- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰੰਟ ਨੇ ਖੋਹਿਆ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ, ਲਾਈਨਮੈਨ ਦੀ ਮੌਤ ਤੋਂ ਬਾਅਦ ਭੜਕਿਆ ਗੁੱਸਾ

ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਓਂਕਾਰ ਸਿੰਘ
ਪੰਜਾਬੀ ਜਾਗਰਣ ਪ੍ਰਤੀਨਿਧ
ਸੁਲਤਾਨਪੁਰ ਲੋਧੀ : ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਵਿਭਾਗ ਦੇ ਇਕ ਨੌਜਵਾਨ ਲਾਈਨਮੈਨ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਰੋਸ ਦੀ ਲਹਿਰ ਫੈਲ ਗਈ। ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ, ਰਿਸ਼ਤੇਦਾਰਾਂ, ਮੁਲਾਜ਼ਮ ਜਥੇਬੰਦੀਆਂ ਨੇ 66 ਕੇਵੀ ਬਿਜਲੀ ਸਬ ਸਟੇਸ਼ਨ ਲੋਹੀਆਂ ਖਾਸ ਦੇ ਬਾਹਰ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ ਤੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਫੌਜਦਾਰੀ ਕਾਰਵਾਈ ਦੀ ਮੰਗ ਕੀਤੀ। ਮ੍ਰਿਤਕ ਦੀ ਪਛਾਣ ਓਂਕਾਰ ਸਿੰਘ ਸੈਂਹਬੀ (ਕਰੀਬ 30 ਸਾਲ) ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਰਾਮਪੁਰ ਜਗੀਰ ਵਜੋਂ ਹੋਈ ਹੈ। ਉਹ ਲੋਹੀਆਂ ਖਾਸ ਬਿਜਲੀ ਦਫ਼ਤਰ ਵਿਚ ਲਾਈਨਮੈਨ ਵਜੋਂ ਸੇਵਾਵਾਂ ਨਿਭਾ ਰਿਹਾ ਸੀ ਤੇ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਾਣਕਾਰੀ ਮੁਤਾਬਕ ਓਂਕਾਰ ਸਿੰਘ ਪਿੰਡ ਟੁਰਨਾ ਵਿਖੇ ਬਿਜਲੀ ਲਾਈਨ ਦੀ ਮੁਰੰਮਤ ਦੇ ਕੰਮ ਵਿਚ ਰੁੱਝਿਆ ਹੋਇਆ ਸੀ। ਇਸ ਦੌਰਾਨ ਉਸ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਚ ਜ਼ਖ਼ਮੀ ਹੋ ਗਿਆ। ਸਾਥੀ ਕਰਮਚਾਰੀਆਂ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ। ਘਟਨਾ ਤੋਂ ਬਾਅਦ ਮਾਹੌਲ ਉਸ ਵੇਲੇ ਹੋਰ ਗਰਮਾ ਗਿਆ ਜਦੋਂ ਮ੍ਰਿਤਕ ਦੇ ਪਰਿਵਾਰ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵਿਭਾਗ ਦੇ ਜੇਈ 'ਤੇ ਕਥਿਤ ਲਾਪਰਵਾਹੀ ਦੇ ਗੰਭੀਰ ਦੋਸ਼ ਲਗਾਏ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ ਤਾਂ ਇਹ ਹਾਦਸਾ ਟਾਲਿਆ ਜਾ ਸਕਦਾ ਸੀ। ਉਨ੍ਹਾਂ ਮੰਗ ਕੀਤੀ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕੀਤਾ ਜਾਵੇ ਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਧਰਨਾਕਾਰੀਆਂ ਨੇ ਮ੍ਰਿਤਕ ਦੇ ਪਰਿਵਾਰ ਲਈ ਯੋਗ ਮੁਆਵਜ਼ੇ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਉਠਾਈ। ਕਈ ਘੰਟਿਆਂ ਤੱਕ ਚੱਲੇ ਧਰਨੇ ਤੇ ਸੜਕ ਜਾਮ ਕਾਰਨ ਆਵਾਜਾਈ ਪ੍ਰਭਾਵਿਤ ਰਹੀ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਮੌਕੇ 'ਤੇ ਮੌਜੂਦ ਮਜ਼ਦੂਰ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਅਤੇ ਹਰਬੰਸ ਮੱਟੂ ਨੇ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਵਿਭਾਗੀ ਲਾਪਰਵਾਹੀਆਂ ਕਾਰਨ ਮੁਲਾਜ਼ਮਾਂ ਦੀਆਂ ਜਾਨਾਂ ਖ਼ਤਰੇ ਵਿਚ ਪੈਂਦੀਆਂ ਰਹਿੰਦੀਆਂ ਹਨ, ਪਰ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਘੱਟ ਹੀ ਹੁੰਦੀ ਹੈ।
ਦੂਜੇ ਪਾਸੇ ਬਿਜਲੀ ਵਿਭਾਗ ਦੇ ਐੱਸਡੀਓ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਜਾਂਚ ਦੌਰਾਨ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਧਰ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਡਿਊਟੀ ਅਫ਼ਸਰ ਏਐੱਸਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਜਾਂਚ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।