- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਫ਼-ਸਫ਼ਾਈ ਤੇ ਜਾਗਰੂਕਤਾ ਨਾਲ ਹੀ ਲੱਗੇਗੀ ਡੇਂਗੂ 'ਤੇ ਰੋਕ : ਡਾ. ਰਾਜੀਵ ਪਰਾਸ਼ਰ

-ਕਿਹਾ, ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਹਿੱਸੇਦਾਰੀ ਬਹੁਤ ਜ਼ਰੂਰੀ
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ, ਕਪੂਰਥਲਾ :
ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਅੱਜ ਸਵੇਰੇ 9:00 ਵਜੇ ਤੋਂ 10:00 ਵਜੇ ਤੱਕ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਐਂਟੀ-ਡੇਂਗੂ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪੁਲਿਸ ਥਾਣਿਆਂ, ਪੁਲਿਸ ਲਾਈਨ ਅਤੇ ਧਾਰਮਿਕ ਸਥਾਨਾਂ ਨੂੰ ਵਿਸ਼ੇਸ਼ ਤੌਰ 'ਤੇ ਕਵਰ ਕੀਤਾ ਗਿਆ। ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਆਲੇ-ਦੁਆਲੇ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੂਲਰਾਂ, ਗਮਲਿਆਂ, ਟਾਇਰਾਂ, ਫਰਿੱਜ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਵਾਲੇ ਭਾਂਡਿਆਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਜ਼ਰੂਰ ਖਾਲੀ ਕਰਕੇ ਸਾਫ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਮੱਛਰਾਂ ਦੀ ਬਰੀਡਿੰਗ ਦੀ ਜਾਂਚ ਕੀਤੀ ਗਈ, ਬੁਖ਼ਾਰ ਸਰਵੇ ਕੀਤਾ ਗਿਆ, ਲਾਰਵੀਸਾਈਡ ਸਰਗਰਮੀਆਂ ਕਰਵਾਈਆਂ ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਇਸ ਮੁਹਿੰਮ ਵਿੱਚ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਮੈਡੀਕਲ ਅਫ਼ਸਰ, ਆਯੁਸ਼ ਮੈਡੀਕਲ ਅਫ਼ਸਰ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਮਲਟੀਪਰਪਜ਼ ਹੈਲਥ ਵਰਕਰ, ਕਮਿਊਨਿਟੀ ਹੈਲਥ ਅਫ਼ਸਰ, ਨਰਸਿੰਗ ਵਿਦਿਆਰਥੀ, ਆਸ਼ਾ ਵਰਕਰ, ਬਰੀਡਿੰਗ ਚੈਕਰ, ਆਰ.ਡਬਲਿਊ.ਏ./ਵੀ.ਐਚ.ਐਸ.ਸੀ. ਮੈਂਬਰਾਂ ਅਤੇ ਹੋਰ ਸਬੰਧਤ ਸਟਾਫ਼ ਨੇ ਸਰਗਰਮੀ ਨਾਲ ਹਿੱਸਾ ਲਿਆ।
ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਪੂਰਥਲਾ ਵਿਖੇ ਪੁਲਿਸ ਸਟੇਸ਼ਨ ਅਤੇ ਪੁਲਿਸ ਲਾਈਨ ਵਿੱਚ ਐਂਟੀ-ਡੇਂਗੂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਗਿਆ। ਇਸ ਮੌਕੇ ਐਪੀਡੀਮੋਲੋਜਿਸਟ ਨੰਦਿਕਾ ਖੁੱਲਰ, ਹੈਲਥ ਇੰਸਪੈਕਟਰ ਗੁਰਬੀਰ ਸਿੰਘ, ਐਮ.ਪੀ.ਐਚ.ਡਬਲਿਊ. ਦਵਿੰਦਰ ਸਿੰਘ ਅਤੇ ਹਰਦੀਪ ਸਿੰਘ, ਅਤੇ ਬਰੀਡਿੰਗ ਚੈਕਰ ਜਸਪਾਲ ਮੰਗਲ ਵੱਲੋਂ ਬਰੀਡਿੰਗ ਦੀ ਜਾਂਚ ਕੀਤੀ ਗਈ ਅਤੇ ਲਾਰਵਾ ਨਸ਼ਟ ਕਰਨ ਦੀਆਂ ਸਰਗਰਮੀਆਂ ਵੀ ਕੀਤੀਆਂ। ਇਸ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ । ਡਾ. ਪਰਾਸ਼ਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਰੀਰ ਦਰਦ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਜਾਂ ਡੇਂਗੂ ਵਰਗੇ ਹੋਰ ਲੱਛਣ ਨਜ਼ਰ ਆਉਣ ਤਾਂ ਉਹ ਬਿਨਾਂ ਦੇਰੀ ਨੇੜਲੇ ਸਰਕਾਰੀ ਸਿਹਤ ਸੰਸਥਾਨ ਨਾਲ ਸੰਪਰਕ ਕਰਨ। ਸਾਂਝੇ ਯਤਨ ਕਰਨ ਨਾਲ, ਸਫ਼ਾਈ ਤੇ ਜਾਗਰੂਕਤਾ ਰਾਹੀਂ ਹੀ ਡੇਂਗੂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ।