- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਲਿਤ ਵਿਕਾਸ ਬੋਰਡ ਨੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਆਪ ਦੀ ਮੁੜ ਸਰਕਾਰ ਬਣਾਉਣ ਦਾ ਲਿਆ ਸੰਕਲਪ

ਵਿਜੇ ਸੋਨੀ, ਪੰਜਾਬੀ ਜਾਗਰਣ
ਫਗਵਾੜਾ : ਦਲਿਤ ਵਿਕਾਸ ਬੋਰਡ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਬੋਰਡ ਦੇ ਪੰਜਾਬ ਚੇਅਰਮੈਨ ਵੀਰੇਸ਼ ਵਿਜੇ ਦਾਨਵ, ਐੱਸਸੀ ਵਿੰਗ ਪੰਜਾਬ ਦੇ ਪ੍ਰਧਾਨ ਸਰਦਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਐੱਸਸੀ ਵਿੰਗ ਦੇ ਜਨਰਲ ਸਕੱਤਰ ਸਰਦਾਰ ਬਲਜਿੰਦਰ ਸਿੰਘ ਸ਼ਾਮਲ ਹੋਏ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨਾਂ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸੰਕਲਪ ਲਿਆ ਗਿਆ ਕਿ ਦਲਿਤ ਵਿਕਾਸ ਬੋਰਡ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰੇਗਾ ਅਤੇ ਭਗਵੰਤ ਸਿੰਘ ਮਾਨ ਨੂੰ ਮੁੜ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਆਪਣਾ ਯੋਗਦਾਨ ਪਾਵੇਗਾ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਪੂਰਥਲਾ ਦੇ ਵਾਈਸ ਚੇਅਰਮੈਨ ਲੱਕੀ ਸਰਵਟਾ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਿਤ ਵਿਕਾਸ ਬੋਰਡ ਦੇ ਪੰਜਾਬ ਚੇਅਰਮੈਨ ਵੀਰੇਸ਼ ਵਿਜੇ ਦਾਨਵ ਅਤੇ ਐੱਸਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕ ਭਲਾਈ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸ਼ਲਾਘਾਯੋਗ ਕੰਮ ਕੀਤੇ ਹਨ। ਸਰਕਾਰ ਦੀਆਂ ਨੀਤੀਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਿਆ ਹੈ ਅਤੇ ਵਿਸ਼ੇਸ਼ ਤੌਰ ’ਤੇ ਅਨੁਸੂਚਿਤ ਜਾਤੀ ਸਮਾਜ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਹਿਮ ਕਦਮ ਚੁੱਕੇ ਗਏ ਹਨ।
ਉਨ੍ਹਾਂ ਭਗਵਾਨ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਦੇ ਵਿਕਾਸ ਲਈ ਦਿੱਤੀ ਗਈ ਗ੍ਰਾਂਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਪਵਿੱਤਰ ਧਾਰਮਿਕ ਸਥਾਨ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ। ਇਸ ਤੋਂ ਇਲਾਵਾ ਔਰਤਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅਨੁਸੂਚਿਤ ਜਾਤੀ ਸਮਾਜ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਭੱਤਾ ਦੇਣ ਦੀ ਪਹਿਲ, ਮੁਫ਼ਤ ਬਿਜਲੀ ਦੀ ਸਹੂਲਤ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਨੂੰ ਵੀ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦੱਸਿਆ। ਮੀਟਿੰਗ ਵਿੱਚ ਮੌਜੂਦ ਹੋਰਨਾਂ ਬੁਲਾਰਿਆਂ ਨੇ ਵੀ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ ਹਿੱਤੂ ਨੀਤੀਆਂ ਨਾਲ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਸਮਾਜਿਕ, ਆਰਥਿਕ ਅਤੇ ਧਾਰਮਿਕ ਹਿੱਤਾਂ ਦੀ ਰਾਖੀ ਅਤੇ ਸਰਬਪੱਖੀ ਵਿਕਾਸ ਲਈ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਜ਼ਰੂਰੀ ਹੈ। ਸਾਰੇ ਅਹੁਦੇਦਾਰਾਂ ਨੇ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਲੱਕੀ ਸਰਵਟਾ ਨੇ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਲਗਾਤਾਰ ਦੂਜੀ ਵਾਰ ਸਰਕਾਰ ਬਣਾਉਣ ਵਿੱਚ ਪੰਜਾਬ ਦੇ ਅਨੁਸੂਚਿਤ ਜਾਤੀ ਸਮਾਜ ਅਤੇ ਵਿਸ਼ੇਸ਼ ਤੌਰ ’ਤੇ ਵਾਲਮੀਕਿ ਭਾਈਚਾਰੇ ਦਾ ਅਹਿਮ ਯੋਗਦਾਨ ਰਹੇਗਾ। ਉਨ੍ਹਾਂ ਕਿਹਾ ਕਿ ਦਲਿਤ ਵਿਕਾਸ ਬੋਰਡ ਦੇ ਸਾਰੇ ਅਹੁਦੇਦਾਰ ਅਤੇ ਵਰਕਰ ਇਕਜੁੱਟ ਹੋ ਕੇ ਸਮਾਜ ਦੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣਗੇ ਅਤੇ 2027 ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ।