ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਪੂਰਥਲਾ ਵਿਖੇ 80ਵੇਂ ਆਜ਼ਾਦੀ ਦਿਹਾੜੇ 'ਤੇ ਰਾਸ਼ਟਰੀ ਝੰਡਾ ਲਹਿਰਾਇਆ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਪੂਰਥਲਾ ਵਿਖੇ 80ਵੇਂ ਆਜ਼ਾਦੀ ਦਿਹਾੜੇ 'ਤੇ ਰਾਸ਼ਟਰੀ ਝੰਡਾ ਲਹਿਰਾਇਆ
Publish Date: Sun, 16 Aug 2026 07:01 PM (IST)
Updated Date: Sun, 16 Aug 2026 07:02 PM (IST)
---ਜੰਗ-ਏ-ਆਜ਼ਾਦੀ ਦੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਦਿੱਤੀ ਭਾਵਪੂਰਨ ਸ਼ਰਧਾਂਜਲੀ -ਪੰਜਾਬੀਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕੀਤਾ ਯਾਦ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : 80ਵੇਂ ਆਜ਼ਾਦੀ ਦਿਹਾੜੇ ਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀ ਪਰੇਡ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ ਤੇ ਸਲਾਮੀ ਲਈ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਤੇ ਭਾਰਤ ਦੀ ਆਜ਼ਾਦੀ ਲਈ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੀ ਲੜਾਈ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਤੇ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਡਟੇ ਰਹੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਹਾਦੁਰੀ, ਦੇਸ਼ ਭਗਤੀ ਤੇ ਨਿਸਵਾਰਥ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਇਨ੍ਹਾਂ ਬਹਾਦਰ ਸੂਰਬੀਰਾਂ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਤੇ ਪ੍ਰਭੂਸੱਤਾ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਨ੍ਹਾਂ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਦੇ ਬੇਮਿਸਾਲ ਯੋਗਦਾਨ ਤੇ ਵੀ ਚਾਨਣਾ ਪਾਇਆ ਤੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਭਾਰਤ ਦੀ ਆਜ਼ਾਦੀ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ਗਏ ਪ੍ਰਮੁੱਖ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਪੂਰਥਲਾ ਵਿੱਚ ਇਸ ਵੇਲੇ 29 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਤਿੰਨ ਲੱਖ ਤੋਂ ਵੱਧ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਲਦ ਹੀ 16 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਕ੍ਰਿਟੀਕਲ ਕੇਅਰ ਬਲਾਕ ਤਿਆਰ ਕੀਤਾ ਜਾਵੇਗਾ। ਇਹ ਪ੍ਰੋਜੈਕਟ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਸਿਹਤ ਢਾਂਚੇ ਨੂੰ ਮਜ਼ਬੂਤ ਕਰੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਏਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਇੰਟੀਗ੍ਰੇਟਿਡ ਪਬਲਿਕ ਹੈਲਥ ਲੈਬਾਰਟਰੀ ਵੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜ਼ਿਲ੍ਹੇ ਭਰ ਵਿੱਚ 32 ਪਿੰਡ ਕਲੀਨਿਕ ਬਣਾਏ ਜਾ ਰਹੇ ਹਨ, ਜਿਨ੍ਹਾਂ ਦਾ ਮੁੱਖ ਮਨੋਰਥ ਟੈਲੀਕੰਸਲਟੇਸ਼ਨ ਰਾਹੀਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਤਹਿਤ ਪਹਿਲਕਦਮੀਆਂ ਬਾਰੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 108 ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 35 ਲੋਕ ਅਰਪਣ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਵਿੱਚ ਫਿਟਨੈੱਸ ਨੂੰ ਉਤਸ਼ਾਹਿਤ ਕਰਨ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ 26 ਜਿਮ ਵੀ ਸਥਾਪਤ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ 1,527 ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ ਹੈ, ਜਦਕਿ 5,047 ਨੌਜਵਾਨਾਂ ਨੇ ਕਰੀਅਰ ਕਾਊਂਸਲਿੰਗ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਾਲ ਨਜਿੱਠਣ ਤੇ ਲੋਕਾਂ ਦੀ ਸੁਰੱਖਿਆ ਅਤੇ ਜਾਨਵਰਾਂ ਦੀ ਭਲਾਈ ਨੂੰ ਯਕੀਨੀ ਬਣਾਉਂਦੇ ਹੋਏ, ਜ਼ਿਲ੍ਹੇ ਵਿੱਚ ਜਲਦੀ ਹੀ ਇੱਕ ਐਨੀਮਲ ਬਰਥ ਕੰਟਰੋਲ (ਏਬੀਸੀ) ਸੈਂਟਰ ਦਾ ਨਿਰਮਾਣ ਕੀਤਾ ਜਾਵੇਗਾ। ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਤੇ ਖਾਸ ਕਰਕੇ ਕਪੂਰਥਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਐੱਨਸੀਸੀ, ਸਕਾਊਟਸ (ਲੜਕੇ ਤੇ ਲੜਕੀਆਂ) ਤੇ ਹੋਰ ਟੁਕੜੀਆਂ ਵੱਲੋਂ ਪੇਸ਼ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀਐੱਸਪੀ ਡਾ. ਸ਼ੀਤਲ ਸਿੰਘ ਨੇ ਕੀਤੀ। ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ 900 ਤੋਂ ਵੱਧ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀਟੀ ਸ਼ੋਅ ਪੇਸ਼ ਕੀਤਾ ਗਿਆ। ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਤੇ ਦੇਸ਼ ਭਗਤੀ ਦਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਮੌਕੇ ਮੁੱਖ ਮਹਿਮਾਨ ਨੇ ਆਜ਼ਾਦੀ ਘੁਲਾਟੀਏ ਪ੍ਰੇਮ ਸਾਗਰ ਸਮੇਤ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, ਵੀਰ ਨਾਰੀਆਂ, ਪੁਲਿਸ ਮੁਲਾਜ਼ਮਾਂ ਤੇ ਪਰੇਡ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਭਾਗੀਦਾਰਾਂ ਨੂੰ ਵੀ ਸਨਮਾਨਤ ਕੀਤਾ। ਉਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਤਿੰਨ ਟ੍ਰਾਈਸਾਈਕਲ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਰਸ਼ਮੀ ਕਪਿਲਾ, ਸੀਨੀਅਰ ਕਪਤਾਨ ਪੁਲਿਸ ਗੌਰਵ ਤੂਰਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਆਮ ਆਦਮੀ ਪਾਰਟੀ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ, ਆਪ ਆਗੂ ਨਰਿੰਦਰ ਸਿੰਘ ਮਨਸੂ, ਕੰਵਰ ਇਕਬਾਲ ਸਿੰਘ, ਡਾ. ਸੈਮੂਅਲ ਮਸੀਹ, ਇੰਦਰਜੀਤ ਸਿੰਘ ਜੁਗਨੂੰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।