ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੋ ਰਿਹਾ ਘਾਣ : ਆਹਲੀ
ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੋ ਰਿਹਾ ਘਾਣ, ਜਨਤਾ ਸਿਖਾਏਗੀ ਸਬਕ : ਕਰਨਜੀਤ ਆਹਲੀ
Publish Date: Fri, 12 Jun 2026 09:21 PM (IST)
Updated Date: Fri, 12 Jun 2026 09:23 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੌਜੂਦਾ ਸਰਕਾਰ ਦੇ ਕਾਰਜਕਾਲ ਚ ਪੰਜਾਬ ਅੰਦਰ ਲੋਕਤੰਤਰੀ ਕਦਰਾਂ-ਕੀਮਤਾਂ ਤੇ ਸੰਵਿਧਾਨਕ ਹੱਕਾਂ ਦਾ ਲਗਾਤਾਰ ਘਾਣ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ ਤੇ ਇਸ ਸਰਕਾਰ ਦਾ ਜਨਤਾ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਲੋਕਾਂ ਦੇ ਸਾਹਮਣੇ ਬੇਨਕਾਬ ਹੋ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸੂਬੇ ਦੀ ਜਨਤਾ ਦੀਆਂ ਉਮੀਦਾਂ ਤੇ ਇੱਛਾਵਾਂ ਤੇ ਖਰੀ ਉਤਰਨ ਚ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ। ਚੋਣਾਂ ਤੋਂ ਪਹਿਲਾਂ ਜਨਤਾ ਨੂੰ ਵੱਡੇ-ਵੱਡੇ ਸੁਨਹਿਰੀ ਸੁਪਨੇ ਦਿਖਾਏ ਗਏ ਸਨ ਪਰ ਸੱਤਾ ਚ ਆਉਂਦੇ ਹੀ ਸਰਕਾਰ ਆਪਣੇ ਸਾਰੇ ਵਾਅਦਿਆਂ ਤੋਂ ਮੁਕਰ ਗਈ ਹੈ। ਕਰਨਜੀਤ ਆਹਲੀ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਲੋਕ ਭਲਾਈ ਤੇ ਜਨਹਿੱਤ ਨਾਲ ਜੁੜੇ ਮਹੱਤਵਪੂਰਨ ਤੇ ਬੁਨਿਆਦੀ ਮੁੱਦਿਆਂ ਤੋਂ ਜਨਤਾ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਦਾ ਪੂਰਾ ਧਿਆਨ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਬਜਾਏ ਸਿਰਫ ਝੂਠੇ ਪ੍ਰਚਾਰ, ਇਸ਼ਤਿਹਾਰਾਂ ਤੇ ਆਪਣੇ ਸਿਆਸੀ ਲਾਹੇ ਲੈਣ ਚ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਚ ਗੰਭੀਰ ਸਮੱਸਿਆਵਾਂ ਖੜ੍ਹੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਤੇ ਸਰਕਾਰ ਮੂਕਦਰਸ਼ਕ ਬਣੀ ਬੈਠੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਪੜ੍ਹਿਆ-ਲਿਖਿਆ ਨੌਜਵਾਨ ਰੋਜ਼ਗਾਰ ਲਈ ਦਰ-ਦਰ ਭਟਕਣ ਲਈ ਮਜਬੂਰ ਹੈ ਜਾਂ ਫਿਰ ਨਿਰਾਸ਼ ਹੋ ਕੇ ਵਿਦੇਸ਼ਾਂ ਦਾ ਰੁਖ ਕਰ ਰਿਹਾ ਹੈ। ਸਰਕਾਰ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਪੰਜਾਬ ਚ ਕਾਨੂੰਨ-ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਆਹਲੀ ਨੇ ਕਿਹਾ ਕਿ ਸਮੁੱਚੇ ਪੰਜਾਬ ਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ਬੁਨਿਆਦੀ ਢਾਂਚੇ, ਸੜਕਾਂ, ਸਿਹਤ ਅਤੇ ਸਿੱਖਿਆ ਪ੍ਰਣਾਲੀ ਦੀ ਹਾਲਤ ਤਰਸਯੋਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਾਗਰੂਕ ਜਨਤਾ ਹੁਣ ਸਰਕਾਰ ਦੀਆਂ ਇਨ੍ਹਾਂ ਲੋਕ ਵਿਰੋਧੀ ਨੀਤੀਆਂ, ਖੋਖਲੇ ਦਾਅਵਿਆਂ ਤੇ ਕਾਰਜਪ੍ਰਣਾਲੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ। ਲੋਕ ਇਸ ਤਾਨਾਸ਼ਾਹੀ ਤੇ ਝੂਠੇ ਪ੍ਰਚਾਰ ਦਾ ਜਵਾਬ ਆਉਣ ਵਾਲੇ ਸਮੇਂ ਚ ਲੋਕਤੰਤਰੀ ਤਰੀਕੇ ਨਾਲ, ਭਾਵ ਆਪਣੀ ਵੋਟ ਦੀ ਤਾਕਤ ਨਾਲ ਦੇਣਗੇ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ, ਪੰਜਾਬੀਅਤ ਤੇ ਜਨਹਿੱਤ ਦੇ ਮੁੱਦਿਆਂ ਲਈ ਮੋਹਰੀ ਕਤਾਰ ਚ ਰਹਿ ਕੇ ਸੰਘਰਸ਼ ਕਰਦਾ ਰਹੇਗਾ ਤੇ ਜਨਤਾ ਦੇ ਹੱਕ ਦੀ ਆਵਾਜ਼ ਨੂੰ ਕਦੇ ਦੱਬਣ ਨਹੀਂ ਦੇਵੇਗਾ।