ਨਵੇਂ ਰਾਸ਼ਨ ਕਾਰਡ ਦੀ ਵੈਰੀਫਿਕੇਸ਼ਨ ਤੇਜ਼ੀ ਨਾਲ ਕੀਤੀ ਜਾਵੇ : ਡੀਸੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਰਾਸ਼ਨ ਕਾਰਡ ਅਰਜ਼ੀਆਂ ਦੀ ਵੈਰੀਫਿਕੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
Publish Date: Fri, 18 Sep 2026 08:55 PM (IST)
Updated Date: Fri, 18 Sep 2026 08:56 PM (IST)
ਕਪੂਰਥਲਾ ਜ਼ਿਲ੍ਹੇ ’ਚ 50,693 ਤੋਂ ਵੱਧ ਅਰਜ਼ੀਆਂ ਪ੍ਰਾਪਤ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੂੰ ਨਵੇਂ ਰਾਸ਼ਨ ਕਾਰਡਾਂ ਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਵੈਰੀਫਿਕੇਸ਼ਨ (ਪੜਤਾਲ) ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਤਹਿਤ ਪੰਜਾਬ ਸਰਕਾਰ ਵੱਲੋਂ 22 ਜੁਲਾਈ ਤੋਂ 11 ਅਗਸਤ 2026 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਨਿਰਧਾਰਤ ਸਮੇਂ ਦੌਰਾਨ ਕਪੂਰਥਲਾ ਜ਼ਿਲ੍ਹੇ ਵਿੱਚ ਕੁੱਲ 50,693 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਜ਼ਿਲ੍ਹਾ ਪ੍ਰਸ਼ਾਸਨ ਨੇ ਅਰਜ਼ੀਆਂ ਦੀ ਘਰ-ਘਰ ਜਾ ਕੇ ਪੜਤਾਲ ਕਰਨ ਲਈ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਯੋਗ ਲਾਭਪਾਤਰੀਆਂ ਨੂੰ ਜਨਤਕ ਵੰਡ ਪ੍ਰਣਾਲੀ (ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ) ਅਧੀਨ ਕਵਰ ਕੀਤਾ ਜਾਵੇ ਤੇ ਉਨ੍ਹਾਂ ਨੂੰ ਬਣਦੇ ਲਾਭ ਮਿਲ ਸਕਣ।