ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦੀ ਲੋੜ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਵੱਲੋਂ ਸਾਂਝੇ ਯਤਨ ਕਰਨ ਦਾ ਸੱਦਾ
Publish Date: Sat, 10 Oct 2026 08:55 PM (IST)
Updated Date: Sat, 10 Oct 2026 08:56 PM (IST)
ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਲੋਕਾਂ ਨੂੰ ਦਿੱਤਾ ਗਿਆ ਸੱਦਾ ਲਖਵੀਰ ਸਿੰਘ ਲੱਖੀ\ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਲੋਕਾਂ, ਸਿਵਲ ਪ੍ਰਸ਼ਾਸਨ ਤੇ ਪੁਲਿਸ ਨੂੰ ਮਿਲ ਕੇ ਨਿਰੰਤਰ ਯਤਨ ਕਰਨ ਦਾ ਸੱਦਾ ਦਿੱਤਾ। ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸੇਂਚਾ ਅਤੇ ਲਾਟੀਆਂਵਾਲ ਵਿਖੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਜੰਗ ਨੂੰ ਇਸ ਦੇ ਅੰਜਾਮ ਤੱਕ ਪਹੁੰਚਾਉਣ ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਸਾਂਝੇ ਯਤਨਾਂ ਨਾਲ ਇਸ ਮੁਹਿੰਮ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ ਤੇ ਲੋਕਾਂ ਦੇ ਨਿਰੰਤਰ ਸਹਿਯੋਗ ਨਾਲ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕਦਾ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਸੁਰੱਖਿਆ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰਕ ਸਹਿਯੋਗ, ਚੰਗੀ ਸੰਗਤ ਤੇ ਖੇਡਾਂ ਤੇ ਮਨੋਰੰਜਨ ਦੀਆਂ ਸਹੂਲਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕ ਸੰਪਰਕ ਮੁਹਿੰਮਾਂ, ਸਖ਼ਤ ਕਾਰਵਾਈ ਤੇ ਮੁੜ ਵਸੇਬੇ ਦੇ ਉਪਰਾਲਿਆਂ ਰਾਹੀਂ ਨਸ਼ਾ ਵਿਰੋਧੀ ਮੁਹਿੰਮ ਨੂੰ ਸਿੱਧੇ ਪਿੰਡਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਹੁਣ ਤੱਕ 76,982 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਦੇ ਇਲਾਜ ਤੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਖੇਡ ਮੈਦਾਨਾਂ ਤੇ ਖੇਡ ਸਹੂਲਤਾਂ ਦਾ ਪ੍ਰਬੰਧ ਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਅਧਿਕਾਰੀਆਂ ਨਾਲ ਸਾਂਝੀ ਕਰਨ ਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਂਝੇ ਉਪਰਾਲੇ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਵੀ ਸੁਣੀਆਂ ਤੇ ਭਰੋਸਾ ਦਿੱਤਾ ਕਿ ਪਿੰਡ ਵਿੱਚ ਖੇਡ ਮੈਦਾਨ ਬਣਾਉਣ, ਸੀਸੀਟੀਵੀ ਕੈਮਰੇ ਲਗਾਉਣ, ਸਟਰੀਟ ਲਾਈਟਾਂ ਲਗਾਉਣ ਅਤੇ ਸਥਾਨਕ ਸਕੂਲ ਵਿੱਚ ਵਾਧੂ ਅਧਿਆਪਕਾਂ ਦੀ ਨਿਯੁਕਤੀ ਸਮੇਤ ਹੋਰ ਮਸਲਿਆਂ ਦੇ ਜਲਦ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਕੋਆਰਡੀਨੇਟਰ ਸੀਮਾ ਰਾਣਾ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਹ ਮੁਹਿੰਮ ਪਿਛਲੇ 551 ਦਿਨਾਂ ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰੰਤਰ ਯਤਨਾਂ ਸਦਕਾ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਘਟਾਉਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਲੋਕਾਂ ਦੀ ਲਗਾਤਾਰ ਸ਼ਮੂਲੀਅਤ ਤੇ ਸਾਂਝੇ ਯਤਨਾਂ ਨਾਲ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਨੂੰ ਵੀ ਨਸ਼ਾ ਮੁਕਤ ਬਣਾਉਣ ਵੱਲ ਅੱਗੇ ਵਧਿਆ ਜਾ ਸਕਦਾ ਹੈ। ਇਸ ਮੌਕੇ ਏਐੱਸਪੀ ਧੀਰੇਂਦਰ ਵਰਮਾ, ਐੱਸਡੀਐੱਮ ਜਸਜੀਤ ਸਿੰਘ, ਡੀਡੀਪੀਓ ਗੁਰਪ੍ਰਤਾਪ ਸਿੰਘ ਗਿੱਲ, ਰੰਜਿਸ਼ ਪ੍ਰਭਾਕਰ, ਹਰਭਜਨ ਕੌਰ, ਨਸ਼ਾ ਮੁਕਤੀ ਮੋਰਚਾ ਦੇ ਸਤਨਾਮ ਸਿੰਘਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।