ਵਪਾਰੀਆਂ ਦਾ ਭਰੋਸਾ ਆਪ ਸਰਕਾਰ ਤੋਂ ਉੱਠ ਚੁੱਕਾ : ਖੁਰਾਣਾ ਸੁਖਬੀਰ ਸਿੰਘ ਬਾਦਲ ਦੇ ਮੁੱਖ ਮੰਤਰੀ ਬਣਨ ‘ਤੇ ਪੰਜਾਬ ਦੀ ਇੰਡਸਟਰੀ ਤੇ ਡੇਅਰੀ ਫਾਰਮਿੰਗ ਛੂਹਣਗੇ ਨਵੀਆਂ ਬੁਲੰਦੀਆਂ : ਰਣਜੀਤ ਸਿੰਘ ਖੁਰਾਣਾ
Publish Date: Fri, 13 Nov 2026 06:43 PM (IST)
Updated Date: Fri, 13 Nov 2026 06:45 PM (IST)
ਸੁਖਬੀਰ ਦੇ ਮੁੱਖ ਮੰਤਰੀ ਬਣਨ ‘ਤੇ ਪੰਜਾਬ ਦੀ ਇੰਡਸਟਰੀ ਤੇ ਡੇਅਰੀ ਫਾਰਮਿੰਗ ਛੂਹਣਗੇ ਨਵੀਆਂ ਬੁਲੰਦੀਆਂ ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਗਵਾੜਾ ਸ਼ਹਿਰੀ ਇੰਚਾਰਜ ਤੇ ਇੰਡਸਟਰੀ ਐਂਡ ਟਰੇਡ ਵਿੰਗ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਸੁਖਬੀਰ ਸਿੰਘ ਬਾਦਲ ਦੇ ਮੁੱਖ ਮੰਤਰੀ ਬਣਨ ਨਾਲ ਸੂਬੇ ਦੀ ਇੰਡਸਟਰੀ ਤੇ ਡੇਅਰੀ ਫਾਰਮਿੰਗ ਦੇ ਖੇਤਰ ਵਿੱਚ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ ਤੇ ਇਹ ਦੋਵੇਂ ਖੇਤਰ ਨਵੀਆਂ ਬੁਲੰਦੀਆਂ ਛੂਹਣਗੇ। ਖੁਰਾਣਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਕੋਲ ਪੰਜਾਬ ਦੇ ਉਦਯੋਗ, ਵਪਾਰ ਤੇ ਖੇਤੀਬਾੜੀ ਨੂੰ ਆਧੁਨਿਕ ਲੀਹਾਂ ’ਤੇ ਲਿਆਉਣ ਦਾ ਵਿਜ਼ਨ ਤੇ ਤਜਰਬਾ ਹੈ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਦੇਸ਼ ਦਾ ਪ੍ਰਮੁੱਖ ਉਦਯੋਗਿਕ ਹੱਬ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ ਸਪਲਾਈ, ਸਰਕਾਰੀ ਕੰਮਕਾਜ ਦੀਆਂ ਸਰਲ ਪ੍ਰਕਿਰਿਆਵਾਂ ਤੇ ਨਿਵੇਸ਼ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਵਿੱਚ ਮੌਜੂਦ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਿਤ ਹੋਈ ਹੈ। ਡੇਅਰੀ ਫਾਰਮਿੰਗ ਦੇ ਮਹੱਤਵ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੈ ਤੇ ਇਸ ਨਾਲ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਹੈ। ਇਸ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਪਸ਼ੂ ਪਾਲਕਾਂ ਨੂੰ ਆਧੁਨਿਕ ਤਕਨੀਕਾਂ, ਵਧੀਆ ਨਸਲ ਦੇ ਪਸ਼ੂ, ਪਸ਼ੂਆਂ ਦੇ ਇਲਾਜ ਦੀਆਂ ਬਿਹਤਰ ਸਹੂਲਤਾਂ ਤੇ ਸਸਤੀ ਪਸ਼ੂ ਖੁਰਾਕ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਦੁੱਧ ਦੀ ਵਾਜਬ ਕੀਮਤ ਯਕੀਨੀ ਬਣਾਉਣ ਅਤੇ ਡੇਅਰੀ ਫਾਰਮਿੰਗ ਲਈ 75 ਫ਼ੀਸਦੀ ਤੱਕ ਸਬਸਿਡੀ ਦੇਣ ਦੀ ਵਿਵਸਥਾ ਕੀਤੀ ਜਾਵੇਗੀ। ਮੌਜੂਦਾ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਖੁਰਾਣਾ ਨੇ ਕਿਹਾ ਕਿ ਪੰਜਾਬ ਦਾ ਉਦਯੋਗ ਤੇ ਵਪਾਰ ਇਸ ਸਮੇਂ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਵਿੱਚ ਉਦਯੋਗਪਤੀਆਂ ਤੇ ਵਪਾਰੀਆਂ ਦਾ ਭਰੋਸਾ ਇਸ ਸਰਕਾਰ ਤੋਂ ਉੱਠ ਚੁੱਕਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਥ ਮਜ਼ਬੂਤ ਕਰਨਗੇ ਤੇ ਅਗਲੀਆਂ ਵਿਧਾਨਸਭਾ ਚੋਣਾਂ ‘ਚ ਪਾਰਟੀ ਨੂੰ ਸ਼ਾਨਦਾਰ ਜਿੱਤ ਦੁਆ ਕੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਪੰਥ ਤੇ ਪੰਜਾਬ ਹਿਤੈਸ਼ੀ ਸਰਕਾਰ ਬਨਾਉਣ ਦਾ ਰਾਹ ਪੱਧਰਾ ਕਰਨਗੇ।