ਅੱਜ ਡੀਸੀ ਦਫ਼ਤਰ ਕਪੂਰਥਲਾ ਦਾ ਘਿਰਾਓ ਕੀਤਾ ਜਾਵੇਗਾ : ਬਾਊਪੁਰ ਅੱਜ ਡੀਸੀ ਦਫ਼ਤਰ ਕਪੂਰਥਲਾ ਦਾ ਘਿਰਾਓ ਕੀਤਾ ਜਾਵੇਗਾ : ਬਾਊਪੁਰ
Publish Date: Sun, 30 Aug 2026 09:20 PM (IST)
Updated Date: Sun, 30 Aug 2026 09:22 PM (IST)
ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਵੱਲੋਂ 31 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਕਪੂਰਥਲਾ ਅੱਗੇ ਇੱਕ ਰੋਜ਼ਾ ਧਰਨਾ ਤੇ ਘਿਰਾਓ ਕੀਤਾ ਜਾਵੇਗਾ। ਧਰਨੇ ਦੀਆਂ ਤਿਆਰੀਆਂ ਮੁਕੰਮਲ ਹੋਣ ਦਾ ਦਾਅਵਾ ਕਰਦਿਆਂ ਜਥੇਬੰਦੀ ਨੇ ਜ਼ਿਲ੍ਹੇ ਦੇ ਕਿਸਾਨਾਂ, ਮਜ਼ਦੂਰਾਂ ਤੇ ਸਮੂਹ ਵਰਗਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਤੇ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਦੇ ਸੈਂਕੜੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ‘ਟਰਾਲੀ ਚੋਰ-ਸ਼ੰਭੂ, ਖਨੌਰੀ ਤੋਂ ਚੋਰੀ ਕੀਤਾ ਸਾਡਾ ਸਮਾਨ ਮੋੜੋ’ ਦੇ ਬੈਨਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ 31 ਅਗਸਤ ਦੇ ਧਰਨੇ ਦੌਰਾਨ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਆਗੂਆਂ ਨੇ ਦੋਸ਼ ਲਗਾਇਆ ਕਿ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਮੋਰਚਿਆਂ ਨੂੰ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਖ਼ਤਮ ਕਰਵਾਇਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਦੌਰਾਨ ਕਿਸਾਨਾਂ ਦੇ ਸਾਮਾਨ ਦਾ ਲਗਭਗ 3 ਕਰੋੜ 77 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ਤੇ ਜਥੇਬੰਦੀ ਵੱਲੋਂ ਇਸ ਦੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ ਪੰਜ ਫ਼ਸਲਾਂ ’ਤੇ ਐੱਮਐੱਸਪੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਵਿੱਚ ਬਾਸਮਤੀ, ਆਲੂ, ਮੱਕੀ ਤੇ ਦਾਲਾਂ ਸਮੇਤ ਹੋਰ ਫ਼ਸਲਾਂ ਸ਼ਾਮਲ ਸਨ। ਉਨ੍ਹਾਂ ਸਰਕਾਰ ਤੋਂ ਆਪਣੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਨਿੱਜੀ ਖੰਡ ਮਿੱਲਾਂ ਵੱਲ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਬਕਾਇਆ ਪਿਆ ਹੈ, ਜਿਸ ਨੂੰ ਤੁਰੰਤ ਜਾਰੀ ਕਰਵਾਇਆ ਜਾਵੇ। ਬੰਦ ਪਈਆਂ ਖੰਡ ਮਿੱਲਾਂ ਨੂੰ ਮੁੜ ਚਾਲੂ ਕਰਨ ਤੇ ਗੰਨੇ ਦਾ ਭਾਅ 550 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਵੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ, ਸਫ਼ਾਈ ਸੇਵਕਾਂ ਤੇ ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕਰਨ ਦੀ ਮੰਗ ਵੀ ਆਗੂਆਂ ਵੱਲੋਂ ਰੱਖੀ ਗਈ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ, ਜੋਗਾ ਸਿੰਘ, ਮੀਤ ਸਕੱਤਰ ਹਰਵਿੰਦਰ ਸਿੰਘ ਉੱਚਾ, ਬਲਦੇਵ ਸਿੰਘ ਕੰਬੋਜ, ਖ਼ਜ਼ਾਨਚੀ ਵੀਰ ਸਿੰਘ, ਮੀਤ ਖ਼ਜ਼ਾਨਚੀ ਮਲਕੀਤ ਸਿੰਘ, ਜ਼ਿਲ੍ਹਾ ਸੰਗਠਨ ਸਕੱਤਰ ਬਲਬੀਰ ਸਿੰਘ ਬੁੱਟਰ, ਜੋਨ ਪ੍ਰਧਾਨ ਸੁਖਵਿੰਦਰ ਸਿੰਘ ਸੌਨੀ, ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਰੰਧੀਰਪੁਰ, ਮੀਤ ਪ੍ਰੈੱਸ ਸਕੱਤਰ ਗੁਰਸੇਵਕ ਸਿੰਘ ਸ਼ਿਵਦਿਆਲ, ਜ਼ੋਨ ਪ੍ਰਧਾਨ ਬਲਾਕਾ ਸਿੰਘ, ਜਗਤਾਰ ਸਿੰਘ ਸਰੂਪਵਾਲ, ਬਲਜਿੰਦਰ ਸਿੰਘ ਸ਼ੇਰਪੁਰ, ਪਿਆਰਾ ਸਿੰਘ ਤੇ ਆਈਟੀ ਸੈੱਲ ਇੰਚਾਰਜ ਗੁਰਵਿੰਦਰ ਸਿੰਘ ਸਮੇਤ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰ ਹਾਜ਼ਰ ਸਨ।