
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਆਉਣ ਤੇ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਖਤਮ ਹੋਵੇਗਾ : ਆਹਲੀ

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਸੁਲਤਾਨਪੁਰ ਲੋਧੀ ਹਲਕੇ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਮੁੱਖ ਮੰਤਰੀ ਦੇ ਓਐੱਸਡੀ ਦੀ ਕਥਿਤ ਸ਼ਮੂਲੀਅਤ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਪਰਦਾ ਪਾਉਣ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ’ਤੇ ਤੰਜ਼ ਕੱਸਦਿਆਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਇਮਾਨਦਾਰ ਹੋਣ ਦਾ ਦਾਅਵਾ ਕਰਦੀ ਹੈ, ਪਰ ਅਸਲੀਅਤ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਮੁੱਖ ਮੰਤਰੀ ਦਫ਼ਤਰ ਤੱਕ ਫੈਲਦੇ ਹਨ। ਆਹਲੀ ਨੇ ਕਿਹਾ ਕਿ ਜੇਕਰ ਸਰਕਾਰ ਪਾਰਦਰਸ਼ੀ ਹੁੰਦੀ ਤਾਂ ਈਡੀ ਦੀਆਂ ਸਿਫ਼ਾਰਸ਼ਾਂ ਤੇ ਸਬੂਤਾਂ ਦੇ ਆਧਾਰ ’ਤੇ ਹੁਣ ਤੱਕ ਸਖ਼ਤ ਕਾਰਵਾਈ ਕੀਤੀ ਜਾਂਦੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਜਾਂ ਇਸ ਨਾਲ ਜੁੜੀਆਂ ਰਾਜਨੀਤਿਕ ਹਸਤੀਆਂ ਵਿਰੁੱਧ ਹਰ ਜਾਂਚ ਨੂੰ ਵਾਰ-ਵਾਰ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਦੱਸਣਾ ਜਵਾਬਾਂ ਨਾਲੋਂ ਜ਼ਿਆਦਾ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗੰਭੀਰ ਦੋਸ਼ਾਂ ਨੂੰ ਸਿਰਫ਼ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਕਹਿ ਕੇ ਖਾਰਜ ਕਰ ਦਿੰਦੇ ਹਨ ਪਰ ਹੁਣ ਉਹ ਅਜਿਹਾ ਨਹੀਂ ਕਰ ਸਕਦੇ। ਆਹਲੀ ਨੇ ਕਿਹਾ ਕਿ ਇਹ ਦੋਸ਼ ਕਿਸੇ ਰਾਜਨੀਤਿਕ ਪਾਰਟੀ ਜਾਂ ਸਿਸਟਮ ਤੋਂ ਬਾਹਰ ਕਿਸੇ ਨੇ ਨਹੀਂ ਲਗਾਏ। ਇਨਫੋਰਸਮੈਂਟ ਡਾਇਰੈਕਟੋਰੇਟ ਦੇਸ਼ ਦੀਆਂ ਪ੍ਰਮੁੱਖ ਜਾਂਚ ਏਜੰਸੀਆਂ ਵਿੱਚੋਂ ਇੱਕ ਹੈ। ਜੇਕਰ ਏਜੰਸੀ ਨੇ ਪੰਜਾਬ ਪੁਲਿਸ ਤੋਂ ਜਾਣਕਾਰੀ ਮੰਗੀ ਹੈ ਜਾਂ ਕਿਸੇ ਖਾਸ ਮਾਮਲੇ ਬਾਰੇ ਸਵਾਲ ਉਠਾਏ ਹਨ ਤਾਂ ਮੁੱਖ ਮੰਤਰੀ ਨੂੰ ਸਮਰੱਥ ਅਧਿਕਾਰੀਆਂ ਨੂੰ ਇਸਦੀ ਜਾਂਚ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ।