ਦਲਜੀਤ ਰਾਜੂ ਤੇ ਮੁੜ ਹੋਇਆ ਹਮਲਾ ਗੱਡੀ ਦੇ ਤੋੜੇ ਸ਼ੀਸ਼ੇ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਫਗਵਾੜਾ ਸ਼ਹਿਰ ਅੰਦਰ ਵਾਪਰ ਰਹੀਆਂ ਘਟਨਾਵਾਂ ਕਾਰਨ ਸ਼ਹਿਰ ਵਾਸੀਆਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ ਪਰ ਫਗਵਾੜਾ ਪ੍ਰਸ਼ਾਸਨ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੀ ਜਗ੍ਹਾ ਸ਼ਹਿਰਾਂ ਵਿਚ ਘੁੰਮ ਕੇ ਨਜਾਇਜ਼ ਕਬਜ਼ੇ ਖਾਲੀ ਕਰਾਉਣ ਵਿਚ ਰੁੱਝਾ ਹੋਇਆ ਹੈ। ਸ਼ਰਾਰਤੀ ਅਨਸਰ ਲਗਾਤਾਰ ਘਟਨਾਵਾਂ ਨੂੰ ਅੰਜਾਮ ਦੇਕੇ ਗਾਇਬ ਹੋ ਜਾਂਦੇ ਹਨ ਤੇ ਪੁਲਿਸ ਹੱਥ ਮਲਦੀ ਹੀ ਰਹਿ ਜਾਂਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਸਾਲ 27 ਨਵੰਬਰ ਨੂੰ ਆਮ ਆਦਮੀ ਪਾਰਟੀ ਬੀਸੀ ਵਿੰਗ ਦੁਆਬਾ ਜ਼ੋਨ ਦੇ ਇੰਚਾਰਜ, ਨਸ਼ਾ ਮੁਕਤੀ ਮੁਹਿੰਮ ਦੇ ਕੁਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਦੇ ਘਰ ’ਤੇ ਕਈ ਦਰਜਨ ਗੋਲੀਆਂ ਚਲਾਈਆਂ ਗਈਆਂ ਸਨ ਤੇ ਫਿਰੌਤੀ ਦੀ ਮੰਗ ਕੀਤੀ ਗਈ ਸੀ। ਉਪਰੰਤ ਅੱਜ ਫਿਰ ਖੇੜਾ ਰੋਡ ’ਤੇ ਪਹੁੰਚੇ ਦਲਜੀਤ ਰਾਜੂ ਦੀ ਗੱਡੀ ’ਤੇ ਕਿਸੇ ਨੇ ਹਮਲਾ ਕਰਕੇ ਸ਼ੀਸ਼ੇ ਤੋੜ ਦਿੱਤੇ। ਪੁਲਿਸ ਵੱਲੋਂ ਪਹਿਲਾਂ ਵਾਂਗ ਹੀ ਆਪਣੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਤੇ ਮੌਕੇ ’ਤੇ ਜਾ ਕੇ ਜਾਂਚ ਕੀਤੀ ਗਈ। ਹਾਲਾਂਕਿ ਅਣਪਛਾਤਿਆਂ ’ਤੇ ਮਾਮਲਾ ਦਰਜ ਹੋ ਗਿਆ ਹੈ ਪਰ ਉਨ੍ਹਾਂ ਨੂੰ ਕਾਬੂ ਕਰਨ ਲਈ ਕੋਈ ਰਣਨੀਤੀ ਨਾ ਹੋਣ ਕਾਰਨ ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਫਗਵਾੜਾ ਪੁਲਿਸ ਪ੍ਰਸ਼ਾਸਨ ਆਪਣਾ ਕੰਮ ਛੱਡਕੇ ਸ਼ਹਿਰ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਵਿਚ ਲੱਗੀ ਹੋਈ ਹੈ ਤੇ ਸ਼ਰਾਰਤੀ ਅਨਸਰ ਸ਼ਹਿਰ ਦੇ ਮੋਹਤਬਰਾਂ ਨੂੰ ਧਮਕਾਉਣ ਵਿਚ ਲੱਗੇ ਹੋਏ ਹਨ। ਉਨ੍ਹਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਦਿਨ-ਦਿਹਾੜੇ ਹੀ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ। ਬੀਤੇ ਇਕ ਦਿਨ ਪਹਿਲਾਂ ਹੀ ਫਗਵਾੜਾ ਪ੍ਰਸ਼ਾਸਨ ਸ਼ਹਿਰ ਦੇ ਬਜ਼ਾਰਾਂ ਵਿਚ ਘੁੰਮਕੇ ਨਜਾਇਜ਼ ਕਬਜ਼ੇ ਖਾਲੀ ਕਰਵਾਉਣ ਵਿਚ ਰੁੱਝਾ ਹੋਇਆ ਸੀ ਤੇ ਅਗਲੇ ਦਿਨ ਹੀ ਇਹ ਘਟਨਾ ਵਾਪਰ ਗਈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਖੇੜਾ ਰੋਡ ’ਤੇ ਆਏ ਸਨ। ਉਨ੍ਹਾਂ ਦੇ ਨਾਲ ਸਰਪੰਚ ਵਰੁਣ ਬੰਗੜ, ਇਕ-ਦੋ ਸਾਥੀ ਤੇ ਦੋਨੋਂ ਸਕਿਉਰਟੀ ਗਾਰਡ ਮੌਜੂਦ ਸਨ। ਉਹ ਕੁਝ ਮਿੰਟਾਂ ਲਈ ਆਪਣੀ ਗੱਡੀ ’ਚੋਂ ਕਿਸੇ ਦੁਕਾਨ ਦੇ ਅੰਦਰ ਗਏ ਤੇ ਕੁਝ ਮਿੰਟਾਂ ਬਾਅਦ ਕਿਸੇ ਨੇ ਆਕੇ ਦਸਿਆ ਕਿ ਉਨ੍ਹਾਂ ਦੀ ਗੱਡੀ ਦੇ ਕਿਸੇ ਨੇ ਸ਼ੀਸ਼ੇ ਤੋੜ ਦਿੱਤੇ ਹਨ। ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਘਰ ’ਤੇ ਹਮਲਾ ਕਰਕੇ ਕੀਤੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਨੂੰ 25 ਤੋਂ 30 ਵਾਰ ਫਿਰੌਤੀ ਦੇ ਫੋਨ ’ਤੇ ਮੈਸੇਜ ਆ ਚੁੱਕੇ ਹਨ ਤੇ ਹੁਣ ਤਾਜ਼ੀ ਘਟਨਾ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਗਏ ਹਨ। ਜੇਕਰ ਉਹ ਗੱਡੀ ਵਿਚ ਮੌਜੂਦ ਹੁੰਦੇ ਤਾਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਸੀ। ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦੇ ਹੋਏ ਦਲਜੀਤ ਰਾਜੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੋਆਬਾ ਜ਼ੋਨ ਦੇ ਇੰਚਾਰਜ ਹਨ। ਜੇਕਰ ਉਹ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਕੀ ਹੱਲ ਕਰਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਪੂਰੀ ਤਰਾਂ ਫੇਲ੍ਹ ਸਾਬਿਤ ਹੋਈ ਹੈ। ਦਲਜੀਤ ਰਾਜੂ ਨੇ ਕਿਹਾ ਕਿ ਅੱਜ ਵਾਪਰੀ ਘਟਨਾ ਨਾਲ ਉਨ੍ਹਾਂ ਦਾ ਪਰਿਵਾਰ ਵੀ ਬਹੁਤ ਪਰੇਸ਼ਾਨ ਹੈ। ਇਸ ਸਬੰਧੀ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹੋਰ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ ਕਿ ਸੂਬੇ ਦੇ ਹਾਲਾਤ ਨੂੰ ਸੁਧਾਰਿਆ ਜਾਵੇ। ਜੇਕਰ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਉਨ੍ਹਾਂ ਨੇ ਫਗਵਾੜਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਮ ਵੱਲ ਧਿਆਨ ਦੇਣ ਤਾਂ ਜੋ ਸ਼ਹਿਰ ਵਾਸੀ ਡਰ ਭੈਅ ਦੇ ਮਾਹੌਲ ਵਿਚੋਂ ਬਾਹਰ ਆ ਸਕਣ।