ਪਰਾਲੀ ਨਾ ਸਾੜ ਕੇ ਕਿਸਾਨ ਪ੍ਰਸ਼ਾਸਨ ਦਾ ਸਾਥ ਦੇਣ : ਡੀਸੀ ਪਰਾਲੀ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਵੱਲੋਂ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ
Publish Date: Thu, 29 Oct 2026 07:18 PM (IST)
Updated Date: Thu, 29 Oct 2026 07:19 PM (IST)
--ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ --ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ ਅਮਰੀਕ ਮੱਲ੍ਹੀ\ਸੁਖਪਾਲ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਅੱਜ ਪਿੰਡ ਲੱਖਣ ਕੇ ਪੱਡੇ ਤੇ ਮਿਆਣੀ ਭਗੂਪੁਰੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਤੇ ਵਾਤਾਵਰਣ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰਤਾ ਵਿਭਾਗ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਸਮੇਤ ਪਹੁੰਚੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਤੇ ਉਨ੍ਹਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਦੇ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ। ਕਿਸਾਨਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਤੇ ਸਰਕਾਰੀ ਵਿਭਾਗਾਂ ਦੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਨੂੰ ਘਟਾਉਣ, ਲੋਕਾਂ ਦੀ ਸਿਹਤ ਦੀ ਰੱਖਿਆ ਕਰਨ ਤੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਵਾਤਾਵਰਣ ਪੱਖੀ ਤਰੀਕਿਆਂ ਨਾਲ ਪ੍ਰਬੰਧਨ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਦੇ ਵਿਗਿਆਨਕ ਪ੍ਰਬੰਧਨ ਲਈ ਸਰਕਾਰੀ ਵਿਭਾਗਾਂ ਤੇ ਸਹਿਕਾਰੀ ਸੰਸਥਾਵਾਂ ਰਾਹੀਂ ਉਪਲਬਧ ਮਸ਼ੀਨਰੀ ਤੇ ਤਕਨੀਕੀ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੇ ਸਾਂਝੇ ਟੀਚੇ ਦੀ ਪ੍ਰਾਪਤੀ ਲਈ ਕਿਸਾਨ ਭਾਈਚਾਰੇ ਦਾ ਸਰਗਰਮ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਤੇ ਟਿਕਾਊ ਖੇਤੀਬਾੜੀ ਪ੍ਰਥਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਤੇ ਹੋਰ ਸਬੰਧਤ ਧਿਰਾਂ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਡੀਆਰ ਸਹਿਕਾਰੀ ਸਭਾਵਾਂ ਜਸਜੀਤ ਸਿੰਘ, ਖੇਤੀਬਾੜੀ ਅਫ਼ਸਰ ਸਤਨਾਮ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਗੁਰਜੋਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।