ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਨੁੱਕੜ ਨਾਟਕ ਕਰਵਾਇਆ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਨੁੱਕੜ ਨਾਟਕ ਦਾ ਆਯੋਜਨ
Publish Date: Tue, 27 Oct 2026 06:44 PM (IST)
Updated Date: Tue, 27 Oct 2026 06:46 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾੜਨ ਦੇ ਨੁਕਸਾਨਾਂ ਪ੍ਰਤੀ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਥਾਨਕ ਦਾਣਾ ਮੰਡੀ ਤੇ ਪਾਂਸ਼ਟਾ ਮੰਡੀ ਫਗਵਾੜਾ ਵਿੱਚ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਲੋਕ ਕਲਾ ਮੰਚ, ਮਜੀਠਾ (ਅੰਮ੍ਰਿਤਸਰ) ਦੀ ਟੀਮ ਵੱਲੋਂ ਪੇਸ਼ ਕੀਤਾ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਨਵਜੋਤ ਸ਼ਰਮਾ, ਐੱਸਡੀਐੱਮ ਫਗਵਾੜਾ ਨੇ ਕੀਤੀ। ਇਸ ਮੌਕੇ ਪਲਵਿੰਦਰ ਸਿੰਘ, ਡੀਐੱਸਪੀ ਫਗਵਾੜਾ ਤੇ ਅਨੁਰਾਗ ਮਾਨਖੰਡ, ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਦੇ ਨਾਲ ਖੇਤੀਬਾੜੀ ਅਫ਼ਸਰ ਤੇ ਸਕੱਤਰ ਮਾਰਕੀਟ ਕਮੇਟੀ ਫਗਵਾੜਾ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। ਨੁੱਕੜ ਨਾਟਕ ਰਾਹੀਂ ਕਲਾਕਾਰਾਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਤੇ ਸਰਲ ਢੰਗ ਨਾਲ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਤੇ ਅੱਖਾਂ ਦੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਖੇਤਾਂ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ। ਨਾਟਕ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ, ਆਧੁਨਿਕ ਖੇਤੀ ਮਸ਼ੀਨਰੀ (ਸੁਪਰ ਸੀਡਰ, ਹੈਪੀ ਸੀਡਰ, ਮਲਚਰ ਆਦਿ) ਦੀ ਵਰਤੋਂ ਕਰਨ ਤੇ ਪਰਾਲੀ ਦੇ ਸਹੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਮੰਡੀ ਵਿੱਚ ਮੌਜੂਦ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਤੇ ਹੋਰ ਆਮ ਲੋਕਾਂ ਨੇ ਨਾਟਕ ਨੂੰ ਬੜੀ ਦਿਲਚਸਪੀ ਨਾਲ ਵੇਖਿਆ ਤੇ ਪਰਾਲੀ ਨਾ ਸਾੜਨ ਦਾ ਸੰਕਲਪ ਲਿਆ।