ਡੀਸੀ ਵਲੋਂ ਨਸ਼ਾ ਮੁਕਤੀ ਤੇ ਮੁੜ-ਵਸੇਬਾ ਕੇਂਦਰਾਂ ‘ਚ ਬੈੱਡਾਂ ਦੀ ਸਮਰੱਥਾ ਵਧਾਉਣ ਦੇ ਹੁਕਮ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਨੂੰ ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਕੇਂਦਰਾਂ ‘ਚ ਬੈੱਡਾਂ ਦੀ ਸਮਰੱਥਾ ਵਧਾਉਣ ਦੇ ਨਿਰਦੇਸ਼
Publish Date: Mon, 20 Jul 2026 07:08 PM (IST)
Updated Date: Tue, 21 Jul 2026 04:05 AM (IST)
ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਿਹਤ ਵਿਭਾਗ ਨੂੰ ਸਰਕਾਰੀ ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਬੈੱਡਾਂ ਦੀ ਸਮਰੱਥਾ ਨੂੰ ਹੋਰ ਵਧਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਦਾ ਸਹੀ ਇਲਾਜ ਅਤੇ ਸਮੇਂ ਸਿਰ ਦਾਖਲਾ ਯਕੀਨੀ ਬਣਾਇਆ ਜਾ ਸਕੇ । ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਿਹਤ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ, ਐੱਸ.ਐੱਸ.ਪੀ. ਗੌਰਵ ਤੂਰਾ ਦੀ ਹਾਜ਼ਰੀ ਵਿੱਚ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿੱਜੀ ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਦੇ ਹੁਕਮ ਦਿੱਤੇ ਤਾਂ ਜੋ ਉਨ੍ਹਾਂ ਦੀ ਮੌਜੂਦਾ ਬੈੱਡ ਸਮਰੱਥਾ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਨਸ਼ਾ ਪੀੜਤਾਂ ਦੇ ਦਾਖਲੇ ਤੇ ਇਲਾਜ ਲਈ ਢੁਕਵੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਵਿਭਾਗ ਨੂੰ ਸਿਵਲ ਹਸਪਤਾਲ, ਕਪੂਰਥਲਾ ਵਿਖੇ ਮੁੜ-ਵਸੇਬਾ ਕੇਂਦਰ ਨੂੰ ਚਾਲੂ ਕਰਨ ਲਈ ਲੋੜੀਂਦੇ ਸਟਾਫ਼ ਬਾਰੇ ਤੁਰੰਤ ਤਜਵੀਜ਼ ਭੇਜਣ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਇਸ ਨੂੰ ਜਲਦ ਤੋਂ ਜਲਦ ਕਾਰਜਸ਼ੀਲ ਬਣਾਇਆ ਜਾ ਸਕੇ ਅਤੇ ਮੁੜ-ਵਸੇਬਾ ਦੀ ਮੰਗ ਕਰਨ ਵਾਲਿਆਂ ਨੂੰ ਇਲਾਜ ਮੁਹੱਈਆ ਕਰਵਾਇਆ ਜਾ ਸਕੇ । ਨਵੇਂ ਬਣ ਰਹੇ 12 ਆਮ ਆਦਮੀ ਕਲੀਨਿਕਾਂ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਲਾਪਰਵਾਹੀ ਜਾਂ ਦੇਰੀ ਨਹੀਂ ਹੋਣੀ ਚਾਹੀਦੀ, ਕਿਉਂਕਿ ਮਿਆਰੀ ਮੁਢਲੀਆਂ ਸਿਹਤ ਸੰਭਾਲ ਸਹੂਲਤਾਂ ਦਾ ਵਿਸਥਾਰ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 27 ਆਮ ਆਦਮੀ ਕਲੀਨਿਕ ਪਹਿਲਾਂ ਹੀ ਸਫਲਤਾਪੂਰਵਕ ਚੱਲ ਰਹੇ ਹਨ, ਜੋ ਹਜ਼ਾਰਾਂ ਮਰੀਜ਼ਾਂ ਨੂੰ ਡਾਕਟਰੀ ਸਲਾਹ, ਟੈਸਟ ਅਤੇ ਦਵਾਈਆਂ ਸਮੇਤ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ । ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 12 ਨਵੇਂ ਕਲੀਨਿਕਾਂ ਦੇ ਜੁੜਨ ਨਾਲ ਜ਼ਿਲ੍ਹੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨਿਵਾਸੀਆਂ ਲਈ ਕਿਫ਼ਾਇਤੀ ਸਿਹਤ ਸੰਭਾਲ ਤੱਕ ਪਹੁੰਚ ਵਿੱਚ ਸੁਧਾਰ ਹੋਵੇਗਾ । ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਅੰਨੂ ਸ਼ਰਮਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਉਨਾਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ਜਾਂ 9888219247 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।