ਜ਼ਿਲ੍ਹੇ ਦੀਆਂ ਚਾਰੇ ਵਿਧਾਨ ਸਭਾ ਸੀਟਾਂ ਜਿੱਤਾਂਗੇ : ਰਾਜੂ ਦਲਜੀਤ ਰਾਜੂ ਨੇ ਹਮੇਸ਼ਾ ਜੋ ਕਿਹਾ, ਕਰਕੇ ਦਿਖਾਇਆ : ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਹੈ ਖਾਸ ਪਛਾਣ
Publish Date: Mon, 09 Nov 2026 06:48 PM (IST)
Updated Date: Mon, 09 Nov 2026 06:50 PM (IST)
ਦਲਜੀਤ ਰਾਜੂ ਨੇ ਹਮੇਸ਼ਾ ਜੋ ਕਿਹਾ, ਕਰਕੇ ਦਿਖਾਇਆ : ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਹੈ ਖਾਸ ਪਛਾਣ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਕਪੂਰਥਲਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਤੇ ਭੁਲੱਥ ਤੋਂ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਚਾਰੇ ਸੀਟਾਂ ਜਿੱਤ ਕੇ ਪਾਰਟੀ ਹਾਈਕਮਾਂਡ ਦੀ ਝੋਲੀ ਪਾਈਆਂ ਜਾਣਗੀਆਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੜ ਪੰਜਾਬ ਦੀ ਸੱਤਾ ਵਿੱਚ ਲਿਆਉਣ ਲਈ ਪਾਰਟੀ ਵਰਕਰ ਪੂਰੀ ਮਿਹਨਤ ਕਰਨਗੇ। ਦਲਜੀਤ ਰਾਜੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸ਼ੁਰੂ ਕੀਤੀਆਂ ਗਈਆਂ ਵਿਕਾਸ ਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਅਗਲੇ ਪੰਜ ਸਾਲਾਂ ਵਿੱਚ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਮਿਲ ਰਿਹਾ ਸਮਰਥਨ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਪਾਰਟੀ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਕਿਹਾ ਕਿ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਪੂਰਥਲਾ ਜ਼ਿਲ੍ਹੇ ਦੀਆਂ ਚਾਰੇ ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਦੇ ਆਪਣੇ ਟੀਚੇ ਵੱਲ ਅੱਗੇ ਵਧੇਗੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਪਛਾਣ ਇੱਕ ਅਜਿਹੇ ਆਗੂ ਵਜੋਂ ਬਣੀ ਹੋਈ ਹੈ, ਜੋ ਸਿਰਫ਼ ਵਾਅਦੇ ਕਰਨ ਵਿੱਚ ਨਹੀਂ, ਸਗੋਂ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਵਿਸ਼ਵਾਸ ਰੱਖਦੇ ਹਨ। ਫਗਵਾੜਾ ਨਾਲ ਲੱਗਦੇ ਕਰੀਬ 90 ਪਿੰਡਾਂ ਤੇ 50 ਵਾਰਡਾਂ ਦੇ ਲੋਕ ਉਨ੍ਹਾਂ ਦੀ ਕਾਰਜਸ਼ੈਲੀ ਤੇ ਸਿਆਸੀ ਸਰਗਰਮੀਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਦੀ ਖਾਸੀਅਤ ਹੈ ਕਿ ਜਦੋਂ ਉਹ ਕੋਈ ਟੀਚਾ ਮਿੱਥ ਲੈਂਦੇ ਹਨ ਤਾਂ ਉਸ ਨੂੰ ਪੂਰਾ ਕਰਨ ਲਈ ਪੂਰੀ ਤਾਕਤ ਲਗਾ ਦਿੰਦੇ ਹਨ। ਦਲਜੀਤ ਰਾਜੂ ਦਾ ਪਾਰਟੀ ਦੇ ਆਮ ਵਰਕਰ ਤੋਂ ਲੈ ਕੇ ਵੱਡੇ ਆਗੂਆਂ ਤੱਕ ਬਣਿਆ ਤਾਲਮੇਲ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਦੀ ਇਹੀ ਕਾਰਜਸ਼ੈਲੀ ਪਾਰਟੀ ਸੰਗਠਨ ਨੂੰ ਮਜ਼ਬੂਤੀ ਦੇਣ ਦੇ ਨਾਲ-ਨਾਲ ਚੋਣ ਮੈਦਾਨ ਵਿੱਚ ਉਮੀਦਵਾਰਾਂ ਲਈ ਵੀ ਸਹਾਇਕ ਸਾਬਤ ਹੁੰਦੀ ਹੈ। ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਲੋਕ ਵੀ ਇਸ ਗੱਲ ਤੋਂ ਭਲੀ-ਭਾਂਤ ਜਾਣੂ ਹਨ ਕਿ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਲਜੀਤ ਰਾਜੂ ਨੇ ਦਿਨ-ਰਾਤ ਇੱਕ ਕਰ ਦਿੱਤਾ ਸੀ। ਉਨ੍ਹਾਂ ਨੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਲਾਮਬੰਦ ਕਰਦਿਆਂ ਚੋਣ ਮੁਹਿੰਮ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਅੱਗੇ ਵਧਾਇਆ ਸੀ, ਜਿਸ ਦਾ ਨਤੀਜਾ ਡਾ. ਚੱਬੇਵਾਲ ਦੀ ਜਿੱਤ ਦੇ ਰੂਪ ਵਿੱਚ ਸਾਹਮਣੇ ਆਇਆ। ਹੁਣ ਜਦੋਂ ਦਲਜੀਤ ਰਾਜੂ ਨੇ ਕਪੂਰਥਲਾ ਜ਼ਿਲ੍ਹੇ ਦੀਆਂ ਚਾਰੇ ਵਿਧਾਨ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਦੀ ਜਿੱਤ ਦਰਜ ਕਰਵਾਉਣ ਦਾ ਸੰਕਲਪ ਲਿਆ ਹੈ ਤਾਂ ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੇ ਇਸ ਐਲਾਨ ਨੂੰ ਕਾਫ਼ੀ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੀ ਪਿਛਲੀ ਕਾਰਜਸ਼ੈਲੀ ਨੂੰ ਦੇਖਦਿਆਂ ਪਾਰਟੀ ਵਰਕਰਾਂ ਨੂੰ ਉਮੀਦ ਹੈ ਕਿ ਉਹ ਇਸ ਟੀਚੇ ਦੀ ਪ੍ਰਾਪਤੀ ਲਈ ਵੀ ਸੰਗਠਨ ਨੂੰ ਇਕਜੁੱਟ ਕਰਕੇ ਮੈਦਾਨ ਵਿੱਚ ਉਤਰਨਗੇ। ਦਲਜੀਤ ਰਾਜੂ ਦੀ ਸਿਆਸੀ ਸੋਚ ਤੇ ਕੰਮ ਕਰਨ ਦਾ ਅੰਦਾਜ਼ ਇਹ ਸੰਦੇਸ਼ ਦਿੰਦਾ ਹੈ ਕਿ ਸਿਆਸਤ ਵਿੱਚ ਸਿਰਫ਼ ਵਾਅਦੇ ਕਰਨ ਨਾਲ ਨਹੀਂ, ਸਗੋਂ ਉਨ੍ਹਾਂ ਨੂੰ ਪੂਰਾ ਕਰਨ ਲਈ ਮਿਹਨਤ, ਸਮਰਪਣ ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ।