ਕਿਸਾਨ ਮੰਡੀਆਂ ’ਚ ਸਿਰਫ਼ ਸੁੱਕਾ ਝੋਨਾ ਲਿਆਉਣ : ਡੀਸੀ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਲਿਆਉਣ ਦੀ ਅਪੀਲ
Publish Date: Fri, 18 Sep 2026 08:33 PM (IST)
Updated Date: Fri, 18 Sep 2026 08:35 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਗਾਮੀ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਲੈ ਕੇ ਆਉਣ, ਜਿਸ ਵਿੱਚ ਨਮੀ ਦੀ ਮਾਤਰਾ 17 ਫੀਸਦੀ ਜਾਂ ਇਸ ਤੋਂ ਘੱਟ ਹੋਵੇ। ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਹਦਾਇਤ ਦੀ ਪਾਲਣਾ ਨਾਲ ਜ਼ਿਲ੍ਹੇ ਭਰ ਵਿੱਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਕੰਬਾਈਨਾਂ ਨੂੰ ਸਿਰਫ਼ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੰਬਾਈਨ ਜ਼ਬਤ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਬਿਨਾਂ ਕਿਸੇ ਦੇਰੀ ਤੋਂ ਚੁੱਕਣ ਲਈ ਵਚਨਬੱਧ ਹੈ, ਬਸ਼ਰਤੇ ਫ਼ਸਲ ਨਮੀ ਦੇ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਦੀ ਹੋਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸਾਲ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਖਰੀਦ ਲਈ ਪੂਰੀ ਤਰ੍ਹਾਂ ਸੁੱਕਾ ਝੋਨਾ ਲਿਆਉਣ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸੀਜ਼ਨ ਦੌਰਾਨ ਲਗਭਗ 7.88 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਸਾਨਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਇਹ ਯਕੀਨੀ ਬਣਾਉਣ ਲਈ ਪੁਖਤਾ ਇੰਤਜ਼ਾਮ ਕੀਤੇ ਜਾਣਗੇ ਕਿ ਉਨ੍ਹਾਂ ਦੀ ਫ਼ਸਲ ਦੀ ਖਰੀਦ ਤੁਰੰਤ ਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ ਕੀਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।