- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ - ਨਰੋਏ ਸਮਾਜ ਦੀ ਸਿਰਜਣਾ ਲਈ ਹੋਰ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ

-- -ਨਰੋਏ ਸਮਾਜ ਦੀ ਸਿਰਜਣਾ ਲਈ ਤਨਦੇਹੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ
--ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਦਾ ਕੀਤਾ ਸਨਮਾਨ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਗਣਤੰਤਰ ਦਿਵਸ ਮੌਕੇ ਨਰੋਏ ਸਮਾਜ ਦੀ ਸਿਰਜਣਾ ਲਈ ਸਭ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੌਮੀ ਤਿਉਹਾਰ ਮੌਕੇ ਇਹੀ ਸਾਡੇ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ ਹੋਵੇਗੀ। ਅੱਜ ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਤਿਰੰਗਾ ਲਹਿਰਾਉਣ ਮਗਰੋਂ ਸੰਬੋਧਨ ਕਰਦਿਆਂ ਪੰਚਾਲ ਨੇ ਗਣਤੰਤਰ ਦਿਵਸ ਮੌਕੇ ਜਿਥੇ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦੀ ਅਗਵਾਈ ਨੂੰ ਯਾਦ ਕੀਤਾ ਉਥੇ ਹੀ ਦੇਸ਼ ਦੀ ਅਜ਼ਾਦੀ ਦੀ ਲੜਾਈ ਤੇ ਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਦੇ ਯੋਗਦਾਨ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ “ਮੇਰੇ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਮੈਨੂੰ ਗਣਤੰਤਰ ਦਿਵਸ ਮੌਕੇ ਉਸ ਧਰਤੀ ਉੱਪਰ ਤਿਰੰਗਾ ਲਹਿਰਾਉਣ ਦਾ ਸੁਭਾਗ ਮਿਲਿਆ ਹੈ, ਜਿਸ ਥਾਂ ਉੱਪਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੂਲ ਮੰਤਰ ਦਾ ਉਚਾਰਨ ਕਰਕੇ ਕੁੱਲ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ”। ਉਨ੍ਹਾਂ ਕਿਹਾ ਕਿ ਅੱਜ ਦੇ ਹੀ ਦਿਨ ਸਾਡੇ ਦੇਸ਼ ਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ ਤੇ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਸੰਜੋਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੋਇਆ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਫਰਜ਼ਾਂ ’ਤੇ ਪਹਿਰਾ ਦੇਣ ਲਈ ਵੀ ਪ੍ਰੇਰਦਾ ਹੈ। ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਲੋਕਾਂ ਦੀ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਲੜੇ ਗਏ ਲੰਬੇ ਸੰਘਰਸ਼ ਵਿਚ ਮੋਹਰੀ ਭੂਮਿਕਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਆਜ਼ਾਦੀ ਦੇ ਅਨੇਕਾਂ ਪਰਵਾਨਿਆਂ ਨੇ ਸ਼ਹੀਦੀ ਦਾ ਜਾਮ ਪੀ ਕੇ ਦੇਸ਼ ਨੂੰ ਬਰਤਾਨਵੀ ਰਾਜ ਤੋਂ ਮੁਕਤ ਕਰਵਾਉਣ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਖਾਤਰ ਪੰਜਾਬੀਆਂ ਨੇ ਕਾਲੇ ਪਾਣੀ ਵਰਗੀਆਂ ਸਖਤ ਸਜਾਵਾਂ ਵੀ ਹੱਸ ਕੇ ਕੱਟੀਆਂ ਅਤੇ ਮੈਨੂੰ ਇਹ ਗੱਲ ਕਹਿੰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸੰਘਰਸ਼ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ ਅੰਦੋਲਨ ਵਿਚ ਅਣਗਿਣਤ ਲਹਿਰਾਂ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ ਅਤੇ ਲਾਲਾ ਹਰਦਿਆਲ ਵਰਗੇ ਸੂਰਮਿਆਂ ਨੂੰ ਪੈਦਾ ਕੀਤਾ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਬਾਰੇ ਬੋਲਦਿਆਂ ਪੰਚਾਲ ਨੇ ਕਿਹਾ ਕਿ ਸੂਬੇ ਵਿਚ ਸਿਹਤ , ਸਿੱਖਿਆ , ਨਸ਼ਿਆਂ ਵਿਰੁੱਧ ਜੰਗ ਖੇਤਰਾਂ ਵਿਚ ਵੱਡੇ ਕਦਮ ਚੁੱਕੇ ਗਏ ਹਨ। ਨਸ਼ੇ ਦੀ ਸਪਲਾਈ ਦਾ ਲੱਕ ਤੋੜਨ ਦੇ ਨਾਲ ਨਾਲ ਪੀੜਤਾਂ ਦੇ ਮੁੜ ਵਸੇਬੇ ਲਈ ਯਤਨ ਜੰਗੀ ਪੱਧਰ ‘ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਗਵਾੜਾ ਤੋਂ ਹੀ ‘ਯੁੱਧ ਨਸ਼ਿਆਂ ਵਿਰੁੱਧ ਪਾਰਟ 2’ ਪਿੰਡਾਂ ਦੇ ਪਹਿਰੇਦਾਰ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਪੰਜਾਬ ਸਰਕਾਰ ਆਉਣ ਵਾਲੀਆਂ ਪੀੜੀਆਂ ਨੂੰ ਇਸ ਵਿਰਾਸਤ ਤੋਂ ਜਾਣੂੰ ਕਰਵਾਈ ਲਈ ਵਚਨਬੱਧ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਸ਼ਵ ਪੱਧਰੀ ਸਮਾਗਮ ਕਰਵਾਏ ਗਏ। ਇਸ ਤੋਂ ਪਹਿਲਾਂ ਅਮਿਤ ਕੁਮਾਰ ਪੰਚਾਲ ਨੇ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਤੇ ਡੀਐੱਸਪੀ ਡਾ. ਸ਼ੀਤਲ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਨਾਲ ਐੱਸਐੱਸਪੀ ਗੌਰਵ ਤੂਰਾ ਵੀ ਸਨ।
ਡਿਪਟੀ ਕਮਿਸ਼ਨਰ ਵੱਲੋਂ ਵੀਰ ਨਾਰੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਸ਼ਹੀਦਾਂ ਦੇ ਆਸ਼ਰਿਤਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਚੇਅਰਮੈਨ ਦੀਪਕ ਸ਼ਾਹ, ਆਪ ਦੇ ਸੀਨੀਅਰ ਆਗੂ ਕੰਵਰ ਇਕਬਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਇੰਦਰਜੀਤ ਸਿੰਘ ਜੁਗਨੂੰ, ਚੇਅਰਮੈਨ ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ ਤੇ ਹੋਰ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ।