10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦਾ ਫੈਸਲਾ ਇਤਿਹਾਸਕ : ਡਾ. ਚੱਬੇਵਾਲ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦਾ ਫੈਸਲਾ ਇਤਿਹਾਸਕ : ਡਾ. ਰਾਜ ਕੁਮਾਰ ਚੱਬੇਵਾਲ
Publish Date: Thu, 19 Nov 2026 06:55 PM (IST)
Updated Date: Thu, 19 Nov 2026 06:57 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦੇ ਫੈਸਲੇ ਦਾ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਹਲਕਾ ਇੰਚਾਰਜ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਈਸ਼ਾਂਕ ਕੁਮਾਰ ਚੱਬੇਵਾਲ ਨੇ ਜ਼ੋਰਦਾਰ ਸਵਾਗਤ ਕੀਤਾ ਹੈ। ਦੋਵਾਂ ਆਗੂਆਂ ਨੇ ਇਸ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਫੈਸਲਾ ਗਰੀਬ, ਮਜ਼ਦੂਰ ਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਸੰਸਦ ਮੈਂਬਰ ਡਾ. ਚੱਬੇਵਾਲ ਤੇ ਵਿਧਾਇਕ ਡਾ. ਈਸ਼ਾਂਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਕੇ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦਾ ਕੋਈ ਵੀ ਲੋੜਵੰਦ ਪਰਿਵਾਰ ਭੁੱਖਾ ਨਾ ਸੌਂਵੇ ਤੇ ਹਰ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਹੋਣ ਤੋਂ ਬਾਅਦ ਸੂਬੇ ਦੇ ਕਰੀਬ 48 ਲੱਖ ਪਰਿਵਾਰ ਮੇਰੀ ਰਸੋਈ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣਗੇ। ਇਸ ਯੋਜਨਾ ਤਹਿਤ ਦਿਹਾੜੀਦਾਰ ਮਜ਼ਦੂਰਾਂ, ਵਿਧਵਾਵਾਂ, ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹਰੇਕ ਯੋਗ ਪਰਿਵਾਰ ਨੂੰ ਹਰ ਮਹੀਨੇ ਪੰਜ ਕਿਲੋਗ੍ਰਾਮ ਮੁਫ਼ਤ ਕਣਕ ਦੇ ਨਾਲ ਮੇਰੀ ਰਸੋਈ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਕਿੱਟ ਵਿੱਚ ਦਾਲਾਂ, ਖੰਡ, ਨਮਕ, ਹਲਦੀ ਤੇ ਸਰ੍ਹੋਂ ਦਾ ਤੇਲ ਵਰਗੀਆਂ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਖੁਰਾਕੀ ਵਸਤਾਂ ਸ਼ਾਮਲ ਹੋਣਗੀਆਂ। ਇਸ ਨਾਲ ਮਹਿੰਗਾਈ ਦੇ ਦੌਰ ਵਿੱਚ ਲੋੜਵੰਦ ਪਰਿਵਾਰਾਂ ਦੇ ਘਰੇਲੂ ਖਰਚੇ ਦਾ ਬੋਝ ਘਟਾਉਣ ਵਿੱਚ ਮਦਦ ਮਿਲੇਗੀ। ਦੋਵਾਂ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਨੋ ਕੈਸ਼, ਨੋ ਫਰਮਾਇਸ਼ ਦੇ ਸਿਧਾਂਤ ਤਹਿਤ ਆਨਲਾਈਨ ਤੇ ਸੇਵਾ ਕੇਂਦਰਾਂ ਰਾਹੀਂ ਪਾਰਦਰਸ਼ੀ ਚੋਣ ਪ੍ਰਕਿਰਿਆ ਅਪਣਾਈ ਹੈ, ਤਾਂ ਜੋ ਕਿਸੇ ਵਿਚੋਲੇ ਜਾਂ ਸਿਆਸੀ ਦਖਲਅੰਦਾਜ਼ੀ ਦੀ ਕੋਈ ਗੁੰਜਾਇਸ਼ ਨਾ ਰਹੇ। ਗਲਤ ਪਤੇ ਕਾਰਨ ਅਰਜ਼ੀਆਂ ਵਿੱਚ ਗਲਤੀ ਕਰਨ ਵਾਲੇ ਕਰੀਬ 1.25 ਲੱਖ ਬਿਨੈਕਾਰਾਂ ਨੂੰ ਸੁਧਾਰ ਦਾ ਮੌਕਾ ਦੇਣਾ ਵੀ ਸਰਕਾਰ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਫਗਵਾੜਾ ਤੇ ਚੱਬੇਵਾਲ ਹਲਕਿਆਂ ਸਮੇਤ ਪੰਜਾਬ ਦੇ ਸਾਰੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਈ-ਕੇਵਾਈਸੀ ਤੇ ਅਰਜ਼ੀਆਂ ਸਬੰਧੀ ਲੋੜੀਂਦੀਆਂ ਰਸਮਾਂ ਸਮੇਂ ਸਿਰ ਪੂਰੀਆਂ ਕਰਨ। ਉਨ੍ਹਾਂ ਕਿਹਾ ਕਿ ਨਵੇਂ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬਾਂ ਦੇ ਸਨਮਾਨ, ਖੁਰਾਕ ਸੁਰੱਖਿਆ ਤੇ ਖੁਸ਼ਹਾਲ ਪੰਜਾਬ ਦੇ ਸੰਕਲਪ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।