ਅਦਾਲਤ ਦਾ ਮਿਸਾਲੀ ਫੈਸਲਾ ਸ਼ਲਾਘਾਯੋਗ : ਸ਼ਰਨਜੀਤ ਸਿੰਘ ਨੀਲੇ ਡਰਮ ਕਤਲ ਕਾਂਡ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਉਣ ਦਾ ਫੈਸਲਾ ਸ਼ਲਾਘਾਯੋਗ: ਸ਼ਰਨਜੀਤ ਸਿੰਘ
Publish Date: Fri, 16 Oct 2026 06:44 PM (IST)
Updated Date: Fri, 16 Oct 2026 06:45 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਬੀਤੇ ਦਿਨੀਂ ਬਹੁਚਰਚਿਤ ਨੀਲੇ ਡਰਮ ਕਤਲ ਕਾਂਡ ਵਿੱਚ ਦੋਸ਼ੀ ਮੁਸਕਾਨ ਰਸਤੋਗੀ ਤੇ ਉਸ ਦੇ ਪ੍ਰੇਮੀ ਸਾਹਿਲ ਸ਼ੁਕਲਾ ਨੂੰ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਨੂੰ ਸਮਾਜ ਸੇਵਕ ਸ਼ਰਨਜੀਤ ਸਿੰਘ ਨੇ ਸ਼ਲਾਘਾਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲਿਆਂ ਨਾਲ ਆਮ ਲੋਕਾਂ ਦਾ ਕਾਨੂੰਨ ਤੇ ਨਿਆਂ ਪ੍ਰਣਾਲੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੁੰਦਾ ਹੈ ਤੇ ਅਪਰਾਧ ਕਰਨ ਵਾਲੇ ਲੋਕਾਂ ਨੂੰ ਵੀ ਕਾਨੂੰਨ ਦੀ ਤਾਕਤ ਦਾ ਅਹਿਸਾਸ ਹੁੰਦਾ ਹੈ। ਸ਼ਰਨਜੀਤ ਸਿੰਘ ਨੇ ਕਿਹਾ ਕਿ ਘਿਣਾਉਣੇ ਤੇ ਗੰਭੀਰ ਅਪਰਾਧ ਕਰਨ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ਜੁਰਮ ਦੇ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਸਮਾਜ ਵਿੱਚ ਕਾਨੂੰਨ ਦਾ ਰਾਜ ਕਾਇਮ ਰਹੇ ਅਤੇ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਸਮਾਜ ਇੱਕ-ਦੂਜੇ ਦੇ ਪੂਰਕ ਹਨ। ਕਾਨੂੰਨ ਦਾ ਮੁੱਖ ਉਦੇਸ਼ ਸਮਾਜ ਦੀ ਰੱਖਿਆ ਕਰਨਾ, ਲੋਕਾਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਨਾ ਤੇ ਅਪਰਾਧਾਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਦਾਲਤਾਂ ਗੰਭੀਰ ਅਪਰਾਧਾਂ ਦੇ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਸਖ਼ਤ ਫੈਸਲੇ ਸੁਣਾਉਂਦੀਆਂ ਹਨ ਤਾਂ ਲੋਕਾਂ ਦਾ ਨਿਆਂ ਪ੍ਰਣਾਲੀ ਪ੍ਰਤੀ ਭਰੋਸਾ ਵਧਦਾ ਹੈ। ਅਜਿਹੇ ਫੈਸਲੇ ਸਮਾਜ ਵਿੱਚ ਇਹ ਸੰਦੇਸ਼ ਵੀ ਦਿੰਦੇ ਹਨ ਕਿ ਅਪਰਾਧ ਕਰਨ ਵਾਲੇ ਵਿਅਕਤੀ ਨੂੰ ਕਾਨੂੰਨ ਦੇ ਘੇਰੇ ਵਿੱਚ ਆ ਕੇ ਆਪਣੇ ਕੀਤੇ ਦੀ ਸਜ਼ਾ ਭੁਗਤਣੀ ਪੈ ਸਕਦੀ ਹੈ। ਸ਼ਰਨਜੀਤ ਸਿੰਘ ਨੇ ਕਿਹਾ ਕਿ ਸਮਾਜ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਬਣਾਈ ਰੱਖਣ ਲਈ ਕਾਨੂੰਨ ਦਾ ਸਤਿਕਾਰ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਿਆਂ ਪ੍ਰਣਾਲੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ ਤੇ ਸਮਾਜ ਵਿੱਚ ਅਪਰਾਧਾਂ ਨੂੰ ਰੋਕਣ ਲਈ ਕਾਨੂੰਨ ਦਾ ਡਰ ਤੇ ਨਿਆਂ ਪ੍ਰਤੀ ਸਤਿਕਾਰ ਬਣਿਆ ਰਹੇਗਾ।