ਮੇਰਾ ਬਸਪਾ ਛੱਡਣ ਦਾ ਕੋਈ ਸਵਾਲ ਹੀ ਨਹੀਂ : ਅਮਨਦੀਪ ਕੌਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਟੋ-ਵੀਡੀਓ ਵਾਇਰਲ ਹੋਣ ਮਗਰੋਂ ਕੌਂਸਲਰ ਅਮਨਦੀਪ ਕੌਰ ਦਾ ਸਪਸ਼ਟੀਕਰਨ
Publish Date: Fri, 14 Aug 2026 07:39 PM (IST)
Updated Date: Fri, 14 Aug 2026 07:41 PM (IST)
ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਟੋ-ਵੀਡੀਓ ਵਾਇਰਲ ਹੋਣ ਮਗਰੋਂ ਕੌਂਸਲਰ ਅਮਨਦੀਪ ਕੌਰ ਨੇ ਦਿੱਤਾ ਸਪਸ਼ਟੀਕਰਨ ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫਗਵਾੜਾ ਫੇਰੀ ਦੌਰਾਨ ਬਸਪਾ ਦੀ ਕੌਂਸਲਰ ਅਮਨਦੀਪ ਕੌਰ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੀ ਫੋਟੋ ਤੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਕੌਂਸਲਰ ਅਮਨਦੀਪ ਕੌਰ ਨੇ ਸਪਸ਼ਟੀਕਰਨ ਦਿੱਤਾ ਹੈ। ਕੌਂਸਲਰ ਅਮਨਦੀਪ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਗਵਾੜਾ ਵਿਖੇ ਹੋਏ ਸਮਾਗਮ ਵਿੱਚ ਆਪਣੇ ਮੁਹੱਲੇ ਦੇ ਵਿਕਾਸ ਕਾਰਜਾਂ ਸਬੰਧੀ ਮੰਗ ਪੱਤਰ ਦੇਣ ਲਈ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਤੇ ਫੋਟੋ ਤੇ ਵੀਡੀਓ ਬਣੀ, ਜਿਸ ਨੂੰ ਕੁਝ ਲੋਕਾਂ ਵੱਲੋਂ ਗਲਤ ਢੰਗ ਨਾਲ ਪੇਸ਼ ਕਰਦਿਆਂ ਇਹ ਪ੍ਰਚਾਰ ਕੀਤਾ ਗਿਆ ਕਿ ਉਨ੍ਹਾਂ ਨੇ ਬਸਪਾ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਇਹ ਖਬਰਾਂ ਪੂਰੀ ਤਰ੍ਹਾਂ ਬੇਬੁਨਿਆਦ ਤੇ ਝੂਠੀਆਂ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਬਹੁਜਨ ਸਮਾਜ ਪਾਰਟੀ ਦੇ ਸਮਰਥਕ ਰਹੇ ਹਨ ਤੇ ਬਸਪਾ ਨਾਲ ਹੀ ਜੁੜੇ ਹੋਏ ਹਨ। ਉਨ੍ਹਾਂ ਦਾ ਬਸਪਾ ਛੱਡਣ ਜਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਕੋਈ ਸਵਾਲ ਹੀ ਨਹੀਂ ਹੈ। ਕੌਂਸਲਰ ਅਮਨਦੀਪ ਕੌਰ ਨੇ ਕਿਹਾ ਕਿ ਉਹ ਹਮੇਸ਼ਾ ਬਸਪਾ ਦੇ ਇੱਕ ਸੱਚੀ ਸਿਪਾਹੀ ਵਜੋਂ ਕੰਮ ਕਰਦੇ ਆਏ ਹਨ ਤੇ ਭਵਿੱਖ ਵਿੱਚ ਵੀ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਅਧੂਰੀਆਂ ਜਾਂ ਗਲਤ ਖਬਰਾਂ ’ਤੇ ਵਿਸ਼ਵਾਸ ਕਰਨ ਦੀ ਬਜਾਏ ਤੱਥਾਂ ਦੀ ਪੁਸ਼ਟੀ ਕਰਨ।