ਪੰਜਾਬ ’ਚ ਸ਼ੁਰੂ ਹੋਈ ਆਪ ਸਰਕਾਰ ਦੀ ਉਲਟੀ ਗਿਣਤੀ : ਵਿੱਕੀ ਗੁਜਰਾਲ
ਪੰਜਾਬ ਚ ਸ਼ੁਰੂ ਹੋਈ ਆਪ ਸਰਕਾਰ ਦੀ ਉਲਟੀ ਗਿਣਤੀ-ਵਿੱਕੀ ਗੁਜਰਾਲ
Publish Date: Thu, 18 Jun 2026 09:55 PM (IST)
Updated Date: Thu, 18 Jun 2026 09:57 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੀ ਰਾਜਨੀਤੀ ’ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਲੜੀ ਵਿਚ ਭਾਜਪਾ ਸੋਸ਼ਲ ਮੀਡੀਆ ਸੈੱਲ ਦੇ ਸੂਬਾ ਕੋ-ਕੋਆਰਡੀਨੇਟਰ ਤੇ ਕੌਂਸਲਰ ਵਿੱਕੀ ਗੁਜਰਾਲ ਨੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਰਾਜ ਵਿਚ ਸਿਆਸੀ ਤਬਦੀਲੀ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਪੰਜਾਬ ਦੀ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਇਹ ਪ੍ਰਦੇਸ਼ ਦੇਸ਼ ਭਗਤੀ, ਮਿਹਨਤ ਤੇ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ, ਜਵਾਨਾਂ, ਵਪਾਰੀਆਂ ਤੇ ਮਾਤਰ-ਸ਼ਕਤੀ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕੀਤਾ ਹੈ, ਪਰ ਮੌਜੂਦਾ ਸਮੇਂ ਵਿਚ ਇਹ ਪ੍ਰਦੇਸ਼ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਨ੍ਹਾਂ ਵਿਚ ਨਸ਼ੇ ਦਾ ਵਧਦਾ ਪ੍ਰਭਾਵ ਤੇ ਕਾਨੂੰਨ-ਵਿਵਸਥਾ ਦੀ ਸਥਿਤੀ ਸਭ ਤੋਂ ਚਿੰਤਾਜਨਕ ਹੈ। ਵਿੱਕੀ ਗੁਜਰਾਲ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿਚ ਵੱਡਾ ਅੰਤਰ ਦਿਖਾਈ ਦਿੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਸਿਰਫ਼ ਪ੍ਰਚਾਰ ਤੱਕ ਸੀਮਤ ਰਹਿ ਗਈ ਹੈ, ਜਦਕਿ ਪ੍ਰਦੇਸ਼ ਦਾ ਨੌਜਵਾਨ ਵਰਗ ਇਸ ਸਮੱਸਿਆ ਨਾਲ ਲਗਾਤਾਰ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਨਸ਼ੇ ਦੇ ਕਾਰੋਬਾਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹਾ ਮਾਹੌਲ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਨਸ਼ਾ ਵੇਚਣ ਵਾਲਿਆਂ ਲਈ ਕੋਈ ਥਾਂ ਨਹੀਂ ਬਚੇਗੀ। ਆਮ ਆਦਮੀ ਪਾਰਟੀ ’ਤੇ ਹਮਲਾ ਤੇਜ਼ ਕਰਦਿਆਂ ਵਿੱਕੀ ਗੁਜਰਾਲ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਗਏ ਕਈ ਵਾਅਦੇ ਅੱਜ ਵੀ ਅਧੂਰੇ ਹਨ। ਉਨ੍ਹਾਂ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਐਲਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਯੋਜਨਾ ਨੂੰ ਵੱਡੇ ਪੱਧਰ ’ਤੇ ਪ੍ਰਚਾਰਿਤ ਕੀਤਾ ਗਿਆ, ਉਸ ਦਾ ਅਮਲ ਅੱਜ ਤੱਕ ਸ਼ੁਰੂ ਨਹੀਂ ਹੋ ਸਕਿਆ ਹੈ। ਜਨਤਾ ਹੁਣ ਐਲਾਨਾਂ ਤੇ ਇਸ਼ਤਿਹਾਰਾਂ ਤੋਂ ਅੱਗੇ ਵਧ ਕੇ ਨਤੀਜੇ ਚਾਹੁੰਦੀ ਹੈ। ਵਿੱਕੀ ਗੁਜਰਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਬਦਲਾਅ ਚਾਹੁੰਦੀ ਹੈ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵੀ ਇਸ ਗੱਲ ਦਾ ਅਹਿਸਾਸ ਹੋ ਚੁੱਕਾ ਹੈ। ਇਸੇ ਕਾਰਨ ਉਹ ਚੋਣ ਸਾਲ ਨੇੜੇ ਆਉਂਦੇ ਹੀ ਨਵੇਂ ਐਲਾਨ ਕਰ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਲੁਟੇਰਿਆਂ ਦੀ ਟੋਲੀ ਦੱਸਦਿਆਂ ਕਿਹਾ ਕਿ ਇਮਾਨਦਾਰੀ ਦੀ ਰਾਜਨੀਤੀ ਦਾ ਦਾਅਵਾ ਕਰਨ ਵਾਲੇ ਆਗੂਆਂ ਦੀ ਅਸਲੀਅਤ ਹੁਣ ਜਨਤਾ ਦੇ ਸਾਹਮਣੇ ਆ ਚੁੱਕੀ ਹੈ। ਰੁਜ਼ਗਾਰ ਦੇ ਮੁੱਦੇ ’ਤੇ ਵੀ ਵਿੱਕੀ ਗੁਜਰਾਲ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਵਿਚ ਦੇਸ਼ ਵਿਚ ਸਮਾਜਿਕ ਨਿਆਂ ਨੂੰ ਸਿਰਫ਼ ਸਿਆਸੀ ਨਾਅਰੇ ਤੱਕ ਸੀਮਤ ਨਹੀਂ ਰੱਖਿਆ ਗਿਆ, ਸਗੋਂ ਉਸ ਨੂੰ ਨੀਤੀਗਤ ਰੂਪ ਵਿੱਚ ਲਾਗੂ ਕੀਤਾ ਗਿਆ ਹੈ।