ਠੇਕੇਦਾਰ ਬਲਜਿੰਦਰ ਸਿੰਘ ਨੇ ਕੀਤੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਠੇਕੇਦਾਰ ਬਲਜਿੰਦਰ ਸਿੰਘ ਨੇ ਕੀਤੀ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
Publish Date: Wed, 30 Sep 2026 06:58 PM (IST)
Updated Date: Wed, 30 Sep 2026 07:00 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ: ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਸਟੇਟ ਡੈਲੀਗੇਸ਼ਨ ਕਮੇਟੀ ਦੇ ਮੈਂਬਰ ਬਲਜਿੰਦਰ ਸਿੰਘ ਠੇਕੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਬਾਦਲ ’ਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ. ਬਾਦਲ ਦਾ ਹਾਲ-ਚਾਲ ਪੁੱਛਿਆ ਅਤੇ ਦੋਵਾਂ ਆਗੂਆਂ ਵਿਚਕਾਰ ਫਗਵਾੜਾ ਵਿਧਾਨ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਅਤੇ ਜਥੇਬੰਦਕ ਮਾਮਲਿਆਂ ਬਾਰੇ ਵੀ ਚਰਚਾ ਹੋਈ। ਬਲਜਿੰਦਰ ਸਿੰਘ ਠੇਕੇਦਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਾਕਾਤ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦੁਵਾਇਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਐੱਸਸੀ ਵਰਗ ਲਈ ਰਾਖਵੇਂ ਹਲਕਿਆਂ ਵਿੱਚ ਯੋਗ ਅਤੇ ਮੈਰਿਟ ਦੇ ਅਧਾਰ ‘ਤੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਨ ਸਬੰਧੀ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਐੱਸਸੀ ਵਰਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ’ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਐੱਸਸੀ ਵਰਗ ਦੀ ਸਿਆਸੀ ਭਾਗੀਦਾਰੀ, ਹੱਕਾਂ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਵਰਗ ਦੀ ਭੂਮਿਕਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਦੋਆਬਾ ਖੇਤਰ ਅਤੇ ਖਾਸ ਕਰਕੇ ਫਗਵਾੜਾ ਰਾਖਵਾਂ ਵਿਧਾਨ ਸਭਾ ਹਲਕਾ ਪਾਰਟੀ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।