ਦਲਿਤ ਵਿਕਾਸ ਬੋਰਡ ਨੇ ਆਪ ਦੀ ਮੁੜ ਸਰਕਾਰ ਬਣਾਉਣ ਦਾ ਲਿਆ ਸੰਕਲਪ ਦਲਿਤ ਵਿਕਾਸ ਬੋਰਡ ਨੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਆਪ ਦੀ ਮੁੜ ਸਰਕਾਰ ਬਣਾਉਣ ਦਾ ਲਿਆ ਸੰਕਲਪ
Publish Date: Thu, 19 Nov 2026 07:10 PM (IST)
Updated Date: Thu, 19 Nov 2026 07:12 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਦਲਿਤ ਵਿਕਾਸ ਬੋਰਡ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਬੋਰਡ ਦੇ ਪੰਜਾਬ ਚੇਅਰਮੈਨ ਵੀਰੇਸ਼ ਵਿਜੇ ਦਾਨਵ, ਐੱਸਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਤੇ ਐੱਸਸੀ ਵਿੰਗ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਸ਼ਾਮਲ ਹੋਏ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਚੇਅਰਮੈਨ ਤੇ ਵਾਈਸ ਚੇਅਰਮੈਨਾਂ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸੰਕਲਪ ਲਿਆ ਗਿਆ ਕਿ ਦਲਿਤ ਵਿਕਾਸ ਬੋਰਡ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰੇਗਾ ਤੇ ਭਗਵੰਤ ਸਿੰਘ ਮਾਨ ਨੂੰ ਮੁੜ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਆਪਣਾ ਯੋਗਦਾਨ ਪਾਵੇਗਾ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਪੂਰਥਲਾ ਦੇ ਵਾਈਸ ਚੇਅਰਮੈਨ ਲੱਕੀ ਸਰਵਟਾ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਿਤ ਵਿਕਾਸ ਬੋਰਡ ਦੇ ਪੰਜਾਬ ਚੇਅਰਮੈਨ ਵੀਰੇਸ਼ ਵਿਜੇ ਦਾਨਵ ਤੇ ਐੱਸਸੀ ਵਿੰਗ ਪੰਜਾਬ ਦੇ ਪ੍ਰਧਾਨ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕ ਭਲਾਈ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸ਼ਲਾਘਾਯੋਗ ਕੰਮ ਕੀਤੇ ਹਨ। ਸਰਕਾਰ ਦੀਆਂ ਨੀਤੀਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਿਆ ਹੈ ਤੇ ਵਿਸ਼ੇਸ਼ ਤੌਰ ’ਤੇ ਅਨੁਸੂਚਿਤ ਜਾਤੀ ਸਮਾਜ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਹਿਮ ਕਦਮ ਚੁੱਕੇ ਗਏ ਹਨ। ਉਨ੍ਹਾਂ ਭਗਵਾਨ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਦੇ ਵਿਕਾਸ ਲਈ ਦਿੱਤੀ ਗਈ ਗ੍ਰਾਂਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਪਵਿੱਤਰ ਧਾਰਮਿਕ ਸਥਾਨ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ। ਮੀਟਿੰਗ ਵਿੱਚ ਮੌਜੂਦ ਹੋਰਨਾਂ ਬੁਲਾਰਿਆਂ ਨੇ ਵੀ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ ਹਿੱਤੂ ਨੀਤੀਆਂ ਨਾਲ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਸਮਾਜਿਕ, ਆਰਥਿਕ ਅਤੇ ਧਾਰਮਿਕ ਹਿੱਤਾਂ ਦੀ ਰਾਖੀ ਅਤੇ ਸਰਬਪੱਖੀ ਵਿਕਾਸ ਲਈ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਜ਼ਰੂਰੀ ਹੈ। ਸਾਰੇ ਅਹੁਦੇਦਾਰਾਂ ਨੇ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਲੱਕੀ ਸਰਵਟਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਲਗਾਤਾਰ ਦੂਜੀ ਵਾਰ ਸਰਕਾਰ ਬਣਾਉਣ ਵਿੱਚ ਪੰਜਾਬ ਦੇ ਅਨੁਸੂਚਿਤ ਜਾਤੀ ਸਮਾਜ ਤੇ ਵਿਸ਼ੇਸ਼ ਤੌਰ ’ਤੇ ਵਾਲਮੀਕਿ ਭਾਈਚਾਰੇ ਦਾ ਅਹਿਮ ਯੋਗਦਾਨ ਰਹੇਗਾ।