ਡਰੋਨ ਸ਼ੋਅ ਸਬੰਧੀ ਡੀਸੀ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਸਬੰਧੀ ਡੀ.ਸੀ. ਤੇ ਐੱਸ.ਐੱਸ.ਪੀ. ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
Publish Date: Thu, 27 Aug 2026 08:59 PM (IST)
Updated Date: Thu, 27 Aug 2026 09:01 PM (IST)
--1 ਸਤੰਬਰ ਨੂੰ ਫਗਵਾੜਾ, 2 ਨੂੰ ਭੁਲੱਥ, 3 ਨੂੰ ਸੁਲਤਾਨਪੁਰ ਲੋਧੀ ਤੇ 5 ਨੂੰ ਕਪੂਰਥਲਾ ਵਿਖੇ ਹੋਵੇਗਾ ਡਰੋਨ ਸ਼ੋਅ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਪੂਰਥਲਾ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਵਿਖੇ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਸਬੰਧੀ ਅੱਜ 5 ਸਤੰਬਰ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਡਰੋਨ ਸ਼ੋਅ ਸਬੰਧੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧਤ ਸੰਗਤ ਦੇ ਬੈਠਣ ਦੇ ਪ੍ਰਬੰਧ, ਲਾਈਟਿੰਗ, ਪੀਣ ਵਾਲੇ ਸਾਫ ਪਾਣੀ ਤੇ ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਐੱਸਐੱਸਪੀ ਗੌਰਵ ਤੂਰਾ, ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਡਰੋਨ ਸ਼ੋਅ ਸ਼ਾਮ 7 ਵਜੇ ਤੋਂ ਸ਼ੁਰੂ ਹੋਣਗੇ, ਜਿਨ੍ਹਾਂ ਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ ਤੇ ਇਸ ਤੋਂ ਬਾਅਦ 500 ਤੋਂ ਵੱਧ ਆਧੁਨਿਕ ਡਰੋਨ ਦੀ ਮਦਦ ਨਾਲ ਅਲੌਕਿਕ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ 1 ਸਤੰਬਰ ਨੂੰ ਬਾਬਾ ਗਦੀਆ ਗਰਾਊਂਡ/ਬਾਬਾ ਗਦੀਆ ਪਾਰਕ ਫਗਵਾੜਾ, 2 ਸਤੰਬਰ ਨੂੰ ਦਾਣਾ ਮੰਡੀ ਭੁਲੱਥ, 3 ਸਤੰਬਰ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੇ 5 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਸ਼ੋਅ ਸਜਾਏ ਜਾਣਗੇ। ਇਸ ਮੌਕੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਤੇ ਸਾਰੇ ਸਮਾਗਮ ਵਾਲੇ ਸਥਾਨਾਂ ਤੇ ਲੋੜੀਂਦੀ ਪੁਲਿਸ ਨਫ਼ਰੀ ਤੈਨਾਤ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਧਾਰਮਿਕ ਤੇ ਤਕਨਾਲੋਜੀ ਦੇ ਸੁਮੇਲ ਵਾਲੇ ਅਲੌਕਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।