ਦਲਜੀਤ ਰਾਜੂ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਦਲਜੀਤ ਰਾਜੂ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Publish Date: Mon, 09 Nov 2026 08:44 PM (IST)
Updated Date: Mon, 09 Nov 2026 08:47 PM (IST)
--ਪੰਜਾਬ ਦੇ ਸਿਆਸੀ ਹਾਲਾਤਾਂ ’ਤੇ ਹੋਈ ਚਰਚਾ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ (ਆਪ) ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਦਿੱਲੀ ਵਿੱਚ ਆਪ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਿੱਥੇ ਦਲਜੀਤ ਰਾਜੂ ਨੇ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ। ਮੁਲਾਕਾਤ ਦੌਰਾਨ ਦਲਜੀਤ ਰਾਜੂ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਿਲ੍ਹਾ ਕਪੂਰਥਲਾ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਵਰਕਰਾਂ ਦੀ ਸਰਗਰਮੀ ਤੇ ਸਿਆਸੀ ਹਾਲਾਤ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੀ ਸਿਆਸਤ ਵਿੱਚ ਪਾਰਟੀ ਦੀ ਸਥਿਤੀ ਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਚਰਚਾ ਹੋਈ। ਇਸ ਮੌਕੇ ਦਲਜੀਤ ਰਾਜੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਲੈ ਕੇ ਬਹੁਤ ਫਿਕਰਮੰਦ ਹਨ। ਉਹ ਸੂਬੇ ਦੀ ਤਰੱਕੀ, ਖੁਸ਼ਹਾਲੀ ਤੇ ਸਰਬਪੱਖੀ ਵਿਕਾਸ ਦੇ ਚਾਹਵਾਨ ਹਨ। ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ। ਇਸੇ ਮਕਸਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਸੁਨਹਿਰੀ ਭਵਿੱਖ ਤੇ ਲੋਕਾਂ ਦੀ ਸੇਵਾ ਲਈ ਮਿਲ ਕੇ ਅੱਗੇ ਵਧਣ ਦਾ ਹੌਸਲਾ ਹੋਰ ਵਧਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਦਲਜੀਤ ਰਾਜੂ ਨੇ ਕੇਜਰੀਵਾਲ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ ਪਾਰਟੀ ਦੇ ਆਗੂ ਤੇ ਵਰਕਰ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਲੋਕ ਭਲਾਈ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ। ਪੰਜਾਬ ਦੀ ਲੀਡਰਸ਼ਿਪ ਤੇ ਪਾਰਟੀ ਵਰਕਰ ਆਗਾਮੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ ਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਸੂਬੇ ਵਿੱਚ ਹੋਰ ਵੀ ਵੱਡੀ ਇਤਿਹਾਸਕ ਜਿੱਤ ਦਰਜ ਕਰੇਗੀ। ਦਲਜੀਤ ਰਾਜੂ ਦੇ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਦੌਰਾਨ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮੁੜ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਬਿਹਤਰ ਸਹੂਲਤਾਂ ਤੇ ਲੋਕ ਭਲਾਈ ਵਾਲੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਖ਼ਾਸ ਕਰਕੇ ਜ਼ਿਲ੍ਹਾ ਕਪੂਰਥਲਾ ਦੇ ਸਿਆਸੀ ਹਾਲਾਤ ਬਾਰੇ ਸਿੱਧੇ ਤੌਰ ’ਤੇ ਪਾਰਟੀ ਦੇ ਕੌਮੀ ਆਗੂ ਨਾਲ ਵਿਚਾਰ-ਵਟਾਂਦਰਾ ਹੋਣਾ ਜ਼ਿਲ੍ਹਾ ਪੱਧਰ ’ਤੇ ਪਾਰਟੀ ਦੀ ਸਰਗਰਮੀ ਦੇ ਪੱਖੋਂ ਮਹੱਤਵਪੂਰਨ ਹੈ।