ਡੀਸੀ ਨੇ ਲਿਆ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਜਾਇਜ਼ਾ
Publish Date: Thu, 19 Nov 2026 08:50 PM (IST)
Updated Date: Thu, 19 Nov 2026 08:51 PM (IST)
--2 ਨੂੰ ਤਰਨ ਤਾਰਨ ਰਾਹੀਂ ਕਪੂਰਥਲਾ ਜ਼ਿਲ੍ਹੇ ’ਚ ਦਾਖ਼ਲ ਹੋਵੇਗੀ ਸ਼ੋਭਾ ਯਾਤਰਾ --ਸੜਕਾਂ ਦੀ ਮੁਰੰਮਤ, ਸਫ਼ਾਈ, ਪਾਰਕਿੰਗ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਕੱਢੀਆਂ ਜਾ ਰਹੀਆਂ ਸ਼ੋਭਾ ਯਾਤਰਾਵਾਂ ਦੇ ਸਿਲਸਿਲੇ ਤਹਿਤ ਜ਼ਿਲ੍ਹਾ ਕਪੂਰਥਲਾ ਵਿੱਚ ਹੋਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਸੀਨੀਅਰ ਕਪਤਾਨ ਪੁਲਿਸ ਗੌਰਵ ਤੂਰਾ ਵੱਲੋਂ ਵੀਰਵਾਰ ਨੂੰ ਜਾਇਜ਼ਾ ਲਿਆ ਗਿਆ। ਸੂਬੇ ਭਰ ਵਿੱਚ ਕੱਢੀਆਂ ਜਾ ਰਹੀਆਂ ਚਾਰ ਸ਼ੋਭਾ ਯਾਤਰਾਵਾਂ ਵਿੱਚੋਂ ਇੱਕ ਇਹ ਸ਼ੋਭਾ ਯਾਤਰਾ 2 ਦਸੰਬਰ ਨੂੰ ਤਰਨ ਤਾਰਨ ਰਾਹੀਂ ਜ਼ਿਲ੍ਹਾ ਕਪੂਰਥਲਾ ਵਿੱਚ ਦਾਖ਼ਲ ਹੋਵੇਗੀ। ਇਸ ਦੇ ਸੁਚਾਰੂ, ਸ਼ਾਂਤਮਈ ਤੇ ਮਰਿਆਦਾ ਸਹਿਤ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਨਗਰ ਨਿਗਮ ਕਮਿਸ਼ਨਰ ਕੰਵਲਜੀਤ ਸਿੰਘ ਸਮੇਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸ਼ੋਭਾ ਯਾਤਰਾ ਵਿੱਚ ਸ਼ਮੂਲੀਅਤ ਕਰਨ, ਸ੍ਰੀ ਗੁਰੂ ਰਵਿਦਾਸ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਤੇ ਇਸ ਮੌਕੇ ਨੂੰ ਇਤਿਹਾਸਕ ਤੇ ਯਾਦਗਾਰੀ ਬਣਾਉਣ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੇ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ ਸਮੇਂ ਗੋਇੰਦਵਾਲ ਸਾਹਿਬ ਪੁਲ ਵਿਖੇ ਰਸਮੀ ਤੌਰ ’ਤੇ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਸ ਮੌਕੇ ਦੀ ਧਾਰਮਿਕ ਤੇ ਸਮਾਜਿਕ ਮਹੱਤਤਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਕੱਢੀ ਜਾਵੇਗੀ ਤੇ ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਸਦਭਾਵਨਾ, ਸ਼ਾਂਤੀ, ਭਾਈਚਾਰੇ ਤੇ ਮਾਨਵਤਾ ਦੇ ਸੰਦੇਸ਼ ਨੂੰ ਦਰਸਾਇਆ ਜਾਵੇਗਾ। ਸ਼ੋਭਾ ਯਾਤਰਾ ਦੇ ਸੁਚਾਰੂ ਤੇ ਮਰਿਆਦਾ ਸਹਿਤ ਆਯੋਜਨ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਯਾਤਰਾ ਦੇ ਰੂਟ ’ਤੇ ਪੈਂਦੀਆਂ ਸੜਕਾਂ ਦੀ ਪੂਰੀ ਤਰ੍ਹਾਂ ਸਫ਼ਾਈ ਤੇ ਕਾਰਪੇਟਿੰਗ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਅਗਾਊਂ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਭਾ ਯਾਤਰਾ ਮੁੰਡੀ ਮੋੜ, ਖਾਨਪੁਰ, ਬੱਸ ਸਟੈਂਡ, ਡੀਸੀ ਚੌਕ ਤੇ ਸਾਇੰਸ ਸਿਟੀ ਤੋਂ ਹੁੰਦੀ ਹੋਈ ਜ਼ਿਲ੍ਹਾ ਜਲੰਧਰ ਵੱਲ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ਪੂਰੇ ਰੂਟ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਸਿਹਤ ਕੈਂਪਾਂ, ਆਵਾਜਾਈ ਦੇ ਸੁਚਾਰੂ ਪ੍ਰਬੰਧਾਂ ਤੇ ਸ਼ਰਧਾਲੂਆਂ ਲਈ ਹੋਰ ਜ਼ਰੂਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਐੱਸਐੱਸਪੀ ਗੌਰਵ ਤੂਰਾ ਨੇ ਕਿਹਾ ਕਿ ਸ਼ੋਭਾ ਯਾਤਰਾ ਦੇ ਰੂਟ ਤੇ ਆਰਜ਼ੀ ਪੜਾਅ ਵਾਲੀਆਂ ਥਾਵਾਂ ’ਤੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਤੋਂ ਬਚਾਉਣ ਲਈ ਢੁੱਕਵੀਂ ਪਾਰਕਿੰਗ ਤੇ ਆਵਾਜਾਈ ਦੇ ਸੁਚਾਰੂ ਨਿਯਮਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੌਂਪੀ ਗਈ ਡਿਊਟੀ ਪੂਰੀ ਤਨਦੇਹੀ, ਵਚਨਬੱਧਤਾ ਤੇ ਸੇਵਾ ਭਾਵਨਾ ਨਾਲ ਨਿਭਾਉਣ ਤਾਂ ਜੋ ਸ਼ੋਭਾ ਯਾਤਰਾ ਦਾ ਸਫ਼ਲ ਤੇ ਸ਼ਾਂਤਮਈ ਆਯੋਜਨ ਯਕੀਨੀ ਬਣਾਇਆ ਜਾ ਸਕੇ।