ਹਾਈਵੇਅ ’ਤੇ ਪਾਰਕਿੰਗ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾਵੇ : ਡੀਸੀ ਡਿਪਟੀ ਕਮਿਸ਼ਰ ਵੱਲੋਂ ਐਨ.ਐਚ.ਏ.ਆਈ. ਨੂੰ ਹਾਈਵੇਅ ’ਤੇ ਭਾਰੀ ਵਾਹਨਾਂ ਦੀ ਨਾਜਾਇਜ਼ ਪਾਰਕਿੰਗ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼
Publish Date: Thu, 26 Nov 2026 07:05 PM (IST)
Updated Date: Thu, 26 Nov 2026 07:07 PM (IST)
--ਪੁਲਿਸ ਤੇ ਟਰਾਂਸਪੋਰਟ ਵਿਭਾਗ ਨਾਲ ਸਾਂਝੀਆਂ ਪੈਟਰੋਲਿੰਗ ਟੀਮਾਂ ਬਣਾਉਣ ਦੇ ਹੁਕਮ --ਨਾਜਾਇਜ਼ ਕਬਜ਼ੇ ਹਟਾਉਣ, ਸੜਕਾਂ ਦੇ ਟੋਏ ਭਰਨ ਤੇ ਹਾਦਸਿਆਂ ਵਾਲੇ ਬਲੈਕ ਸਪਾਟਾਂ ਨੂੰ ਠੀਕ ਕਰਨ ’ਤੇ ਦਿੱਤਾ ਜ਼ੋਰ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਜ਼ਿਲ੍ਹੇ ਵਿੱਚੋਂ ਲੰਘਦੇ ਕੌਮੀ ਮਾਰਗਾਂ ’ਤੇ ਭਾਰੀ ਵਪਾਰਕ ਵਾਹਨਾਂ ਦੀ ਨਾਜਾਇਜ਼ ਪਾਰਕਿੰਗ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਸੜਕ ਹਾਦਸਿਆਂ ਨੂੰ ਰੋਕਣ ਦੇ ਨਾਲ-ਨਾਲ ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੇਤਰੀ ਟਰਾਂਸਪੋਰਟ ਅਫ਼ਸਰ ਹਰਕਰਮ ਸਿੰਘ ਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਿਹਾ ਕਿ ਕੌਮੀ ਮਾਰਗਾਂ ’ਤੇ ਭਾਰੀ ਵਪਾਰਕ ਵਾਹਨਾਂ ਦੀ ਨਾਜਾਇਜ਼ ਪਾਰਕਿੰਗ ਸੜਕ ਹਾਦਸਿਆਂ ਦਾ ਇੱਕ ਵੱਡਾ ਕਾਰਨ ਬਣ ਰਹੀ ਹੈ, ਜਿਸ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਧੁੰਦ ਦਾ ਮੌਸਮ ਨੇੜੇ ਹੋਣ ਕਾਰਨ ਸੜਕਾਂ ਕਿਨਾਰੇ ਖੜ੍ਹੇ ਅਜਿਹੇ ਵਾਹਨ ਘੱਟ ਦ੍ਰਿਸ਼ਟੀ ਕਾਰਨ ਰਾਹਗੀਰਾਂ ਲਈ ਹੋਰ ਵੀ ਵੱਡਾ ਖ਼ਤਰਾ ਬਣ ਸਕਦੇ ਹਨ। ਉਨ੍ਹਾਂ ਐੱਨਐੱਚਏਆਈ ਦੇ ਅਧਿਕਾਰੀਆਂ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ, ਚਲਾਨ ਕੱਟਣ ਤੇ ਨਾਜਾਇਜ਼ ਤੌਰ ’ਤੇ ਖੜ੍ਹੇ ਵਾਹਨਾਂ ਨੂੰ ਹਟਾਉਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅਜਿਹੀਆਂ ਉਲੰਘਣਾਵਾਂ ਬਾਰੇ ਸਥਾਨਕ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਤੇ ਮੁੜ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਂਝੀਆਂ ਪੈਟਰੋਲਿੰਗ ਟੀਮਾਂ ਗਠਿਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਐੱਨਐੱਚਏਆਈ ਨੂੰ ਕੌਮੀ ਮਾਰਗਾਂ ਦੇ ਨਾਲ ਲੱਗਦੇ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਦੀ ਹਦਾਇਤ ਵੀ ਕੀਤੀ, ਜਿਨ੍ਹਾਂ ਵਿੱਚ ਰੇਹੜੀ-ਫੜ੍ਹੀ ਵਾਲਿਆਂ ਤੇ ਹੋਰ ਗੈਰ-ਕਾਨੂੰਨੀ ਕਾਬਜ਼ਕਾਰਾਂ ਵੱਲੋਂ ਕੀਤੇ ਕਬਜ਼ੇ ਸ਼ਾਮਲ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸਾਰੀਆਂ ਸਟਰੀਟ ਲਾਈਟਾਂ ਚਾਲੂ ਹਾਲਤ ਵਿੱਚ ਹੋਣੀਆਂ ਚਾਹੀਦੀਆਂ ਹਨ ਤੇ ਕੋਈ ਵੀ ਥਾਂ ਹਨੇਰੇ ਵਿੱਚ ਨਹੀਂ ਰਹਿਣੀ ਚਾਹੀਦੀ। ਇਸ ਤੋਂ ਇਲਾਵਾ ਉਨ੍ਹਾਂ ਆਵਾਜਾਈ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਉਣ ਲਈ ਸੜਕਾਂ ’ਤੇ ਪਏ ਟੋਇਆਂ ਦੀ ਸਮੇਂ ਸਿਰ ਮੁਰੰਮਤ ਕਰਨ ਦੇ ਵੀ ਹੁਕਮ ਦਿੱਤੇ। ਸੜਕ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਐੱਨਐੱਚਏਆਈ ਨੂੰ ਢੁਕਵੀਆਂ ਥਾਵਾਂ ’ਤੇ ਓਵਰਹੈੱਡ ਗੈਂਟਰੀਆਂ ਲਗਾਉਣ ਲਈ ਕਿਹਾ, ਤਾਂ ਜੋ ਰਾਹਗੀਰਾਂ ਨੂੰ ਜ਼ਿਲ੍ਹੇ ਦੀਆਂ ਹੱਦਾਂ ਬਾਰੇ ਜਾਣਕਾਰੀ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸੜਕ ਹਾਦਸਿਆਂ ਵਾਲੇ ਸਾਰੇ ਚਿੰਨ੍ਹਿਤ ਬਲੈਕ ਸਪਾਟਾਂ ਨੂੰ ਠੀਕ ਕਰਨ ਤੇ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਬੇਸਿਕ ਲਾਈਫ ਸਪੋਰਟ ਐਂਬੂਲੈਂਸਾਂ ਦੀ ਢੁਕਵੀਂ ਤਾਇਨਾਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੇ ਟਰੈਫਿਕ ਪੁਲਿਸ ਨੂੰ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕਰਨ ਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਲਈ ਵੀ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ ਤੇ ਸਾਰੀਆਂ ਸਕੂਲੀ ਬੱਸਾਂ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਨੂੰ ਉਨ੍ਹਾਂ ਨੇਕ ਸੱਜਣਾਂ ਦੀ ਪਛਾਣ ਕਰਨ ਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ, ਜਿਨ੍ਹਾਂ ਨੇ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਹਸਪਤਾਲ ਪਹੁੰਚਾ ਕੇ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਵਿਅਕਤੀਆਂ ਦੇ ਮਨੁੱਖਤਾ ਪ੍ਰਤੀ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਤਾਂ ਜੋ ਹੋਰ ਲੋਕ ਵੀ ਬਿਨਾਂ ਕਿਸੇ ਝਿਜਕ ਦੇ ਹਾਦਸਾ ਪੀੜਤਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਪੀਐੱਮ-ਰਾਹਤ, ਰਾਹ-ਵੀਰ ਤੇ ਫਰਿਸ਼ਤੇ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਤੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਵੱਧ ਤੋਂ ਵੱਧ ਲੋਕ, ਖ਼ਾਸ ਕਰਕੇ ਸੜਕ ਹਾਦਸਿਆਂ ਦੇ ਪੀੜਤ, ਇਨ੍ਹਾਂ ਦਾ ਲਾਭ ਲੈ ਸਕਣ। ਉਨ੍ਹਾਂ ਹਾਦਸਾ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣ, ਨੇਕ ਸੱਜਣਾਂ ਨੂੰ ਮਦਦ ਲਈ ਅੱਗੇ ਆਉਣ ਵਾਸਤੇ ਉਤਸ਼ਾਹਿਤ ਕਰਨ ਤੇ ਯੋਗ ਪੀੜਤਾਂ ਦਾ ਨਕਦੀ ਰਹਿਤ ਇਲਾਜ ਯਕੀਨੀ ਬਣਾਉਣ ਲਈ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ’ਤੇ ਵੀ ਜ਼ੋਰ ਦਿੱਤਾ।