਮਚਾਰੀ ਵੱਲੋਂ ਇਸ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਉਨ੍ਹਾਂ ਹਰਮਨ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ। ਉਹਨਾਂ ਸਪੱਸ਼ਟ ਕਿਹਾ ਕਿ ਜਾਂਚ ਤੋਂ ਬਾਅਦ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ ਉੱਧਰ ਥਾਣਾ ਸੁਲਤਾਨਪੁਰ ਲੋਧੀ ਦੇ ਐੱਸਐੱਚਓ ਸਬ-ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਾਲਰੂ ਵਿਖੇ ਸਥਿਤ ਸ਼ਰਾਬ ਦੇ ਠੇਕੇ ਨੂੰ ਅੰਦਰੋਂ ਤਾਲਾ ਲਗਾ ਕੇ ਇੱਕ ਵਿਅਕਤੀ ਨੇ ਕਬਜ਼ਾ ਕੀਤਾ ਹੋਇਆ ਹੈ। ਪੁਲਿਸ ਟੀਮ ਜਦੋਂ ਮੌਕੇ ’ਤੇ ਪਹੁੰਚੀ ਤਾਂ ਹਰਮਨ ਨਾਲ ਗੱਲਬਾਤ ਕੀਤੀ ਗਈ ਅਤੇ ਉਸ ਨੂੰ ਸਮਝਾਇਆ ਗਿਆ ਕਿ ਜੇਕਰ ਕੋਈ ਸਮੱਸਿਆ ਹੈ ਤਾਂ ਪੁਲਿਸ ਨੂੰ ਦੱਸਿਆ ਜਾਵੇ। ਐੱਸਐੱਚਓ ਨੇ ਦੱਸਿਆ ਕਿ ਪੁਲਿਸ ਕੋਲ ਮੌਕੇ ਦੀ ਵੀਡੀਓ ਰਿਕਾਰਡਿੰਗ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਹਰਮਨ ਵੱਲੋਂ ਠੇਕੇਦਾਰ ਨੂੰ ਬੁਲਾਉਣ ਲਈ ਕਿਹਾ ਗਿਆ ਸੀ ਤਾਂ ਜੋ ਮਾਮਲਾ ਸੁਲਝਾਇਆ ਜਾ ਸਕੇ। ਜਦੋਂ ਠੇਕੇਦਾਰ ਮੌਕੇ ’ਤੇ ਪਹੁੰਚਿਆ ਤਾਂ ਹਰਮਨ ਵੱਲੋਂ ਕਥਿਤ ਤੌਰ ’ਤੇ ਦਵਾਈ ਨਿਗਲ ਲਈ ਗਈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ। ਐੱਸਐੱਚਓ ਦਵਿੰਦਰ ਪਾਲ ਨੇ ਕਿਹਾ ਕਿ ਇਸ ਸਮੇਂ ਹਰਮਨ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਕਸਪਾਇਰ ਸ਼ਰਾਬ ਦੀ ਸਪਲਾਈ ਸਬੰਧੀ ਅਜੇ ਤੱਕ ਪੁਲਿਸ ਨੂੰ ਕੋਈ ਲਿਖਤੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ। ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਸਲ ਤੱਥ ਸਾਹਮਣੇ ਆਉਣਗੇ।