ਡੀਸੀ ਤੇ ਐੱਸਐੱਸਪੀ ਵੱਲੋਂ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Publish Date: Sat, 31 Oct 2026 09:11 PM (IST)
Updated Date: Sat, 31 Oct 2026 09:13 PM (IST)
--ਨਸ਼ਿਆਂ ਦੇ ਖਾਤਮੇ ਲਈ 60 ਦਿਨਾਂ ਦੀ ਵਿਸ਼ੇਸ਼ ਕਾਰਜ ਯੋਜਨਾ ਸ਼ੁਰੂ --ਨਸ਼ਾ ਪੀੜਤਾਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਅੱਗੇ ਆਉਣ ਦੀ ਅਪੀਲ ਅਮਰੀਕ ਮੱਲ੍ਹੀ\ਸੁਖਪਾਲ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਅੱਜ ਪਿੰਡ ਫੂਲੇਵਾਲ, ਡੈਣਵਿੰਡ, ਨਵਾਂ ਪਿੰਡ ਭੱਠੇ, ਡੋਗਰਾਂਵਾਲ, ਖੁਖਰੈਣ ਤੇ ਸ਼ਹਿਰੀਆ ਮੁਹੱਲਾ ਸਮੇਤ ਨਸ਼ਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰੇ ਦਾ ਮਕਸਦ ਕਪੂਰਥਲਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦੇ ਯਤਨਾਂ ਨੂੰ ਹੋਰ ਤੇਜ਼ ਕਰਨਾ ਸੀ। ਅਧਿਕਾਰੀਆਂ ਦੀ ਟੀਮ ਸਮੇਤ ਪਹੁੰਚੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕੀਤਾ ਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ 60 ਦਿਨਾਂ ਦੀ ਵਿਸ਼ੇਸ਼ ਕਾਰਜ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ ਸਖ਼ਤ ਕਾਨੂੰਨੀ ਕਾਰਵਾਈ, ਪ੍ਰਭਾਵਸ਼ਾਲੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਸਹੂਲਤਾਂ ਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਰਾਹੀਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਖੇਡ ਸਹੂਲਤਾਂ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਖੇਡ ਮੈਦਾਨ ਵਿਕਸਤ ਕਰਨ ਲਈ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਤੇ ਇਨ੍ਹਾਂ ਇਲਾਕਿਆਂ ਦੇ ਦਾਖ਼ਲਾ ਤੇ ਬਾਹਰ ਜਾਣ ਵਾਲੇ ਰਸਤਿਆਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਵਿੱਚੋਂ ਖਾਲੀ ਥਾਵਾਂ ਦੀ ਸ਼ਨਾਖਤ ਕਰਕੇ ਢੁਕਵੀਆਂ ਥਾਵਾਂ ’ਤੇ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਅਨੁਮਾਨ ਤਿਆਰ ਕਰਕੇ ਪੇਸ਼ ਕਰਨ ਲਈ ਵੀ ਕਿਹਾ, ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਆਸਾਨੀ ਨਾਲ ਮੁਹੱਈਆ ਹੋ ਸਕਣ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਕਈ ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਜਾ ਕੇ ਢੁਕਵਾਂ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਥਾਨਕ ਵਸਨੀਕਾਂ ਤੋਂ ਮੌਜੂਦਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਸਹੂਲਤਾਂ ਦੀ ਉਪਲਬਧਤਾ ਤੇ ਪਹੁੰਚ ਬਾਰੇ ਫੀਡਬੈਕ ਵੀ ਲਿਆ, ਤਾਂ ਜੋ ਲੋੜ ਅਨੁਸਾਰ ਇਨ੍ਹਾਂ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਦੀ ਸਹੂਲਤ ਲਈ ਹਸਪਤਾਲ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤੇ ਉਨ੍ਹਾਂ ਲਈ ਬੈੱਡ ਰਾਖਵੇਂ ਰੱਖੇ ਗਏ ਹਨ। ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਝਿਜਕ ਦੇ ਅੱਗੇ ਆਉਣ ਤੇ ਉਪਲਬਧ ਇਲਾਜ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਇਲਾਕਾ ਨਿਵਾਸੀਆਂ, ਪੰਚਾਇਤਾਂ ਤੇ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਸਾਂਝੇ ਉਪਰਾਲੇ ਵਿੱਚ ਪ੍ਰਸ਼ਾਸਨ ਦਾ ਸਰਗਰਮੀ ਨਾਲ ਸਾਥ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਅਧਿਕਾਰੀਆਂ ਨੇ ਪਿੰਡ ਖੁਖਰੈਣ ਵਿਖੇ ਪਰਾਲੀ ਨੂੰ ਲੱਗੀ ਅੱਗ ਨੂੰ ਖ਼ੁਦ ਬੁਝਾਇਆ ਤੇ ਸਬੰਧਤ ਅਧਿਕਾਰੀਆਂ ਨੂੰ ਅੱਗ ਲਗਾਉਣ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐੱਸਡੀਐੱਮ ਮੇਜਰ ਡਾ. ਇਰਵਿਨ ਕੌਰ, ਡੀਐੱਸਪੀ ਮੇਜਰ ਡਾ. ਸ਼ੀਤਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।