ਖਾਦਾਂ ਦੀ ਕਾਲਾਬਾਜ਼ਾਰੀ ਰੋਕੇਗੀ ਟਾਸਕ ਫੋਰਸ : ਡੀਸੀ
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਖਾਦਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ
Publish Date: Tue, 12 May 2026 08:58 PM (IST)
Updated Date: Tue, 12 May 2026 09:00 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸਾਉਣੀ (ਖਰੀਫ) 2026 ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਜ਼ਿਲ੍ਹੇ ਵਿਚ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਭਾਰਤ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਣਾਈ ਗਈ ਇਸ ਟਾਸਕ ਫੋਰਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ ਕਰਨਗੇ, ਜਦਕਿ ਐੱਸਪੀ ਕਪੂਰਥਲਾ, ਮੁੱਖ ਖੇਤੀਬਾੜੀ ਅਫ਼ਸਰ (ਕਨਵੀਨਰ), ਖੇਤੀਬਾੜੀ ਅਫ਼ਸਰ (ਹੈੱਡਕੁਆਰਟਰ) ਤੇ ਖੇਤੀਬਾੜੀ ਵਿਕਾਸ ਅਫ਼ਸਰ ਨਡਾਲਾ ਨੂੰ ਇਸ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਇਹ ਟਾਸਕ ਫੋਰਸ ਖਾਦਾਂ ਦੀ ਵਿਕਰੀ ਤੇ ਆਈਐੱਫਐੱਮਐੱਸ ਪ੍ਰਣਾਲੀ ਰਾਹੀਂ ਤਿੱਖੀ ਨਜ਼ਰ ਰੱਖੇਗੀ ਤੇ ਕਿਸੇ ਵੀ ਤਰ੍ਹਾਂ ਦੀ ਅਸਧਾਰਨ ਵਿਕਰੀ ਦੀ ਜਾਂਚ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਖਾਦਾਂ ਦੀ ਜਮ੍ਹਾਂਖੋਰੀ, ਕਾਲਾਬਾਜ਼ਾਰੀ ਜਾਂ ਖੇਤੀਬਾੜੀ ਤੋਂ ਇਲਾਵਾ ਕਿਸੇ ਹੋਰ ਕੰਮ ਲਈ ਵਰਤੋਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਟੀਮਾਂ ਵੱਲੋਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਜ਼ਿਲ੍ਹੇ ਵਿਚ ਖਾਦਾਂ ਦੀ ਨਿਯਮਤ ਸਪਲਾਈ ਉਪਲਬਧ ਹੈ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਜਾਂ ਪੀਏਯੂ ਦੇ ਮਾਹਿਰਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਟਾਸਕ ਫੋਰਸ ਇਹ ਯਕੀਨੀ ਬਣਾਏਗੀ ਕਿ ਕਿਸਾਨਾਂ ਨੂੰ ਸਹੀ ਸਮੇਂ ਤੇ ਸਹੀ ਸਥਾਨ ਤੇ ਖਾਦ ਉਪਲਬਧ ਹੋਵੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਅਨੁਸਾਰ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਤੇ ਬਦਲਵੀਆਂ ਖਾਦਾਂ ਜਿਵੇਂ ਕਿ ਐੱਨਪੀਕੇ, ਐੱਸਐੱਸਪੀ ਤੇ ਜੈਵਿਕ ਖਾਦਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਟਾਸਕ ਫੋਰਸ ਖ਼ਰੀਫ ਸੀਜ਼ਨ ਦੌਰਾਨ ਨਿਯਮਤ ਮੀਟਿੰਗਾਂ ਕਰੇਗੀ ਤੇ ਹਰ 15 ਦਿਨਾਂ ਬਾਅਦ ਆਪਣੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੌਂਪੇਗੀ।